ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਆਰੀਅਨ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਮੋਬਾਈਲ ਫ਼ੋਨ ਫੋਰੈਂਸਿਕ ਜਾਂਚ ਲਈ ਭੇਜਿਆ
ਪੋਸਟਮਾਰਟਮ ਤੋਂ ਬਾਅਦ ਪਰਿਵਾਰ ਹਵਾਲੇ ਕੀਤੀ ਮ੍ਰਿਤਕ ਦੇਹ , ਆਖ਼ਰੀ ਫ਼ੋਨ ਕਾਲ ਤੇ ਹੋਰ ਵੇਰਵਿਆਂ ਦੀ ਜਾਂਚ ਕਰੇਗੀ ਪੁਲਿਸ
ਚੰਡੀਗੜ੍ਹ, 27 ਨਵੰਬਰ (ਕਪਿਲ ਵਧਵਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਹੋਸਟਲ ਨੰਬਰ-5 ਵਿਚ ਬੀ. ਟੈਕ ਪਹਿਲੇ ਸਾਲ ਦੇ ਵਿਦਿਆਰਥੀ ਆਰੀਅਨ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੇ ਸ਼ੁੱਕਰਵਾਰ ਨੂੰ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ।
ਚੰਡੀਗੜ੍ਹ, 27 ਨਵੰਬਰ (ਕਪਿਲ ਵਧਵਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਹੋਸਟਲ ਨੰਬਰ-5 ਵਿਚ ਬੀ. ਟੈਕ ਪਹਿਲੇ ਸਾਲ ਦੇ ਵਿਦਿਆਰਥੀ ਆਰੀਅਨ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੇ ਸ਼ੁੱਕਰਵਾਰ ਨੂੰ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ। ਪੁਲਿਸ ਨੇ ਜਾਂਚ ਦੇ ਹਿੱਸੇ ਵਜੋਂ ਮ੍ਰਿਤਕ ਦਾ ਮੋਬਾਈਲ ਫੋਨ ਵੀ ਆਪਣੇ ਕਬਜ਼ੇ ਵਿਚ ਲੈ ਕੇ ਸਾਈਬਰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ। ਪੁਲਿਸ ਵਲੋਂ ਮੋਬਾਈਲ ਫੋਨ ਵਿਚ ਮੌਜੂਦ ਕਾਲ ਰਿਕਾਰਡ ਤੇ ਹੋਰ ਡਿਜੀਟਲ ਜਾਣਕਾਰੀ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਆਰੀਅਨ ਦੀ ਲਾਸ਼ ਮੁੰਡਿਆਂ ਦੇ ਹੋਸਟਲ ਨੰਬਰ-5 ਵਿਖੇ ਦੂਸਰੀ ਮੰਜਿਲ ਤੇ ਉਸ ਦੇ ਕਮਰੇ ਵਿਚ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ ਸੀ। ਉਹ ਜੰਮੂ ਦਾ ਰਹਿਣ ਵਾਲਾ ਸੀ ਅਤੇ ਬੀ. ਟੈਕ ਦੇ ਪਹਿਲੇ ਸਾਲ ਦੀ ਪੜ੍ਹਾਈ ਕਰ ਰਿਹਾ ਸੀ। ਦੁਪਹਿਰ ਸਮੇਂ ਜਦੋਂ ਉਸ ਦਾ ਰੂਮਮੇਟ ਵਾਪਸ ਕਮਰੇ ਵਿਚ ਆਇਆ ਤਾਂ ਦਰਵਾਜ਼ਾ ਖੜਕਾਉਣ ਦੇ ਬਾਵਜੂਦ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਅਤੇ ਪੁਲਿਸ ਦੀ ਮੌਜੂਦਗੀ ਵਿਚ ਦਰਵਾਜ਼ਾ ਖੋਲ੍ਹਿਆ ਗਿਆ। ਆਰੀਅਨ ਨੂੰ ਹਸਪਤਾਲ ਲਿਜਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।ਵਿਦਿਆਰਥੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਰੀਅਨ ਨੂੰ ਲਿਖਣ ਤੇ ਸ਼ਾਇਰੀ ਕਰਨ ਦਾ ਸ਼ੌਕ ਸੀ। ਉਸ ਨੇ ਆਪਣੀਆਂ ਰਚਨਾਵਾਂ ਦੀ ਇਕ ਕਿਤਾਬ ਵੀ ਪ੍ਰਕਾਸ਼ਿਤ ਕਰਵਾਈ ਹੋਈ ਸੀ। ਓਧਰ ਇਸ ਮਾਮਲੇ ਵਿਚ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਵਿਦਿਆਰਥੀ ਦੀ ਮੌਤ ਸੰਬੰਧੀ ਕੋਈ ਵਿਸਥਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਪ੍ਰਸ਼ਾਸਨ ਵਲੋਂ ਇਸ ਮਾਮਲੇ ਬਾਰੇ ਗੱਲ ਕਰਨ ਤੋਂ ਵੀ ਗੁਰੇਜ਼ ਕੀਤਾ ਜਾ ਰਿਹਾ ਹੈ। ਅਗਸਤ ਵਿਚ ਵੀ ਹੋਸਟਲ ਵਿਚ ਵਿਦਿਆਰਥੀ ਦੀ ਹੋਈ ਸੀ ਮੌਤ ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵਿਚ ਇਸੇ ਸਾਲ ਅਗਸਤ ਮਹੀਨੇ ਦੌਰਾਨ ਵੀ ਇਕ ਵਿਦਿਆਰਥੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ। 29 ਅਗਸਤ ਦੀ ਸ਼ਾਮ ਨੂੰ ਹੋਸਟਲ ਨੰਬਰ-4 ਵਿਚੋਂ 22 ਸਾਲਾ ਚੈਤਨਿਆ ਸਿੰਘ ਦੀ ਗੰਭੀਰ ਹਾਲਤ ਵਿਚ ਮਿਲਣ ਤੋਂ ਬਾਅਦ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ। ਉਹ ਹਰਿਆਣਾ ਦੇ ਪਾਣੀਪਤ ਦਾ ਰਹਿਣ ਵਾਲਾ ਸੀ ਅਤੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਵਿਚ ਬੀ. ਕਾਮ-ਐਲ. ਐਲ. ਬੀ. ਦੇ ਪੰਜਵੇਂ ਸਾਲ ਦੀ ਪੜ੍ਹਾਈ ਕਰ ਰਿਹਾ ਸੀ। ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਉਨ੍ਹਾਂ ਦੀ ਭਲਾਈ ਲਈ ਕੀਤੇ ਜਾ ਰਹੇ ਪ੍ਰਬੰਧਾਂ ਸੰਬੰਧੀ ਸਵਾਲ ਖੜ੍ਹੇ ਕਰ ਦਿੱਤੇ ਹਨ।