ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰ ਪੀੜਤ ਦੀ ਆਵਾਜ਼ ਸੁਣੀ ਜਾਵੇਗੀ- ਜਤਿੰਦਰ ਸਿੰਘ ਸ਼ੰਟੀ
ਰਾਜਪੁਰਾ, 4 ਅਕਤੂਬਰ (ਰਣਜੀਤ ਸਿੰਘ)- ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਪੀੜਤਾਂ ਨੂੰ ਨਿਆਂ ਦਿਵਾਉਣਾ ਕਮਿਸ਼ਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਬੇਇਨਸਾਫੀ ਜਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਪੀੜਤ ਵਿਅਕਤੀ ਦੀ ਆਵਾਜ਼ ਨੂੰ ਹਰ ਹਾਲਤ ਵਿਚ ਸੁਣਿਆ ਜਾਵੇਗਾ।
ਰਾਜਪੁਰਾ, 4 ਅਕਤੂਬਰ (ਰਣਜੀਤ ਸਿੰਘ)- ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਪੀੜਤਾਂ ਨੂੰ ਨਿਆਂ ਦਿਵਾਉਣਾ ਕਮਿਸ਼ਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਬੇਇਨਸਾਫੀ ਜਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਪੀੜਤ ਵਿਅਕਤੀ ਦੀ ਆਵਾਜ਼ ਨੂੰ ਹਰ ਹਾਲਤ ਵਿਚ ਸੁਣਿਆ ਜਾਵੇਗਾ। ਰਾਜਪੁਰਾ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਪਦਮਸ਼੍ਰੀ ਸ਼ੰਟੀ ਨੇ ਕਿਹਾ ਕਿ “ਇਹ ਜਨਤਾ ਦੀ ਅਦਾਲਤ ਹੈ।” ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਇੱਥੇ ਆਉਂਦਾ ਹੈ, ਉਸਦੀ ਗੱਲ ਨੂੰ ਗੰਭੀਰਤਾ ਨਾਲ ਸੁਣਨਾ ਤੇ ਉਸ ਨੂੰ ਨਿਆਂ ਦਿਵਾਉਣ ਲਈ ਲੋੜੀਂਦੀ ਕਾਰਵਾਈ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਏ.ਡੀ.ਸੀ. ਜਨਰਲ ਅਨੁਪ੍ਰਿਤਾ ਜੌਹਲ, ਐਸ. ਡੀ. ਐਮ. ਗੁਰਦੇਵ ਸਿੰਘ ਧਮ, ਡੀ. ਐਸ. ਪੀ. ਰਸ਼ਪਾਲ ਸਿੰਘ ਸਮੇਤ ਸਿਹਤ ਵਿਭਾਗ, ਨਗਰ ਕੌਂਸਲ, ਬਿਜਲੀ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਮਨੁੱਖੀ ਅਧਿਕਾਰਾਂ ਦੇ ਪੱਖ ਤੋਂ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਲਈ ਵੀ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀਆਂ, ਖਾਸ ਕਰਕੇ ਲਾਵਾਰਿਸ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਮਾਮਲਿਆਂ ਵਿਚ ਮ੍ਰਿਤਕ ਦੇਹ ਦਾ ਸਨਮਾਨਜਨਕ ਢੰਗ ਨਾਲ ਪ੍ਰਬੰਧਨ ਕਰਨਾ ਹਸਪਤਾਲਾਂ ਦੀ ਜ਼ਿੰਮੇਵਾਰੀ ਹੈ। ਅਜਿਹੇ ਮਾਮਲਿਆਂ ਵਿਚ ਮੁਫ਼ਤ ਜਾਂ ਸਹਾਇਤਾ ਪ੍ਰਾਪਤ ਸਸਕਾਰ ਜਾਂ ਦਫ਼ਨਾਉਣ ਦੀ ਵਿਵਸਥਾ ਕਰਨ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਨਾਲ ਹੋ ਰਹੀ ਠੱਗੀ ਦਾ ਗੰਭੀਰ ਨੋਟਿਸ ਲੈਂਦਿਆਂ ਪਦਮਸ਼੍ਰੀ ਸ਼ੰਟੀ ਨੇ ਕਿਹਾ ਕਿ ਝੂਠੇ ਵੀਜ਼ਿਆਂ, ਜਾਅਲੀ ਆਫਰ ਲੈਟਰਾਂ ਅਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਏ.ਡੀ.ਸੀ. ਜਨਰਲ ਅਨੁਪ੍ਰਿਤਾ ਜੌਹਲ ਨੇ ਭਰੋਸਾ ਦਿਵਾਇਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸੂਬੇ ਵਿਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਤੇ ਉਲੰਘਣਾ ਨਾਲ ਸੰਬੰਧਿਤ ਮਾਮਲਿਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ 9855475547 ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ ’ਤੇ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।