ਐੱਸ. ਏ. ਐੱਸ. ਨਗਰ, 6 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਤੇ ਬੰਦੀ-ਛੋੜ ਦਿਵਸ ਦੀ ਵਧਾਈ ਦਿੰਦਿਆਂ ਪ੍ਰਦੂਸ਼ਣ-ਮੁਕਤ ਤੇ ਹਰੀ-ਭਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਵਾਤਾਵਰਨ ’ਚ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ, ਉਸ ਨੂੰ ਵੇਖਦਿਆਂ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਨਾਲ ਜਿੱਥੇ ਆਬੋ-ਹਵਾ ਵਿਗੜਦੀ ਹੈ, ਉਥੇ ਪਟਾਕੇ ਚਲਾਉਣਾ ਜੋਖ਼ਮ ਭਰਿਆ ਅਮਲ ਵੀ ਹੈ ਤੇ ਨਾਲ ਹੀ ਇਹ ਮਨੁੱਖੀ ਸਿਹਤ ਲਈ ਵੀ ਨੁਕਸਾਨਦਾਇਕ ਹੋ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਹਰ ਸਮੇਂ ਖੁੱਲ੍ਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸੁਰੱਖਿਅਤ ਅਤੇ ਵਾਤਾਵਰਨ ਹਿਤੈਸ਼ੀ ਦੀਵਾਲੀ ਪ੍ਰਤੀ ਵਚਨਬੱਧ ਹੈ। ਦੀਵਾਲੀ ਵਾਲੇ ਦਿਨ ਅਤੇ ਰਾਤ ਸਮੇਂ ਜ਼ਿਲ੍ਹੇ ਦੀਆਂ ਸਾਰੀਆਂ ਵੱਡੀਆਂ ਸਿਹਤ ਸੰਸਥਾਵਾਂ ਜਿਵੇਂ ਜ਼ਿਲ੍ਹਾ ਹਸਪਤਾਲ ਮੁਹਾਲੀ, ਖਰੜ, ਕੁਰਾਲੀ, ਘੜੂੰਆਂ, ਡੇਰਾਬੱਸੀ, ਢਕੋਲੀ, ਲਾਲੜੂ, ਬਨੂੰੜ, ਬੂਥਗੜ੍ਹ ਆਦਿ ਵਿਚ ਜਿੱਥੇ ਐਮਰਜੈਂਸੀ ਸੇਵਾਵਾਂ ਆਮ ਵਾਂਗ ਚਾਲੂ ਰਹਿਣਗੀਆਂ, ਉਥੇ ਡਾਕਟਰਾਂ ਅਤੇ ਹੋਰ ਸਟਾਫ਼ ਦੀਆਂ ਵਿਸ਼ੇਸ਼-ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਕਿ ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਦੀਵਾਲੀ ਆਪਸੀ ਪ੍ਰੇਮ, ਖ਼ੁਸ਼ੀ ਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ, ਇਸ ਲਈ ਸਾਰਿਆਂ ਨੂੰ ਇਹ ਤਿਉਹਾਰ ਇਸੇ ਭਾਵਨਾ ਨਾਲ ਮਿਲ-ਜੁਲ ਕੇ ਮਨਾਉਣਾ ਚਾਹੀਦਾ ਹੈ ਤੇ ਨਾਲ ਹੀ ਅਪਣੀ ਸਿਹਤ ਅਤੇ ਵਾਤਾਵਰਨ ਦਾ ਵੀ ਖ਼ਿਆਲ ਰੱਖਣਾ ਜ਼ਰੂਰੀ ਹੈ। 06 ਐਮਓਐਚ08