ਮੀਰੀ - ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਚੰਗਰ ਇਲਾਕੇ ਦੇ ਗੁਰਦੁਆਰਾ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ
ਕੀਰਤਪੁਰ ਸਾਹਿਬ, 1 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਪੰਥ ਦੀਆਂ ਸਤਿਕਾਰਤ ਜਥੇਬੰਦੀਆਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਸਬੰਧੀ ਤਿਆਰੀਆਂ ਨੂੰ ਲੈ ਕੇ ਚੰਗਰ ਇਲਾਕੇ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਹੋਈ।
ਕੀਰਤਪੁਰ ਸਾਹਿਬ, 1 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਪੰਥ ਦੀਆਂ ਸਤਿਕਾਰਤ ਜਥੇਬੰਦੀਆਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਸਬੰਧੀ ਤਿਆਰੀਆਂ ਨੂੰ ਲੈ ਕੇ ਚੰਗਰ ਇਲਾਕੇ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਚੰਗਰ ਇਲਾਕੇ ਵਿਚ ਭਰਵਾਂ ਸਵਾਗਤ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਸੰਗਤਾਂ ਨੂੰ ਇਸ ਧਾਰਮਿਕ ਮਾਰਚ ਵਿਚ ਸ਼ਾਮਲ ਕੀਤਾ ਜਾਵੇ। ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਇਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਹੈ। ਇਸ ਦੀ ਅਗਲੀ ਯਾਤਰਾ 23 ਅਗਸਤ 2026 ਨੂੰ ਸਵੇਰੇ 9 ਵਜੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਆਰੰਭ ਹੋਈ, ਜੋ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ, ਪਿੰਡਾਂ, ਨਗਰਾਂ ਅਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਸੰਗਤਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਪਣੇ ਮੋਟਰਸਾਈਕਲਾਂ ‘ਤੇ ਖ਼ਾਲਸਾਈ ਝੰਡੀਆਂ ਲਗਾ ਕੇ ਗੁਰੂ ਸਾਹਿਬ ਦਾ ਜੱਸ ਗਾਉਂਦੇ ਹੋਏ ਮਾਰਚ ਦੇ ਨਾਲ-ਨਾਲ ਸ੍ਰੀ ਅਨੰਦਪੁਰ ਸਾਹਿਬ ਵੱਲ ਚੱਲਿਆ ਜਾਵੇ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਨਾਲ ਮਾਰਚ ਦਾ ਸਵਾਗਤ ਕੀਤਾ ਜਾਵੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾਵੇ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਸ਼ੰਕਰ ਇਲਾਕਾ ਸਰਕਲ ਕੀਰਤਪੁਰ ਸਾਹਿਬ ਦੇ ਪ੍ਰਧਾਨ ਡਾ. ਖ਼ੁਸ਼ਹਾਲ ਸਿੰਘ, ਕੁਲਵਿੰਦਰ ਸਿੰਘ ਬਿੱਟੂ, ਹਰਜਿੰਦਰ ਸਿੰਘ ਮੱਸੇਵਾਲ, ਹਰਦੇਵ ਸਿੰਘ ਦੇਬੀ ਬੀਕਾਪੁਰ, ਸੇਵਾ ਸਿੰਘ ਮਝੇੜ, ਸੂਬੇਦਾਰ ਸਿਕੰਦਰ ਸਿੰਘ ਬਰੂਵਾਲ, ਬਾਬਾ ਬਲਦੇਵ ਸਿੰਘ ਮੱਸੇਵਾਲ, ਮਹਿੰਦਰ ਸਿੰਘ ਮੱਸੇਵਾਲ, ਹਰਬੰਸ ਸਿੰਘ ਮੋੜਾ, ਬਿਕਰਮ ਸਿੰਘ ਮਝੇੜ, ਗੁਰਮੇਲ ਸਿੰਘ, ਮੇਲਾ ਸਿੰਘ ਬਰੂਵਾਲ, ਬਲਦੇਵ ਸਿੰਘ ਗ੍ਰੰਥੀ ਸਿੰਘ ਦਬੂੜ, ਰਜਿੰਦਰ ਸਿੰਘ ਬਾਊ ਅਤੇ ਗੁਰਜੀਤ ਸਿੰਘ ਕਾਕੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।