ਨਾਜਾਇਜ਼ ਹਿਰਾਸਤ ’ਚ ਰੱਖ ਕੇ ਕੀਤੀ ਕੁੱਟਮਾਰ, ਨੌਜਵਾਨ ਦੀ ਹੋਈ ਮੌਤ
ਫ਼ਰੀਦਕੋਟ, 12 ਸਤੰਬਰ (ਸਰਬਜੀਤ ਸਿੰਘ)-ਸਥਾਨਕ ਬਲਵਿੰਦਰ ਸਿੰਘ ਨਗਰ ਦੇ ਇਕ ਨੌਜਵਾਨ ਨੂੰ ਕੁਝ ਵਿਅਕਤੀਆਂ ਵਲੋਂ ਘਰ ਵਿਚ ਬੰਨ੍ਹ ਕੇ ਰੱਖਿਆ ਗਿਆ ਅਤੇ ਉਸ ਦੀ ਕੁੱਟਮਾਰ ਕੀਤੀ ਗਈ। ਜਿਸ ਕਾਰਨ ਨੌਜਵਾਨ ਦੀ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ।
ਫ਼ਰੀਦਕੋਟ, 12 ਸਤੰਬਰ (ਸਰਬਜੀਤ ਸਿੰਘ)-ਸਥਾਨਕ ਬਲਵਿੰਦਰ ਸਿੰਘ ਨਗਰ ਦੇ ਇਕ ਨੌਜਵਾਨ ਨੂੰ ਕੁਝ ਵਿਅਕਤੀਆਂ ਵਲੋਂ ਘਰ ਵਿਚ ਬੰਨ੍ਹ ਕੇ ਰੱਖਿਆ ਗਿਆ ਅਤੇ ਉਸ ਦੀ ਕੁੱਟਮਾਰ ਕੀਤੀ ਗਈ। ਜਿਸ ਕਾਰਨ ਨੌਜਵਾਨ ਦੀ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਵਲੋਂ ਮਿ੍ਤਕ ਨੌਜਵਾਨ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਇਕੋ ਪਰਿਵਾਰ ਦੇ ਚਾਰ ਜੀਆਂ ਖ਼ਿਲਾਫ਼ ਕਤਲ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਪਰਿਵਾਰ ਦੇ ਮੁਖੀ ਨੂੰ ਗਿ੍ਫ਼ਤਾਰ ਕਰ ਲਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਮੀਨਾ ਕੌਰ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਉਸ ਦੇ ਲੜਕੇ ਹਰਪ੍ਰੀਤ ਸਿੰਘ ਜੋ ਮਿਹਨਤ ਮਜ਼ਦੂਰੀ ਕਰਦਾ ਹੈ, ਨੂੰ 4 ਸਤੰਬਰ ਨੂੰ ਸਵੇਰੇ 4 ਕੁ ਵਜੇ ਬਲਵਿੰਦਰ ਸਿੰਘ ਤੇ ਉਸ ਦਾ ਪਰਿਵਾਰ ਵਾਸੀ ਬਾਜੀਗਰ ਬਸਤੀ ਵਲੋਂ ਆਪਣੇ ਘਰੇ ਲਿਜਾ ਕੇ ਬੰਨ੍ਹ ਕੇ ਕੁੱਟਮਾਰ ਕਰਨ ਲੱਗ ਗਏ। ਜਦ ਉਸ ਦਾ ਦਿਓਰ ਛੁਡਾਉਣ ਲਈ ਗਿਆ ਤਾਂ ਉਨ੍ਹਾਂ ਨੇ ਉਸ ਨੂੰ ਧੱਕੇ ਮਾਰ ਕੇ ਘਰੋਂ ਕੱਢ ਦਿੱਤਾ ਤੇ ਰਾਤ ਤੱਕ ਉਸ ਦੇ ਲੜਕੇ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖ ਕੇ ਉਸ ਦੀ ਕੁੱਟਮਾਰ ਕਰਦੇ ਰਹੇ ਤੇ ਬੋਹੇਸ਼ੀ ਦੀ ਹਾਲਤ ਵਿਚ ਉਨ੍ਹਾਂ ਦੇ ਘਰ ਦੇ ਬਾਹਰ ਸੁੱਟ ਕੇ ਭੱਜ ਗਏ। ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫ਼ਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੇ ਲੜਕੇ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਬਲਵਿੰਦਰ ਸਿੰਘ ਪੁੱਤਰ ਰਾਮ, ਵਰਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਅਤਿੰਦਰ ਸਿੰਘ ਉਰਫ਼ ਗਗਨ ਪੁੱਤਰ ਬਲਵਿੰਦਰ ਸਿੰਘ ਤੇ ਅਜੇ ਸਿੰਘ ਉਰਫ਼ ਭਜਨ ਪੁੱਤਰ ਮੰਗਲ ਸਿੰਘ ਵਾਸੀ ਬਾਜੀਗਰ ਬਸਤੀ ਫ਼ਰੀਦਕੋਟ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਕਤਲ ਸੰਬੰਧੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਬਲਵਿੰਦਰ ਸਿੰਘ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਲਾਸ਼ ਕਬਜੇ ਵਿਚ ਲੈ ਲਈ ਗਈ ਹੈ ਅਤੇ ਪੋਸਟ ਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਜਾ ਰੰਜਿਸ਼ ਇਹ ਸੀ ਕਿ ਬਲਵਿੰਦਰ ਸਿੰਘ ਨੂੰ ਸ਼ੱਕ ਸੀ ਕਿ ਉਸ ਦਾ ਮੋਬਾਈਲ ਫੋਨ ਮਿ੍ਤਕ ਹਰਪ੍ਰੀਤ ਸਿੰਘ ਵਲੋਂ ਚੋਰੀ ਕੀਤਾ ਗਿਆ ਹੈ।