07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ : ਸਿੱਧੂ / ਵੇਰਕਾ

ਐੱਸ. ਏ.

ਅਜੀਤ ਡੈਸਕ 07-09-2026
ਐੱਸ.ਏ.ਐੱਸ. ਨਗਰ, 6 ਸਤੰਬਰ (ਪ੍ਰੋ. ਅਵਤਾਰ ਸਿੰਘ)-ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਨੇ ਮੁਹਾਲੀ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਦੌਰਾਨ ਭਾਜਪਾ ਦੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਲੋਕਾਂ ਦੇ ਅਸਲ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਲੋਕਾਂ ਦੀ ਆਵਾਜ਼ ਨੂੰ ਦਬਾਉਣ ਅਤੇ ਸਿਆਸੀ ਧਰੁਵੀਕਰਨ ਦੀ ਰਾਜਨੀਤੀ ਨੂੰ ਹਵਾ ਦੇ ਰਹੀਆਂ ਹਨ। ਇਸ ਮੌਕੇ ਡਾ. ਵੇਰਕਾ ਨੇ ਹਲਦਵਾਨੀ ਵਿਖੇ ਮਲਿਕਅਰਜੁਨ ਖੜਗੇ ਦੇ ਸਮਾਗਮ ਤੋਂ ਬਾਅਦ ਵਾਪਰੀ ‘ਸ਼ੁੱਧੀਕਰਨ’ ਦੀ ਘਟਨਾ ਨੂੰ ਅਤਿ-ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਇਹ ਘਟਨਾ ਦੇਸ਼ ਦੀਆਂ ਲੋਕਤਾਂਤਰਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਮਲਿਕਅਰਜੁਨ ਖੜਗੇ ਨਾਲ ਜਾਤੀ ਦੇ ਆਧਾਰ ‘ਤੇ ਅਜਿਹਾ ਵਿਵਹਾਰ ਕੀਤੇ ਜਾਣ ਦੇ ਬਾਵਜੂਦ ਭਾਜਪਾ ਸਰਕਾਰ ਵਲੋਂ ਦੋਸ਼ੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਹਲਦਵਾਨੀ ਦੀ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਆਪਣੀ ਸਥਿਤੀ ਸਪੱਸ਼ਟ ਕਰੇ। ਉਨ੍ਹਾਂ ਕਿਹਾ ਕਿ ਉੱਤਰਾਖੰਡ ਭਾਜਪਾ ਦੇ ਪ੍ਰਧਾਨ ਮਹਿੰਦਰ ਭੱਟ ਵਲੋਂ ਇਸ ਘਟਨਾ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਹੋਰ ਵੀ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਨੂੰ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿੰਮੇਵਾਰ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਡਾ. ਵੇਰਕਾ ਨੇ ਅੱਗੇ ਕਿਹਾ ਕਿ ਭਾਜਪਾ ਜਿਸ ਤਰ੍ਹਾਂ ਦੀ ਵੰਡਵਾਦੀ ਅਤੇ ਧਰੁਵੀਕਰਨ ਦੀ ਰਾਜਨੀਤੀ ਕਰ ਰਹੀ ਹੈ, ਉਸੇ ਤਰਜ਼ ‘ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਲੋਕਾਂ ਦੀ ਆਵਾਜ਼ ਦਬਾਉਣ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਪਣੇ ਹੱਕਾਂ ਲਈ ਆਵਾਜ਼ ਚੁੱਕਣ ਵਾਲੇ ਕਿਸਾਨਾਂ, ਅਧਿਆਪਕਾਂ, ਸਫ਼ਾਈ ਕਰਮਚਾਰੀਆਂ ਅਤੇ ਹੋਰਨਾਂ ਵਰਗਾਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ‘ਤੇ ਤਸ਼ੱਦਦ ਕੀਤਾ ਜਾਂਦਾ ਹੈ ਅਤੇ ਝੂਠੇ ਮਾਮਲੇ ਦਰਜ ਕੀਤੇ ਜਾਂਦੇ ਹਨ। ਉਨ੍ਹਾਂ ਸੰਗਰੂਰ ਦੇ ਪਿੰਡ ਸ਼ੇਰੋਂ ਦੇ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੋ ਨੌਜਵਾਨ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ, ਉਸ ਨੂੰ ਡਰਾਉਣ-ਧਮਕਾਉਣ ਦੀ ਬਜਾਏ ਸਰਕਾਰ ਨੂੰ ਉਸ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਸਰਕਾਰ ਨੂੰ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮਹਿੰਗਾਈ, ਬੇਰੁਜ਼ਗਾਰੀ, ਨਸ਼ਾ, ਕਾਨੂੰਨ-ਵਿਵਸਥਾ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਲਗਾਤਾਰ ਗੰਭੀਰ ਹੋ ਰਹੀਆਂ ਹਨ, ਪਰ ਸਰਕਾਰ ਇਨ੍ਹਾਂ ਮੁੱਦਿਆਂ ‘ਤੇ ਕੰਮ ਕਰਨ ਦੀ ਬਜਾਏ ਸਿਆਸੀ ਪ੍ਰਚਾਰ ‘ਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਜਵਾਬ ਦੇਵੇ ਕਿ ਨਸ਼ਿਆਂ ਦੀ ਸਪਲਾਈ ‘ਤੇ ਕਾਬੂ ਪਾਉਣ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ‘ਚ ਸਰਕਾਰਾਂ ਕਿਥੇ ਨਾਕਾਮ ਰਹੀਆਂ ਹਨ। ਇਸੇ ਦੌਰਾਨ ਸਾਬਕਾ ਮੰਤਰੀ ਸਿੱਧੂ ਅਤੇ ਡਾ. ਵੇਰਕਾ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਅਤੇ ਸੰਵਿਧਾਨਕ ਅਧਿਕਾਰਾਂ ਲਈ ਆਪਣੀ ਆਵਾਜ਼ ਹੋਰ ਬੁਲੰਦ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸੂਬੇ ਭਰ ‘ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 8 ਸਤੰਬਰ ਨੂੰ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਵਿਆਪਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਤੇ ਮੈਂਬਰ ਪੀ. ਪੀ. ਸੀ. ਸੀ. ਸਵਰਨਜੀਤ ਕੌਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਟਰਸਾਈਕਲ ਤੇ ਕਾਰ ਦਰਮਿਆਨ ਵਾਪਰੇ ਸੜਕ ਹਾਦਸੇ ’ ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਅੰਡਰਪਾਥ ’ ਚੋਂ ਪਾਣੀ ਕੱਢਣ ਲਈ ਇਕ ਮੋਟਰ ਦਾ ਬੰਦੋਬਸਤ ਵੀ ਨਹੀਂ ਕਰ ਸਕਿਆ ਡੇਰਾਬੱਸੀ ਪ੍ਰਸ਼ਾਸਨ ਸੁਰੱਖਿਆ ਦੇ ਮੱਦੇਨਜ਼ਰ ਜਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।