19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ 800 ਕਰੋੜ ਰੁਪਏ ਜਮ੍ਹਾਂ - ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 6 ਅਕਤੂਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ, ਝੋਨੇ ਦੇ ਖ਼ਰੀਦ ਸੀਜ਼ਨ 2026-27 ਨੂੰ ਨਿਰਵਿਘਨ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦਾ ਸਪਸ਼ਟ ਸਬੂਤ ਇਹ ਹੈ ਕਿ ਹੁਣ ਤੱਕ 19222 ਕਿਸਾਨਾਂ ਦੇ ਖਾਤਿਆਂ ਵਿਚ ਲਗਭਗ 800 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।
ਚੰਡੀਗੜ੍ਹ, 6 ਅਕਤੂਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ, ਝੋਨੇ ਦੇ ਖ਼ਰੀਦ ਸੀਜ਼ਨ 2026-27 ਨੂੰ ਨਿਰਵਿਘਨ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦਾ ਸਪਸ਼ਟ ਸਬੂਤ ਇਹ ਹੈ ਕਿ ਹੁਣ ਤੱਕ 19222 ਕਿਸਾਨਾਂ ਦੇ ਖਾਤਿਆਂ ਵਿਚ ਲਗਭਗ 800 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਉਹ 10 ਜ਼ਿਲ੍ਹਿਆਂ - ਗੁਰਦਾਸਪੁਰ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫ਼ਤਿਹਗੜ੍ਹ ਸਾਹਿਬ ਅਤੇ ਕਪੂਰਥਲਾ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਨਿੱਜੀ ਤੌਰ ਉੱਤੇ ਜਾਇਜ਼ਾ ਲੈ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਖ-ਵੱਖ ਮੰਡੀਆਂ ਦੇ ਦੌਰੇ ਦੌਰਾਨ ਕਿਸੇ ਵੀ ਕਿਸਾਨ ਜਾਂ ਖ਼ਰੀਦ ਸੀਜ਼ਨ ਨਾਲ ਸੰਬੰਧਿਤ ਕਿਸੇ ਵੀ ਹੋਰ ਧਿਰ ਵੱਲੋਂ ਇੱਕ ਵੀ ਸ਼ਿਕਾਇਤ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ 24 ਘੰਟਿਆਂ ਦੀ ਨਿਰਧਾਰਿਤ ਸਮਾਂ-ਸੀਮਾ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਇਹ ਯਕੀਨੀ ਬਣਾਉਣ ਲਈ ਕਿ ਬਾਹਰੀ ਰਾਜਾਂ ਤੋਂ ਕੋਈ ਝੋਨਾ ਮੰਡੀਆਂ ਵਿਚ ਨਾ ਆਵੇ, ਸਾਰੇ ਅੰਤਰ-ਰਾਜੀ ਨਾਕਿਆਂ ’ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਰਾਜ ਨੂੰ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖ਼ਰੀਦ ਦਾ ਟੀਚਾ ਦਿੱਤਾ ਗਿਆ ਹੈ, ਜਿਸ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਵਿਭਾਗ ਨੇ 5.09 ਲੱਖ ਬਾਰਦਾਨੇ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਹੈ। ਇਸ ਤੋਂ ਇਲਾਵਾ, ਅਕਤੂਬਰ ਮਹੀਨੇ ਲਈ 42,786.68 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਹੋ ਚੁੱਕੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਿਸ਼ੇਸ਼ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਡਿਪਟੀ ਡਾਇਰੈਕਟਰ ਖ਼ੁਰਾਕ (ਖ਼ਰੀਦ) ਗੀਤਾ ਬਿਸ਼ੰਭੂ, ਅਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਹਾਜ਼ਰ ਸਨ।