ਨਵੀਂ ਦਿੱਲੀ, 28 ਸਤੰਬਰ (ਪੀ.ਟੀ.ਆਈ.)-ਹਰਿਆਣਾ ਅਤੇ ਪੰਜਾਬ ਦੇ ਰਾਜਪਾਲਾਂ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਮੀਟਿੰਗਾਂ ਦੌਰਾਨ, ਹਰਿਆਣਾ ਦੇ ਰਾਜਪਾਲ ਆਸ਼ਿਮ ਕੁਮਾਰ ਘੋਸ਼ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਗ੍ਰਹਿ ਮੰਤਰੀ ਨਾਲ ਆਪਣੇ-ਆਪਣੇ ਰਾਜਾਂ ਨਾਲ ਸੰਬੰਧਿਤ ਮੁੱਦਿਆਂ ’ਤੇ ਚਰਚਾ ਕੀਤੀ। ਗ੍ਰਹਿ ਮੰਤਰੀ ਦੇ ਦਫ਼ਤਰ ਨੇ ‘ਐਕਸ’ ‘ਤੇ ਪੋਸਟ ਕੀਤਾ ਕਿ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਕ ਹੋਰ ਪੋਸਟ ’ਚ, ਦਫ਼ਤਰ ਨੇ ਕਿਹਾ ਕਿ ਹਰਿਆਣਾ ਦੇ ਰਾਜਪਾਲ ਆਸ਼ਿਮ ਕੁਮਾਰ ਘੋਸ਼ ਨੇ ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।