14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਬਿਜਲੀ ਕੱਟਾਂ ਵਿਰੁੱਧ 14 ਸਤੰਬਰ ਨੂੰ ਐੱਸ.ਈ. ਦਫ਼ਤਰਾਂ ਅੱਗੇ ਤਿੰਨ ਘੰਟੇ ਧਰਨੇ ਦੇਣ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਈ ਦਾਨ ਸਿੰਘ ਯਾਤਰੀ ਨਿਵਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 13-09-2026
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਈ ਦਾਨ ਸਿੰਘ ਯਾਤਰੀ ਨਿਵਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਕੱਟਾਂ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 24 ਘੰਟੇ ਬਿਜਲੀ ਸਪਲਾਈ ਦੇਣ ਦੇ ਕੀਤੇ ਗਏ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ। ਇਸ ਸਮੇਂ ਝੋਨੇ ਦੀ ਫ਼ਸਲ ਨਿਸਰ ਰਹੀ ਹੈ, ਪਰ ਕਿਸਾਨਾਂ ਨੂੰ ਖੇਤੀਬਾੜੀ ਲਈ ਮੁਸ਼ਕਿਲ ਨਾਲ 4 ਤੋਂ 5 ਘੰਟੇ ਹੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਝੋਨੇ ਦੇ ਝਾੜ ’ਤੇ ਮਾੜਾ ਅਸਰ ਪੈਣ ਦਾ ਖ਼ਦਸ਼ਾ ਹੈ। ਆਗੂਆਂ ਨੇ ਦੱਸਿਆ ਕਿ ਬਿਜਲੀ ਦੇ ਕੱਟਾਂ ਦੇ ਵਿਰੋਧ ਵਿਚ ਯੂਨੀਅਨ ਵਲੋਂ 14 ਸਤੰਬਰ ਦਿਨ ਸੋਮਵਾਰ ਨੂੰ ਪੂਰੇ ਪੰਜਾਬ ਵਿਚ ਐੱਸ.ਈ. ਦਫ਼ਤਰਾਂ ਅੱਗੇ ਤਿੰਨ ਘੰਟੇ ਦੇ ਰੋਸ ਧਰਨੇ ਦਿੱਤੇ ਜਾਣਗੇ। ਮੀਟਿੰਗ ਦੌਰਾਨ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਬਾਵਜੂਦ ਸੂਬੇ ਵਿਚ ਨਸ਼ਿਆਂ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਰੋਕ ਨਹੀਂ ਲੱਗ ਸਕੀ। ਉਨ੍ਹਾਂ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਨਾਲ ਪੁਲਿਸ ਵਲੋਂ ਕੀਤੀ ਗਈ ਕਥਿਤ ਕੁੱਟਮਾਰ ਦੀ ਨਿਖੇਧੀ ਕੀਤੀ। ਆਗੂਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਸੂਬੇ ਵਿਚ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ’ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਦੀਆਂ ਮੋਟਰਾਂ, ਟਰਾਂਸਫ਼ਾਰਮਰ ਤੇ ਬਿਜਲੀ ਦੀਆਂ ਤਾਰਾਂ ਆਦਿ ਚੋਰੀ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਸਨ, ਪਰ ਹੁਣ ਚੋਰ ਘਰਾਂ ਵਿਚ ਦਾਖ਼ਲ ਹੋ ਕੇ ਵੀ ਚੋਰੀਆਂ ਕਰਨ ਲੱਗ ਪਏ ਹਨ। ਉਨ੍ਹਾਂ ਪਿੰਡ ਬੂੜਾ ਗੁੱਜਰ ਵਿਖੇ ਘਰ ਵਿਚੋਂ ਕਣਕ ਵਾਲੇ ਡਰੰਮ ਖ਼ਾਲੀ ਕਰਨ ਦੀ ਘਟਨਾ ਦਾ ਹਵਾਲਾ ਦਿੰਦਿਆਂ ਪੁਲਿਸ ਪ੍ਰਸ਼ਾਸਨ ਤੋਂ ਚੋਰੀਆਂ ਨੂੰ ਨੱਥ ਪਾਉਣ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਇਸ ਪਾਸੇ ਤੁਰੰਤ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਆਗੂਆਂ ਨੇ ਆੜ੍ਹਤੀਏ ਤੇ ਮਜ਼ਦੂਰ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਜੇਕਰ ਸਰਕਾਰ ਨਾਲ ਉਨ੍ਹਾਂ ਦੀਆਂ ਕੋਈ ਮੰਗਾਂ ਹਨ ਤਾਂ ਝੋਨੇ ਦੇ ਸੀਜ਼ਨ ਦੀ ਸ਼ੁਰੂ ਆਤ ਤੋਂ ਪਹਿਲਾਂ ਹੀ ਸੰਘਰਸ਼ ਕਰਕੇ ਆਪਣੀਆਂ ਮੰਗਾਂ ਮੰਨਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਹੜਤਾਲ ਕਰਨ ਨਾਲ ਕਿਸਾਨਾਂ ਤੇ ਆੜ੍ਹਤੀਆਂ ਵਿਚਕਾਰ ਟਕਰਾਅ ਵਧਣ ਦਾ ਖ਼ਦਸ਼ਾ ਹੈ, ਜਿਸ ਤੋਂ ਸਾਰਿਆਂ ਨੂੰ ਬਚਣਾ ਚਾਹੀਦਾ ਹੈ। ਮੀਟਿੰਗ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਬੀਜ ਬਿੱਲ ਦਾ ਵੀ ਸਖ਼ਤ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਜਸਕਰਨ ਸਿੰਘ, ਜ਼ਿਲ੍ਹਾ ਸਰਪ੍ਰਸਤ ਭਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਸਵਰਨ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਜਗਸੀਰ ਸਿੰਘ, ਬਲਾਕ ਪ੍ਰਧਾਨ ਮਲੋਟ ਬਹਾਲ ਸਿੰਘ, ਬਲਾਕ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਰਸ਼ਪਾਲ ਸਿੰਘ, ਬਲਾਕ ਪ੍ਰਧਾਨ ਬਰੀਵਾਲਾ ਸੁਬੇਗ ਸਿੰਘ, ਬਲਾਕ ਪ੍ਰਧਾਨ ਗਿੱਦੜਬਾਹਾ ਨਛੱਤਰ ਸਿੰਘ ਤੋਂ ਇਲਾਵਾ ਸ਼ੇਰ ਬਾਜ ਸਿੰਘ, ਹੈਪੀ ਸਿੰਘ, ਸਿਕੰਦਰ ਸਿੰਘ, ਬਲਵਿੰਦਰ ਸਿੰਘ ਲੱਡੂ, ਨਿਰਮਲ ਸਿੰਘ, ਹਰਜਿੰਦਰ ਸਿੰਘ, ਕਾਹਨ ਸਿੰਘ, ਬਲਵਿੰਦਰ ਕੌਰ, ਸੁਖਵਿੰਦਰ ਕੌਰ ਅਤੇ ਹੋਰ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਪਵਨ ਸ਼ਰਮਾ ਹਰੀਨੌ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਡੀਪੂ ਹੋਲਡਰ ਪੰਜਾਬ ਸਰਕਾਰ ਦੀਆਂ ਫੂਡ ਕਿੱਟਾਂ ਨਹੀਂ ਵੰਡਣਗੇ-ਫੱਕਰਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।