ਮਾਨਸਾ, 31 ਅਗਸਤ (ਵਿ.ਪ੍ਰਤੀ.)- ਮਾਨਸਾ ਜ਼ਿਲੇ ’ਚ 12 ਸਤੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਰਾਜਵਿੰਦਰ ਕੌਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਇਸ ਲੋਕ ਅਦਾਲਤ ਨੂੰ ਸਫਲ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਅਦਾਲਤ ਦਾ ਮਕਸਦ ਲੋਕਾਂ ਨੂੰ ਸਸਤਾ ਤੇ ਛੇਤੀ ਨਿਆਂ ਦੇਣਾ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ’ਚ ਦਿਵਾਨੀ ਮਾਮਲੇ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫ਼ੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸ ਲਗਾ ਕੇ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਉਹ ਨੈਸ਼ਨਲ ਟੋਲ ਫ਼ਰੀ ਹੈਲਪ ਲਾਈਨ ਨੰਬਰ 15100 ’ਤੇ ਕਾਲ ਕਰ ਸਕਦਾ ਹੈ।