ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਜੇ. ਐਸ. ਨਿੱਕੂਵਾਲ)-ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਲਈ ਰਾਜ ਪੱਧਰੀ ਟੀਮ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਸ਼ਹਿਰ ਦੇ ਵੱਖ-ਵੱਖ ਡੇਂਗੂ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਇਲਾਕਿਆਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਡੇਂਗੂ ਦੇ ਫੈਲਾਅ ਨੂੰ ਰੋਕਣਾ, ਲਾਰਵਾ ਦੀ ਪਛਾਣ ਕਰਕੇ ਉਸਦਾ ਨਾਸ ਕਰਨਾ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨੀ । ਟੀਮ ਦੀ ਅਗਵਾਈ ਡਾ. ਅਰਸ਼ਦੀਪ ਕੌਰ ਵਲੋਂ ਕੀਤੀ ਗਈ। ਜਿਨ੍ਹਾਂ ਦੇ ਨਾਲ ਡਾ. ਰਣਵੀਰ ਸਿੰਘ, ਡਾ. ਅਮਰਿੰਦਰ ਸਿੰਘ ਅਤੇ ਡਾ. ਹਰਸ਼ਰਨ ਕੌਰ ਸਮੇਤ ਹੋਰ ਸਿਹਤ ਅਧਿਕਾਰੀ ਮੌਜੂਦ ਸਨ। ਟੀਮ ਵਲੋਂ ਘਰ-ਘਰ ਜਾ ਕੇ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਲੋੜੀਂਦੀਆਂ ਸਾਵਧਾਨੀਆਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਵੀ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਮਿਲ ਕੇ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦਾ ਮੁੱਖ ਸੁਨੇਹਾ ਸੀ ਕਿ ‘‘ਆਪਣਾ ਘਰ ਤੇ ਆਲਾ-ਦੁਆਲਾ ਸਾਫ਼ ਰੱਖੋ, ਪਾਣੀ ਖੜ੍ਹਾ ਨਾ ਹੋਣ ਦਿਓ ਅਤੇ ਹਰ ਹਫ਼ਤੇ ਪਾਣੀ ਵਾਲੇ ਬਰਤਨਾਂ ਨੂੰ ਖਾਲੀ ਕਰਕੇ ਸੁਕਾਓ।’’ ਇਸ ਮੌਕੇ ਡਾ. ਹਰਸ਼ਰਨ ਕੌਰ ਕਿਹਾ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀ ਹੀ ਸਭ ਤੋਂ ਵਧੀਆ ਹਥਿਆਰ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਇਨ੍ਹਾਂ ਬਿਮਾਰੀਆਂ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਸਰਕਾਰੀ ਹਸਪਤਾਲ ਵਿਚ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਨਜਾਤ ਇੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਸਹਾਇਕ ਪ੍ਰੋਗਰਾਮ ਅਫ਼ਸਰ ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ ਹਾਜ਼ਰ ਸਨ।