22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਿੰਡ ਮਟੌਰ ਦੇ ਕੁਸ਼ਤੀ ਦੰਗਲ ’ਚ ਸ਼ਿਰਕਤ ਕਰਦਿਆਂ ਸਾਬਕਾ ਮੰਤਰੀ ਸਿੱਧੂ ਨੇ ਪਹਿਲਵਾਨਾਂ ਦੀ ਕੀਤੀ ਹੌਸਲਾ ਅਫ਼ਜ਼ਾਈ

ਐੱਸ. ਏ.

ਪਿੰਡ ਮਟੌਰ ਵਿਖੇ ਕਰਵਾਏ ਗਏ ਕੁਸ਼ਤੀ ਦੰਗਲ ’ਚ ਸ਼ਿਰਕਤ ਕਰਦੇ ਹੋਏ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰ ਪਤਵੰਤੇ। ਅਜੀਤ ਤਸਵੀਰ 22-10-2026
ਐੱਸ. ਏ. ਐੱਸ. ਨਗਰ, 21 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਮਟੌਰ ਵਿਖੇ ਕਰਵਾਏ ਗਏ ਕੁਸ਼ਤੀ ਦੰਗਲ ‘ਚ ਸ਼ਿਰਕਤ ਕਰਦਿਆਂ ਪਹਿਲਵਾਨਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਰਵਾਇਤੀ ਖੇਡ ਕੁਸ਼ਤੀ ਨੂੰ ਪ੍ਰਫੁੱਲਿਤ ਕਰਨ ਲਈ 1 ਲੱਖ ਰੁ. ਦੀ ਵਿੱਤੀ ਸਹਾਇਤਾ ਵੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਅਤੇ ਰਵਾਇਤੀ ਖੇਡ ਹੈ, ਜੋ ਕਿ ਨੌਜਵਾਨਾਂ ‘ਚ ਤਾਕਤ, ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਪੈਦਾ ਕਰਦੀ ਹੈ। ਅਜਿਹੇ ਖੇਡ ਮੇਲੇ ਸਾਡੀ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪੰਜਾਬ ‘ਚ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਲੈ ਕੇ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਮਾਰ ਝੱਲ ਰਹੀ ਹੈ, ਜਦਕਿ ਸਰਕਾਰਾਂ ਇਸ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ‘ਚ ਨਾਕਾਮ ਸਾਬਿਤ ਹੋ ਰਹੀਆਂ ਹਨ। ਉਨ੍ਹਾਂ ਗੁਜਰਾਤ ਦੀ ਮੁੰਦਰਾ ਬੰਦਰਗਾਹ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਫੜ੍ਹੇ ਜਾਣ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਜਰਾਤ ‘ਚ ਵੀ ਭਾਜਪਾ ਦੀ ਸਰਕਾਰ ਹੈ ਅਤੇ ਕੇਂਦਰ ‘ਚ ਵੀ ਭਾਜਪਾ ਸੱਤਾ ‘ਚ ਹੈ, ਲਿਹਾਜ਼ਾ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਰੂਟਾਂ ਦੀ ਪਾਰਦਰਸ਼ੀ ਜਾਂਚ, ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਇਸ ਗ਼ੈਰ-ਕਾਨੂੰਨੀ ਧੰਦੇ ‘ਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟੇ ਅਤੇ ਗੁਲਜ਼ਾਰ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਨ ਵਾਲਿਆਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ਨਾਲ ਵਾਪਰ ਰਹੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਸ਼ੇਰੋਂ ਵਲੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀ ਝੰਡੀ ਦਿਖਾ ਕੇ ਨਸ਼ਿਆਂ ਦੇ ਮੁੱਦੇ ‘ਤੇ ਵਿਰੋਧ ਦਰਜ ਕਰਵਾਇਆ ਗਿਆ ਸੀ, ਪਰ ਉਸ ‘ਤੇ ਅੰਨ੍ਹਾ ਤਸ਼ੱਦਦ ਹੋਣ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਵੀ ਨਸ਼ਿਆਂ ਦਾ ਮੁੱਦਾ ਸੂਬੇ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ਼ ਇਸ਼ਤਿਹਾਰਾਂ ਅਤੇ ਬਿਆਨਾਂ ਤੱਕ ਹੀ ਸੀਮਿਤ ਨਹੀਂ ਰਹਿਣੀ ਚਾਹੀਦੀ, ਸਗੋਂ ਨਸ਼ਾ ਤਸਕਰਾਂ ਵਿਰੁੱਧ ਠੋਸ ਕਾਰਵਾਈ, ਨੌਜਵਾਨਾਂ ਦੇ ਮੁੜ ਵਸੇਬੇ ਅਤੇ ਨਸ਼ਿਆਂ ਦੀ ਸਪਲਾਈ ‘ਤੇ ਰੋਕ ਲਗਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਅੰਤ ‘ਚ ਸਾਬਕਾ ਮੰਤਰੀ ਸਿੱਧੂ ਕੁਸ਼ਤੀ ਦੰਗਲ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਦੀ ਰਵਾਇਤੀ ਖੇਡ ਨੂੰ ਸੰਭਾਲਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਸ਼ਲਾਘਾ ਦੇ ਹੱਕਦਾਰ ਹਨ।
ਪਿਛਲੀ ਖ਼ਬਰ ਕਾਨੂੰਨੀ ਦੱਸਦਿਆਂ ਨੋਟਿਸ ਕੀਤਾ ਸੀ ਜਾਰੀ ਨੋਟਿਸ ਨੂੰ ਟਿੱਚ ਜਾਣਦੇ ਹੋਏ ਕਲੋਨਾਈਜਰ ਨੇ ਪ੍ਰਾਜੈਕਟ ਦੇ ਪ੍ਰੀ - ਲਾਂਚ ਦੀ ਕ... ਅਗਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਵਿਖੇ ਗੁਰੂ ਵਿਰਜਾਨੰਦ ਦੀ ਬਰਸੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।