29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹਲਕਾਬੰਦੀ ਤੇ ਐਸ.ਆਈ.ਆਰ. ਰਾਹੀਂ ਲੋਕਤੰਤਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਨ ਸਿਆਸੀ ਪਾਰਟੀਆਂ : ਸੰਯੁਕਤ ਕਿਸਾਨ ਮੋਰਚਾ

ਪਟਿਆਲਾ, 29 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਵਲੋਂ ਹਲਕਾਬੰਦੀ ਸੰਬੰਧੀ ਲਿਆਂਦੇ ਜਾ ਰਹੇ ਪ੍ਰਸਤਾਵ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ. ਆਈ.

ਅਜੀਤ ਡੈਸਕ 30-11-2026
ਪਟਿਆਲਾ, 29 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਵਲੋਂ ਹਲਕਾਬੰਦੀ ਸੰਬੰਧੀ ਲਿਆਂਦੇ ਜਾ ਰਹੇ ਪ੍ਰਸਤਾਵ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਦੀ ਪ੍ਰਕਿਰਿਆ ਦਾ ਵਿਰੋਧ ਕਰਦਿਆਂ ਦੇਸ਼ ਦੀਆਂ ਸਮੂਹ ਵਿਰੋਧੀ ਸਿਆਸੀ ਪਾਰਟੀਆਂ ਅਤੇ ਸੰਸਦ ਮੈਂਬਰਾਂ ਨੂੰ ਇਨ੍ਹਾਂ ਮੁੱਦਿਆਂ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਮੋਰਚੇ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਇਨ੍ਹਾਂ ਪ੍ਰਕਿਰਿਆਵਾਂ ਰਾਹੀਂ ਲੋਕਤੰਤਰੀ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਕੇ ਕਾਰਪੋਰੇਟ ਪੱਖੀ ਸ਼ਾਸਨ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ। ਮੋਰਚੇ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਐਸ.ਆਈ.ਆਰ. ਤਹਿਤ ਵੋਟਰ ਸੂਚੀਆਂ ਵਿਚੋਂ ਵੱਡੀ ਗਿਣਤੀ ਵਿਚ ਲੋਕਾਂ ਦੇ ਨਾਮ ਕੱਟੇ ਜਾਣ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸੰਸਦ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਨਾਲ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਬਾਰੇ ਸਵਾਲ ਖੜ੍ਹੇ ਹੋ ਰਹੇ ਹਨ। ਮੋਰਚੇ ਅਨੁਸਾਰ ਹਲਕਾਬੰਦੀ ਦੀ ਪ੍ਰਕਿਰਿਆ ਰਾਹੀਂ ਚੋਣ ਹਲਕਿਆਂ ਦੀਆਂ ਹੱਦਾਂ ਨੂੰ ਸੱਤਾਧਾਰੀ ਧਿਰ ਦੇ ਹਿੱਤਾਂ ਅਨੁਸਾਰ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਤੰਤਰੀ ਪ੍ਰਣਾਲੀ ਪ੍ਰਭਾਵਿਤ ਹੋ ਸਕਦੀ ਹੈ। ਬਿਆਨ ਵਿਚ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਗਿਆ ਕਿ ਕਿਸਾਨਾਂ ਨੂੰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਕਾਨੂੰਨ ਬਣਾਉਣ, ਮਜ਼ਦੂਰਾਂ ਲਈ ਗੁਜ਼ਾਰੇਯੋਗ ਘੱਟੋ-ਘੱਟ ਉਜਰਤ ਯਕੀਨੀ ਬਣਾਉਣ, ਮਨਰੇਗਾ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਅਤੇ ਚਾਰ ਕਿਰਤ ਕੋਡ ਰੱਦ ਕਰਨ ਦੀ ਬਜਾਏ ਸਰਕਾਰ ਹਲਕਾਬੰਦੀ ਅਤੇ ਐਸ.ਆਈ.ਆਰ. ਵਰਗੇ ਮੁੱਦਿਆਂ ਨੂੰ ਤਰਜੀਹ ਦੇ ਰਹੀ ਹੈ। ਮੋਰਚੇ ਨੇ ਅਮਰੀਕਾ ਵਲੋਂ ਭਾਰਤ ’ਤੇ ਲਗਾਏ ਵਪਾਰਕ ਟੈਰਿਫਾਂ ਅਤੇ ਪ੍ਰਸਤਾਵਿਤ ਵਪਾਰ ਸਮਝੌਤਿਆਂ ਨੂੰ ਵੀ ਖੇਤੀਬਾੜੀ ਤੇ ਕਿਸਾਨਾਂ ਦੇ ਹਿੱਤਾਂ ਲਈ ਨੁਕਸਾਨਦੇਹ ਕਰਾਰ ਦਿੱਤਾ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਰਾਜਾਂ ਨੂੰ ਕੇਂਦਰੀ ਕਰਾਂ ਦੇ ਸਾਂਝੇ ਭੰਡਾਰ ’ਚੋਂ 50 ਫ਼ੀਸਦੀ ਹਿੱਸਾ ਨਾ ਮਿਲਣ ਕਾਰਨ ਸੂਬੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਬੇਰੁਜ਼ਗਾਰੀ, ਮਹਿੰਗਾਈ ਅਤੇ ਕਰਜ਼ੇ ਦਾ ਵਧਦਾ ਬੋਝ ਆਮ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਕਰ ਰਿਹਾ ਹੈ। ਮੋਰਚੇ ਅਨੁਸਾਰ ਰਾਜਾਂ ਦੇ ਸੰਘੀ ਅਧਿਕਾਰਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਮੋਰਚੇ ਨੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਛੋਟੇ ਤੇ ਦਰਮਿਆਨੇ ਉਦਯੋਗਪਤੀਆਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸਾਂਝੇ ਸੰਘਰਸ਼ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਦੀਆਂ ਪ੍ਰਮੁੱਖ ਮੰਗਾਂ ਵਿਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਮੁਆਵਜ਼ਾ, ਖੇਤੀ ਲਾਗਤਾਂ ਤੇ ਮਹਿੰਗਾਈ ’ਤੇ ਕਾਬੂ, ਮੁਕਤ ਵਪਾਰ ਸਮਝੌਤਿਆਂ ਨੂੰ ਰੱਦ ਕਰਨਾ, ਮਨਰੇਗਾ ਦੀ ਬਹਾਲੀ ਅਤੇ ਚਾਰ ਕਿਰਤ ਕੋਡ ਵਾਪਸ ਲੈਣਾ ਸ਼ਾਮਲ ਹਨ। ਮੋਰਚੇ ਨੇ ਜਨਤਕ ਤੇ ਸਹਿਕਾਰੀ ਖੇਤਰਾਂ ਦੀ ਰਾਖੀ, ਬੇਰੁਜ਼ਗਾਰੀ ਅਤੇ ਕਿਸਾਨੀ ਕਰਜ਼ੇ ਦੀ ਸਮੱਸਿਆ ਦੇ ਹੱਲ ਅਤੇ ਕਿਸਾਨ ਖੁਦਕੁਸ਼ੀਆਂ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਵੀ ਕੀਤੀ। ਇਸ ਨੇ ਸਾਰੀਆਂ ਵਿਰੋਧੀ ਸਿਆਸੀ ਪਾਰਟੀਆਂ ਅਤੇ ਕਿਰਤੀ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਖੇਤਰੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ., ਹਲਕਾਬੰਦੀ ਅਤੇ ਚੋਣ ਹਲਕਿਆਂ ਦੀਆਂ ਹੱਦਾਂ ਵਿਚ ਕਥਿਤ ਹੇਰਾਫੇਰੀ ਵਿਰੁੱਧ ਸਾਂਝੀ ਆਵਾਜ਼ ਬੁਲੰਦ ਕਰਨ। ਬਿਆਨ ਦੇ ਅੰਤ ਵਿਚ ਮੋਰਚੇ ਨੇ ਕਿਹਾ ਕਿ ਔਰਤਾਂ ਲਈ 33 ਫ਼ੀਸਦੀ ਰਾਖਵੇਂਕਰਨ ਨੂੰ ਹਲਕਾਬੰਦੀ ਦੀ ਵਿਵਾਦਤ ਪ੍ਰਕਿਰਿਆ ਨਾਲ ਜੋੜਨ ਦੀ ਬਜਾਏ ਇਸ ਨੂੰ ਵੱਖਰੇ ਤੌਰ ’ਤੇ ਲਾਗੂ ਕੀਤਾ ਜਾ ਸਕਦਾ ਸੀ। ਮੋਰਚੇ ਨੇ ਸੰਸਦ ਮੈਂਬਰਾਂ ਅਤੇ ਸਿਆਸੀ ਪਾਰਟੀਆਂ ਨੂੰ ਭਾਰਤੀ ਸੰਵਿਧਾਨ ਦੇ ਸੰਘੀ, ਧਰਮ ਨਿਰਪੱਖ ਅਤੇ ਲੋਕਤੰਤਰੀ ਸਰੂਪ ਦੀ ਰਾਖੀ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਵਧਦੀ ਸਰਦੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਬਾਬਰਪੁਰ ਨੇ ਮੋਹਾਲੀ ਨੂੰ ਹਰਾ ਕੇ ਜਿੱਤਿਆ 13ਵਾਂ ਸਟਾਰ ਵਾਲੀਬਾਲ ਕੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।