20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਰਿਆਤ - ਬਾਹਰਾ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਆਨਲਾਈਨ ਸ਼ੁਰੂ ਹੋਣ ਵਾਲੇ ਮੁਕਾਬਲੇ ’ ਚ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ

ਐੱਸ. ਏ.

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ‘ਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ। ਅਜੀਤ ਤਸਵੀਰ 21-11-2026
ਐੱਸ. ਏ. ਐੱਸ. ਨਗਰ, 20 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਦੀ ਵਿਲੱਖਣ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ‘ਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਇਸ ਨੂੰ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰਨ, ਗਿਆਨ ‘ਚ ਵਾਧਾ ਕਰਨ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ‘ਚ ਮਦਦਗਾਰ ਸਾਬਿਤ ਹੋਣ ਵਾਲਾ ਨਵੀਨਤਮ ਮੰਚ ਕਰਾਰ ਦਿੱਤਾ। ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਪਹਿਲਕਦਮੀ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਸਿੱਖਿਆ, ਗਿਆਨ ਅਤੇ ਉਸਾਰੂ ਮੁਕਾਬਲੇਬਾਜ਼ੀ ਵੱਲ ਸੇਧਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਾਂਸਟੇਬਲ, ਪਟਵਾਰੀ ਅਤੇ ਪੀ. ਸੀ. ਐੱਸ. ਵਰਗੀਆਂ ਭਰਤੀ ਪ੍ਰੀਖਿਆਵਾਂ ਦੇ ਪੈਟਰਨ ਅਨੁਸਾਰ ਤਿਆਰ ਕੀਤੇ ਗਏ ਪ੍ਰਸ਼ਨ ਨੌਜਵਾਨਾਂ ਨੂੰ ਭਵਿੱਖ ਦੀਆਂ ਸਰਕਾਰੀ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਮਜ਼ਬੂਤ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮੌਕੇ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਇਸ ਮੁਕਾਬਲੇ ਦੇ ਆਨਲਾਈਨ ਪੜਾਅ 21 ਨਵੰਬਰ ਤੋਂ ਸ਼ੁਰੂ ਹੋਣਗੇ। ਉਨ੍ਹਾਂ ਦੱਸਿਆ ਕਿ 11 ਪੜਾਵਾਂ ਵਾਲੇ ਇਸ ਮੁਕਾਬਲੇ ‘ਚ ਪੰਜਾਬ ਦੇ 15 ਤੋਂ 30 ਸਾਲ ਦੇ ਨੌਜਵਾਨ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ 9 ਪੜਾਅ ਆਨਲਾਈਨ ਕਰਵਾਏ ਜਾਣਗੇ, ਜਦਕਿ ਇਸ ਤੋਂ ਬਾਅਦ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ‘ਚ ਜ਼ਿਲ੍ਹਾ ਪੱਧਰੀ ਮੁਕਾਬਲੇ ਅਤੇ ਅੰਤ ‘ਚ ਸੂਬਾ ਪੱਧਰੀ ਫਾਈਨਲ ਕਰਵਾਇਆ ਜਾਵੇਗਾ। ਇਨਾਮਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਸੂਬਾ ਪੱਧਰੀ ਜੇਤੂ ਨੂੰ 1 ਕਰੋੜ ਰੁ. ਦਾ ਇਨਾਮ ਦਿੱਤਾ ਜਾਵੇਗਾ, ਜਦਕਿ ਚਾਰ ਉਪ ਜੇਤੂਆਂ ਨੂੰ 10-10 ਲੱਖ ਰੁ. ਅਤੇ ਲੀਡਰਬੋਰਡ ‘ਚ ਸਥਾਨ ਹਾਸਿਲ ਕਰਨ ਵਾਲੇ ਅੱਠ ਹੋਰਨਾਂ ਭਾਗੀਦਾਰਾਂ ਨੂੰ 5-5 ਲੱਖ ਰੁ. ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੁਕਾਬਲੇ ਦੇ ਵੱਖ-ਵੱਖ ਪੜਾਵਾਂ ਦੌਰਾਨ ਕੁੱਲ 10 ਹਜ਼ਾਰ ਭਾਗੀਦਾਰਾਂ ਨੂੰ ਇਨਾਮ ਦਿੱਤੇ ਜਾਣਗੇ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਉਪ ਕੁਲਪਤੀ ਸੰਜੇ ਕੁਮਾਰ, ਆਲਫ਼ਾ ਸਕੂਲ ਦੀ ਡਾਇਰੈਕਟਰ ਪੂਜਾ ਸ਼ਰਮਾ ਅਤੇ ਏ. ਐੱਸ. ਏ. ਪੀ. ਦੇ ਆਗੂ ਹਰਮਨਪ੍ਰੀਤ ਸਿੰਘ ਖੋਖਰ, ਰਮਨਪ੍ਰੀਤ ਸਿੰਘ ਟਿੰਕਾ ਅਤੇ ਪ੍ਰਭਨੂਰ ਸਿੰਘ ਬੇਦੀ ਨੇ ਵੀ ਵਿਦਿਆਰਥੀਆਂ ਨੂੰ ਇਸ ਮੁਕਾਬਲੇ ‘ਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਚੰਡੀਗਡ਼੍ਹ ਨਗਰ ਨਿਗਮ ਦੀਆਂ ਚੋਣਾਂ ਲਈ 26 ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅਗਲੀ ਖ਼ਬਰ ਤੀਰਥ ਯਾਤਰੀ ਸਭਾ ਦੀ ਮੀਟਿੰਗ ਦੌਰਾਨ ਗੋਲਡੀ ਨੇ ਸ਼ਰਧਾਲੂਆਂ ਨਾਲ ਰਚਾਇਆ ਸੰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।