30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਾਜਪਾ ਨਾਲ ਗੱਠਜੋੜ ਹੁੰਦਾ ਹੈ ਤਾਂ ਕੋਈ ਇਤਰਾਜ਼ ਨਹੀਂ-ਗਿਆਨੀ ਹਰਪ੍ਰੀਤ ਸਿੰਘ ਇਕ-ਦੋ ਦਿਨਾ ’ਚ ਜਾਰੀ ਹੋਵੇਗੀ ਹਲਕਾਵਾਰ ਮੁੱਖ ਸੇਵਾਦਾਰਾਂ ਦੀ ਪਹਿਲੀ ਸੂਚੀ

ਚੰਡੀਗੜ੍ਹ, 29 ਅਗਸਤ (ਪ੍ਰੋ. ਅਵਤਾਰ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਗਠਜੋੜਾਂ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਆਪਣੀ ਸਿਆਸੀ ਰਣਨੀਤੀ ਸਪੱਸ਼ਟ ਕਰ ਦਿੱਤੀ ਹੈ।

ਅਜੀਤ ਡੈਸਕ 30-08-2026
ਚੰਡੀਗੜ੍ਹ, 29 ਅਗਸਤ (ਪ੍ਰੋ. ਅਵਤਾਰ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਗਠਜੋੜਾਂ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਆਪਣੀ ਸਿਆਸੀ ਰਣਨੀਤੀ ਸਪੱਸ਼ਟ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਭਾਜਪਾ ਪੰਥ ਅਤੇ ਪੰਜਾਬ ਨਾਲ ਸਬੰਧਿਤ ਮੁੱਦਿਆਂ ’ਤੇ ਉਨ੍ਹਾਂ ਦੀਆਂ ਮੰਗਾਂ ਨਾਲ ਸਹਿਮਤ ਹੁੰਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਭਾਜਪਾ ਨਾਲ ਗਠਜੋੜ ਕਰਨ ਲਈ ਤਿਆਰ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ (ਬ) ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੰਦੇ ਹਨ ਤਾਂ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਵੀ ਪੰਥਕ ਏਕਤਾ ਦੇ ਮਸਲੇ ’ਤੇ ਗੱਲਬਾਤ ਲਈ ਤਿਆਰ ਹੈ। ਚੰਡੀਗੜ੍ਹ ਦੇ ਸੈਕਟਰ-30 ਸਥਿਤ ਮੱਖਣ ਸ਼ਾਹ ਲੁਬਾਣਾ ਭਵਨ ਵਿਖੇ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੀ ਅਹਿਮ ਮੀਟਿੰਗ ਉਪਰੰਤ ਸਮੁੱਚੀ ਲੀਡਰਸ਼ਿਪ ਦੀ ਹਾਜ਼ਰੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੀ ਭਵਿੱਖੀ ਸਿਆਸੀ ਦਿਸ਼ਾ ਅਤੇ ਜਥੇਬੰਦਕ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪੰਥਕ ਏਕਤਾ ਦਾ ਮੁੱਦਈ ਹੈ ਅਤੇ ਪੰਥਕ ਏਕਤਾ ਲਈ ਉਸ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਜਿਹੜੀ ਵੀ ਸਿਆਸੀ ਧਿਰ ਪੰਥ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਇਕੱਠੇ ਚੱਲਣ ਲਈ ਤਿਆਰ ਹੋਵੇਗੀ, ਉਸ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਗਠਜੋੜ ਸਿਰਫ਼ ਸੱਤਾ ਹਾਸਲ ਕਰਨ ਲਈ ਨਹੀਂ, ਸਗੋਂ ਮੁੱਦਿਆਂ ਅਤੇ ਸਿਧਾਂਤਾਂ ਦੇ ਆਧਾਰ ’ਤੇ ਹੋਵੇਗਾ। ਭਾਜਪਾ ਨਾਲ ਸੰਭਾਵਿਤ ਗਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਭਾਜਪਾ ਪੰਜਾਬ ਅਤੇ ਪੰਥ ਨਾਲ ਸਬੰਧਿਤ ਉਨ੍ਹਾਂ ਦੀਆਂ 50 ਫ਼ੀਸਦੀ ਮੰਗਾਂ ਨੂੰ ਮੰਨਣ ਲਈ ਤਿਆਰ ਹੈ ਅਤੇ 50 ਫ਼ੀਸਦੀ ਮੰਗਾਂ ’ਤੇ ਲਿਖਤੀ ਸਮਝੌਤਾ ਕਰ ਲੈਂਦੀ ਹੈ ਤਾਂ ਪਾਰਟੀ ਨੂੰ ਭਾਜਪਾ ਨਾਲ ਗਠਜੋੜ ਕਰਨ ਵਿਚ ਕੋਈ ਇਤਰਾਜ਼ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਗਠਜੋੜ ਦਾ ਆਧਾਰ ਪੰਜਾਬ ਦੇ ਹਿੱਤ, ਪੰਥਕ ਮਸਲੇ ਅਤੇ ਲੋਕਾਂ ਦੀਆਂ ਉਮੀਦਾਂ ਹੋਣਗੇ। ਉਨ੍ਹਾਂ 1996 ਦੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਮਝੌਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਕੀਤੇ ਗਏ ‘ਬਿਨਾਂ ਸ਼ਰਤ ਸਮਝੌਤੇ’ ਤੋਂ ਸਬਕ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੁਨਰ ਸੁਰਜੀਤ ਹੁਣ ਅਜਿਹੀ ਕੋਈ ਸਿਆਸੀ ਗ਼ਲਤੀ ਦੁਹਰਾਉਣ ਦੇ ਹੱਕ ’ਚ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ (ਬ) ਨਾਲ ਮੁੜ ਏਕਤਾ ਦੀ ਸੰਭਾਵਨਾ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥਕ ਏਕਤਾ ਦੇ ਮਾਮਲੇ ’ਚ ਕੋਈ ਦਰਵਾਜ਼ਾ ਬੰਦ ਨਹੀਂ ਹੈ। ਜੇਕਰ ਸੁਖਬੀਰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਛੱਡ ਦਿੰਦੇ ਹਨ ਤਾਂ ਪੁਨਰ ਸੁਰਜੀਤ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਵੀ ਗੱਲਬਾਤ ਕਰਨ ਲਈ ਤਿਆਰੀ ਹੈ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਕਿਸੇ ਇਕ ਵਿਅਕਤੀ ਜਾਂ ਪਰਿਵਾਰ ਦੇ ਹਿੱਤਾਂ ਤੋਂ ਉੱਪਰ ਹੈ। ਪਾਰਟੀ ਦੀ ਜਥੇਬੰਦਕ ਤਿਆਰੀ ਬਾਰੇ ਉਨ੍ਹਾਂ ਦੱਸਿਆ ਕਿ ਹਲਕਾ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਮੁੱਖ ਸੇਵਾਦਾਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਇਕ-ਦੋ ਦਿਨਾਂ ’ਚ ਹਲਕਾ-ਵਾਰ ਮੁੱਖ ਸੇਵਾਦਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਇਸ ’ਚ ਸਾਬਕਾ ਮੰਤਰੀਆਂ, ਸਾਬਕਾ ਸੰਸਦ ਮੈਂਬਰਾਂ, ਸਾਬਕਾ ਪਾਰਟੀ ਪ੍ਰਧਾਨਾਂ ਤੇ ਤਜਰਬੇਕਾਰ ਆਗੂਆਂ ਤੋਂ ਇਲਾਵਾ ਨੌਜਵਾਨ ਚਿਹਰਿਆਂ ਨੂੰ ਵੀ ਥਾਂ ਦਿੱਤੀ ਜਾਵੇਗੀ।
ਭਾਈ ਹਵਾਰਾ ਦੀ ਪੈਰੋਲ ਲਈ ਪ੍ਰਧਾਨ ਮੰਤਰੀ ਵਲੋਂ ਸੁਹਿਰਦਤਾ ਦਿਖਾਉਣ ਦਾ ਦਾਅਵਾ-ਚੰਦੂਮਾਜਰਾ
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਬਾਰੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਭਾਈ ਹਵਾਰਾ ਨੂੰ ਪੈਰੋਲ ਦੇਣ ਦਾ ਮਾਮਲਾ ਉਠਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਪੱਤਰ ਦਾ ਦੋ ਦਿਨਾਂ ਦੇ ਅੰਦਰ ਜਵਾਬ ਮਿਲ ਗਿਆ ਹੈ। ਚੰਦੂਮਾਜਰਾ ਅਨੁਸਾਰ ਪ੍ਰਧਾਨ ਮੰਤਰੀ ਵਲੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਹੈ ਕਿ ਉਨ੍ਹਾਂ ਦੀ ਚਿੱਠੀ ਕੇਂਦਰੀ ਗ੍ਰਹਿ ਮੰਤਰੀ ਨੂੰ ਭੇਜ ਕੇ ਇਸ ਮਾਮਲੇ ’ਤੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਵਲੋਂ ਦਿਖਾਈ ਗਈ ਸੁਹਿਰਦਤਾ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਈ ਹਵਾਰਾ ਦੀ ਪੈਰੋਲ ਦੇ ਮਾਮਲੇ ਨੂੰ ਲੈ ਕੇ ਜਲਦ ਹੀ ਪਾਰਟੀ ਦਾ ਇਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗਾ।
ਪੰਥਕ ਏਕਤਾ ਲਈ ਸਾਰੇ ਧੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਆਉਣ - ਬੀਬੀ ਜਗੀਰ ਕੌਰ
ਮੀਟਿੰਗ ਤੋਂ ਬਾਅਦ ਬੀਬੀ ਜਗੀਰ ਕੌਰ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਾਰੇ ਪੰਥਕ ਧੜਿਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ। ਜਿਹੜੇ ਵੀ ਆਪਣੇ ਆਪ ਨੂੰ ਪੰਥਕ ਕਹਿੰਦੇ ਹਨ, ਉਨ੍ਹਾਂ ਨੂੰ ਇਸ ਸੱਦੇ ਨੂੰ ਸਵੀਕਾਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਈ ਇਕ ਧੜਾ ਹੀ ਪੰਥ ਦਾ ਪ੍ਰਤੀਨਿਧ ਨਹੀਂ ਹੈ, ਸਗੋਂ ਸਾਰੇ ਪੰਥਕ ਧੜੇ ਪੰਥ ਦਾ ਹਿੱਸਾ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਪਾਰਟੀ ਵਲੋਂ ਕੋਆਰਡੀਨੇਟਰ ਨਿਯੁਕਤ ਕੀਤੇ ਜਾ ਰਹੇ ਹਨ ਅਤੇ ਕਰੀਬ 30 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸਕਰੀਨਿੰਗ ਦਾ ਕੰਮ ਜਾਰੀ ਹੈ ਅਤੇ ਆਉਂਦੇ ਦਿਨਾਂ ਵਿਚ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।
ਮੀਟਿੰਗ ’ਚ ਗੁਰਪ੍ਰਤਾਪ ਸਿੰਘ ਵਡਾਲਾ,ਪਰਮਿੰਦਰ ਸਿੰਘ ਢੀਂਡਸਾ, ਰਤਨ ਸਿੰਘ ਅਜਨਾਲਾ, ਸੁੱਚਾ ਸਿੰਘ ਛੋਟੇਪੁਰ, ਗੋਬਿੰਦ ਸਿੰਘ ਲੌਂਗੋਵਾਲ, ਸਰਵਨ ਸਿੰਘ ਫਿਲੌਰ, ਭਾਈ ਮਨਜੀਤ ਸਿੰਘ, ਗਗਨਜੀਤ ਸਿੰਘ ਬਰਨਾਲਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਕਰਨੈਲ ਸਿੰਘ ਪੀਰ ਮੁਹੰਮਦ, ਰਣਧੀਰ ਸਿੰਘ ਰੱਖੜਾ, ਮਹਿੰਦਰ ਸਿੰਘ ਹੁਸੈਨਪੁਰ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਰਜਿੰਦਰ ਕੌਰ, ਸਿਮਰਜੀਤ ਕੌਰ ਸਿੱਧੂ, ਐੱਸ.ਸੀ ਵਿੰਗ ਦੇ ਪ੍ਰਧਾਨ ਹਰਵੇਲ ਸਿੰਘ, ਗੁਰਮੀਤ ਸਿੰਘ ਮਕਰੋਨਾ, ਹਰਜਿੰਦਰ ਸਿੰਘ ਜਿਦੀ, ਕੁਲਵਿੰਦਰ ਸਿੰਘ ਲਵਲੀ, ਰਣਬੀਰ ਸਿੰਘ ਪੂਨੀਆ, ਭੁਪਿੰਦਰ ਸਿੰਘ ਸੇਖੋਂਪੁਰ, ਚਰਨਜੀਤ ਸਿੰਘ ਮਾਵੀ, ਮਲਕੀਤ ਸਿੰਘ ਸਮਾਓ, ਜਸਵੰਤ ਸਿੰਘ ਪੜੈਣ, ਹਰਬੰਸ ਸਿੰਘ ਕਧੌਲਾ, ਜਗਤਾਰ ਸਿੰਘ ਸਹਾਰਨ ਮਾਜਰਾ, ਮਿੱਠੂ ਸਿੰਘ ਕਾਹਨੇਕੇ, ਅਜੈਪਾਲ ਸਿੰਘ ਮੀਰਾਕੋਟ, ਤੇਜਿੰਦਰ ਸਿੰਘ ਪੰਨੂ, ਜਗਜੀਤ ਸਿੰਘ ਕੋਹਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਹਿਲੀ ਸਤੰਬਰ ਨੂੰ ਸ੍ਰੀ ਪਟਨਾ ਸਾਹਿਬ ਭੇਜਿਆ ਜਾਵੇਗਾ ਲੰਗਰ ਦੀਆਂ ਰਸਦਾਂ ਦਾ ਟਰੱਕ- ਬਾਬਾ ਕਸ਼ਮੀਰ ਸਿੰਘ, ਬਾਬਾ ਸੁਖਵਿੰਦਰ... ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਮਹੱਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।