ਮਾਕੋਵਾਲ ਦੇ ਮੌਜੂਦਾ ਤੇ ਸਾਬਕਾ ਸਰਪੰਚ ਅਤੇ ਪੰਚਾਇਤ ਮੈਂਬਰ ਖ਼ਿਲਾਫ਼ ਦਰਜ ਮੁਕੱਦਮੇ ਨੂੰ ਲੈ ਕੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਰਕਾਰ ਨੂੰ ਘੇਰਿਆ
ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਪਿੰਡ ਮਾਕੋਵਾਲ ਵਿਖੇ ਆਮ ਆਦਮੀ ਕਲੀਨਿਕ ਦੀ ਉਸਾਰੀ ਨੂੰ ਲੈ ਕੇ ਪਿੰਡ ਦੇ ਮੌਜੂਦਾ ਸਰਪੰਚ ਰਾਜਪਾਲ ਸਿੰਘ ਮਾਕੋਵਾਲ, ਸਾਬਕਾ ਸਰਪੰਚ ਤੇਜਬੀਰ ਸਿੰਘ ਸੋਨੂੰ ਅਤੇ ਮੌਜੂਦਾ ਪੰਚਾਇਤ ਮੈਂਬਰ ਗਗਨਦੀਪ ਸਿੰਘ ਖ਼ਿਲਾਫ਼ ਥਾਣਾ ਰਮਦਾਸ ਵਿਖੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਬੀਤੀ ਦੇਰ ਸ਼ਾਮ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਸੱਤਾਧਾਰੀ ਧਿਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਚਾਇਤੀ ਨੁਮਾਇੰਦਿਆਂ ਖ਼ਿਲਾਫ਼ ਜਾਣਬੁੱਝ ਕੇ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਪ
ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
17-10-2026
ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਪਿੰਡ ਮਾਕੋਵਾਲ ਵਿਖੇ ਆਮ ਆਦਮੀ ਕਲੀਨਿਕ ਦੀ ਉਸਾਰੀ ਨੂੰ ਲੈ ਕੇ ਪਿੰਡ ਦੇ ਮੌਜੂਦਾ ਸਰਪੰਚ ਰਾਜਪਾਲ ਸਿੰਘ ਮਾਕੋਵਾਲ, ਸਾਬਕਾ ਸਰਪੰਚ ਤੇਜਬੀਰ ਸਿੰਘ ਸੋਨੂੰ ਅਤੇ ਮੌਜੂਦਾ ਪੰਚਾਇਤ ਮੈਂਬਰ ਗਗਨਦੀਪ ਸਿੰਘ ਖ਼ਿਲਾਫ਼ ਥਾਣਾ ਰਮਦਾਸ ਵਿਖੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਬੀਤੀ ਦੇਰ ਸ਼ਾਮ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਸੱਤਾਧਾਰੀ ਧਿਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਚਾਇਤੀ ਨੁਮਾਇੰਦਿਆਂ ਖ਼ਿਲਾਫ਼ ਜਾਣਬੁੱਝ ਕੇ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪਿੰਡ ਮਾਕੋਵਾਲ ਦੇ ਮੌਜੂਦਾ ਸਰਪੰਚ ਰਾਜਪਾਲ ਸਿੰਘ ਨੇ ਪੰਚਾਇਤੀ ਚੋਣਾਂ ਦੌਰਾਨ 146 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ ਅਤੇ ਪੰਚਾਇਤ ਕੋਲ ਲੋੜੀਂਦਾ ਬਹੁਮਤ ਵੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਪੰਚਾਇਤ ਨੂੰ ਭਰੋਸੇ ਵਿਚ ਲੈਣਾ ਅਤੇ ਉਸ ਨੂੰ ਕੰਮਾਂ ਬਾਰੇ ਜਾਣਕਾਰੀ ਦੇਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਪਹਿਲਾਂ ਹੀ ਡਿਸਪੈਂਸਰੀ ਦੀ ਇਮਾਰਤ ਬਣੀ ਹੋਈ ਸੀ, ਜਿਸ ਨੂੰ ਤਿਆਰ ਕਰਨ ਲਈ ਪਹਿਲਾਂ ਵੀ ਲਗਭਗ 10 ਲੱਖ ਰੁਪਏ ਖ਼ਰਚ ਕੀਤੇ ਗਏ ਸਨ। ਹੁਣ ਇਸ ਇਮਾਰਤ ਵਿਚ ਮੁੜ ਉਸਾਰੀ ਅਤੇ ਹੋਰ ਕੰਮ ਕਰਵਾਏ ਜਾਣ ਨੂੰ ਲੈ ਕੇ ਸਵਾਲ ਉੱਠੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਮੌਜੂਦਾ ਸਰਪੰਚ ਰਾਜਪਾਲ ਸਿੰਘ ਨੇ ਕੰਮ ਸਬੰਧੀ ਜਾਣਕਾਰੀ ਮੰਗੀ ਤਾਂ ਇਸ ਮਗਰੋਂ ਮਾਮਲਾ ਵਧ ਗਿਆ ਅਤੇ ਸਰਪੰਚ ਸਮੇਤ ਹੋਰਨਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਦਿੱਤਾ ਗਿਆ। ਸਾਬਕਾ ਵਿਧਾਇਕ ਸ. ਅਜਨਾਲਾ ਨੇ ਕਿਹਾ ਕਿ ਜੇਕਰ ਸਰਕਾਰੀ ਪੈਸਾ ਖ਼ਰਚ ਕੀਤਾ ਜਾ ਰਿਹਾ ਹੈ ਤਾਂ ਇਸ ਦਾ ਪੂਰਾ ਹਿਸਾਬ ਜਨਤਕ ਹੋਣਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਪਹਿਲਾਂ ਤੋਂ ਬਣੀ ਇਮਾਰਤ ਵਿਚ ਕਿਹੜੇ ਕੰਮ ਕਰਵਾਏ ਗਏ, ਕਿੰਨੇ ਰੁਪਏ ਦਾ ਟੈਂਡਰ ਪਾਸ ਹੋਇਆ ਅਤੇ ਅਸਲ ਵਿਚ ਕਿੰਨੀ ਰਕਮ ਖ਼ਰਚ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਆਰ.ਟੀ.ਆਈ. ਦਾਇਰ ਕਰਕੇ ਪੂਰੇ ਮਾਮਲੇ ਦੇ ਤੱਥ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਹਰਪ੍ਰਤਾਪ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਕੋਲ ਪਹੁੰਚ ਕੀਤੀ ਜਾਵੇਗੀ ਅਤੇ ਜਾਂਚ ਕਿਸੇ ਨਿਰਪੱਖ ਅਧਿਕਾਰੀ ਨੂੰ ਸੌਂਪਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਲੋਕਤੰਤਰੀ ਢੰਗ ਨਾਲ ਚੁਣੇ ਗਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਸਬੰਧੀ ਸਵਾਲ ਪੁੱਛਣ ਦਾ ਹੱਕ ਹੈ ਅਤੇ ਸਵਾਲ ਉਠਾਉਣ ਦੇ ਬਦਲੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨਾ ਠੀਕ ਨਹੀਂ ਹੈ। ਅੰਤ ਵਿਚ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿਚ ਇਨਸਾਫ਼ ਨਾ ਮਿਲਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੋਕਾਂ ਅਤੇ ਪ੍ਰਸ਼ਾਸਨ ਦੇ ਸਾਹਮਣੇ ਲਗਾਤਾਰ ਉਠਾਉਣਗੇ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਹਰ ਸੰਭਵ ਯਤਨ ਕਰਨਗੇ।