ਐੱਸ. ਏ. ਐੱਸ. ਨਗਰ, 13 ਸਤੰਬਰ (ਪ੍ਰੋ. ਅਵਤਾਰ ਸਿੰਘ)-ਆਪਣੇ ਸੂਰਬੀਰਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਊ ਚੰਡੀਗੜ੍ਹ ਵਿਖੇ 200 ਫੁੱਟ ਚੌੜੀ ਐੱਚ.ਆਰ.-2 ਰੋਡ ਅਤੇ ਇਕ ਪਾਰਕ ਨੂੰ ਅਨੰਤਨਾਗ ’ਚ ਦੇਸ਼ ਦੀ ਰਾਖੀ ਕਰਦੇ ਸਮੇਂ ਆਪਣੇ ਜੀਵਨ ਦਾ ਬਲਿਦਾਨ ਦੇਣ ਵਾਲੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦ ਸਾਡਾ ਮਾਣ ਤੇ ਸਰਮਾਇਆ ਹਨ ਅਤੇ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਰਨਲ ਮਨਪ੍ਰੀਤ ਸਿੰਘ ਨੇ ਮਾਤ ਭੂਮੀ ਦੀ ਰੱਖਿਆ ਕਰਦਿਆਂ ਦੁਸ਼ਮਣ ਨਾਲ ਲੋਹਾ ਲੈਂਦੇ ਹੋਏ ਮਹਾਨ ਕੁਰਬਾਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦੀ ਯਾਦ ’ਚ ਸੂਬਾ ਸਰਕਾਰ ਨੇ ਮੁੱਲਾਂਪੁਰ ਚੌਕ ਤੋਂ ਟੀ-ਪੁਆਇੰਟ ਤੱਕ ਦੀ 200 ਫੁੱਟ ਚੌੜੀ ਸੜਕ ਦਾ ਨਾਂਅ ਸ਼ਹੀਦ ਦੇ ਨਾਂਅ ’ਤੇ ਰੱਖ ਕੇ ਉਨ੍ਹਾਂ ਦੀ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੈਕਟਰ 5-ਏ ਬਲਾਕ ਦੇ ਇਕ ਪਾਰਕ ਦਾ ਨਾਂਅ ’ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪਾਰਕ’ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਭੜੌਜੀਆਂ ਦੇ ਇਸ ਸਪੂਤ ਨੇ ਪੰਜਾਬ ਦਾ ਨਾਂਅ ਪੂਰੀ ਦੁਨੀਆਂ ’ਚ ਰੌਸ਼ਨ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਬਹਾਦਰੀ, ਰਹਿਨੁਮਾਈ ਅਤੇ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਦੀ ਅਦੁੱਤੀ ਬਹਾਦਰੀ ਅਤੇ ਅਜ਼ੀਮ ਕੁਰਬਾਨੀ ਨੂੰ ਮਾਨਤਾ ਦਿੰਦੇ ਹੋਏ ਭਾਰਤ ਸਰਕਾਰ ਨੇ 15 ਅਗਸਤ 2024 ਨੂੰ ਉਨ੍ਹਾਂ ਨੂੰ ਮਰਨ ਉਪਰੰਤ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸ਼ਾਂਤੀ ਸਮੇਂ ਦੇ ਬਹਾਦਰੀ ਪੁਰਸਕਾਰ ’ਕੀਰਤੀ ਚੱਕਰ’ ਨਾਲ ਸਨਮਾਨਿਤ ਕੀਤਾ ਸੀ। ਦੇਸ਼ ਲਈ ਸ਼ਹਾਦਤ ਦੇਣ ਵਾਲੇ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ’ਚ ਹਥਿਆਰਬੰਦ ਸੈਨਾਵਾਂ, ਅਰਧ-ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਦੇ ਲਾਮਿਸਾਲ ਯੋਗਦਾਨ ਨੂੰ ਸਤਿਕਾਰ ਭੇਟ ਕਰਦਿਆਂ ਸੂਬਾ ਸਰਕਾਰ ਡਿਊਟੀ ਦੌਰਾਨ ਜਵਾਨ ਦੀ ਸ਼ਹਾਦਤ ’ਤੇ ਪਰਿਵਾਰ ਨੂੰ 1 ਕਰੋੜ ਰੁ. ਦੀ ਵਿੱਤੀ ਸਹਾਇਤਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਹ ਹਥਿਆਰਬੰਦ ਸੈਨਾਵਾਂ, ਅਰਧ-ਸੈਨਿਕ ਬਲਾਂ ਅਤੇ ਪੁਲਿਸ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਨਿਮਾਣੀ ਜਿਹੀ ਪਹਿਲਕਦਮੀ ਪੀੜਤ ਪਰਿਵਾਰ ਦੀ ਮਦਦ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਪਤਨੀ ਜਗਮੀਤ ਗਰੇਵਾਲ, ਮਾਤਾ ਮਨਜੀਤ ਕੌਰ, ਪੁੱਤਰ ਕਬੀਰ ਸਿੰਘ ਅਤੇ ਧੀ ਬਾਣੀ ਕੌਰ ਸਮੇਤ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।