ਵਧੀਕ ਮੁੱਖ ਸਕੱਤਰ ਡੀ. ਕੇ. ਤਿਵਾੜੀ ਵਲੋਂ ਮੋਗਾ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ
ਮੋਗਾ, 21 ઠ ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਡੀ. ਕੇ.
ਮੋਗਾ, 21 ઠ ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਡੀ.ਕੇ. ਤਿਵਾੜੀ ਵਲੋਂ ਮੋਗਾ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਅੱਜ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੋਂ ਇਲਾਵਾ ਖ਼ੁਰਾਕ ਤੇ ਸਿਵਲ ਸਪਲਾਈ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ‘’ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖ਼ਰੀਦਣ ਲਈ ਵਚਨਬੱਧ ਹੈ’’।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਮੋਗਾ ਜ਼ਿਲ੍ਹੇ ਵਿਚ 13.5 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ, ਜਿਸ ਨੂੰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦੇ ਚੰਗੇ ਝਾੜ ਨਾਲ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲਗਾਤਾਰ ਮੰਡੀਆਂ ਦਾ ਦੌਰਾ ਕਰਨ ਤੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨਾਲ ਗੱਲਬਾਤ ਕਰਕੇ ਪੂਰੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।ਉਨ੍ਹਾਂ ਕਿਹਾ ਕਿ ਖ਼ਰੀਦ ਵੇਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਜਿਸ ਲਈ ਪੰਜਾਬ ਸਰਕਾਰ ਵਲੋਂ ਬਾਰਦਾਨੇ, ਕਿਸਾਨਾਂ ਨੂੰ ਅਦਾਇਗੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਮੋਗਾ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਤੇ ਖ਼ਰੀਦ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਡਿਪਟੀ ਕਮਿਸ਼ਨਰ ਸ੍ਰੀ ਸੇਤੀਆ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ ਕੁੱਲ ਸਥਾਈ ਤੇ ਆਰਜ਼ੀ 112 ਮੰਡੀਆਂ ਹਨ, ਜਿਸ ਵਿਚੋਂ 97 ਮੰਡੀਆਂ ਵਿਚ ਝੋਨੇ ਦੀ ਆਮਦ ਹੋ ਗਈ ਹੈ ਤੇ ਅਗਲੇ ਕੁਝ ਦਿਨਾਂ ਵਿਚ ਝੋਨੇ ਦੀ ਆਮਦ ਵਿਚ ਤੇਜ਼ੀ ਆਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 1 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਜਿਸ ਲਈ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਹੋ ਚੁੱਕੀ ਹੈ।ਸ੍ਰੀ ਤਿਵਾੜੀ ਵਲੋਂ ਮੋਗਾ ਜ਼ਿਲ੍ਹੇ ਵਿਚ ਪਰਾਲੀ ਦੇ ਯੋਗ ਨਿਪਟਾਰੇ ਦੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਹੀ ਪਰਾਲੀ ਦਾ ਨਿਪਟਾਰਾ ਕਰਨ ਜਿਸ ਨਾਲ ਜ਼ਮੀਨ ਦੀ ਸਿਹਤ ਵਿਚ ਸੁਧਾਰ ਹੋਵੇਗਾ ਤੇ ਵਾਤਾਵਰਣ ਸੰਭਾਲ ਵਿਚ ਵੀ ਮਦਦ ਮਿਲੇਗੀ। ਉਨ੍ਹਾਂ ਜ਼ਿਲ੍ਹੇ ਵਿਚ ਗਠਿਤ ਕੀਤੀਆਂ ‘’ਪਰਾਲੀ ਪ੍ਰੋਟੈਕਸ਼ਨ ਫੋਰਸ’’ ਦੇ ਕੰਮ ਦੀ ਵੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਬੇਲਰਾਂ ਰਾਹੀਂ ਪਰਾਲੀ ਦੀਆਂ ਗੱਠਾਂ ਬਣਾ ਕੇ ਪਰਾਲੀ ਨੂੰ ਸਾਂਭਣ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਈ ਗਈ ਹੈ। ਇਸ ਤੋਂ ਇ ਲਾਵਾ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਵਿਚ ਕਿਸਾਨਾਂ ਦੇ ਸਹਿਯੋਗ ਤੇ ਪ੍ਰਸ਼ਾਸਨ ਦੀ ਕਾਰਵਾਈ ਨਾਲ 52 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ 197 ਨੋਡਲ ਅਫ਼ਸਰ ਤੇ ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ 1214 ਮਸ਼ੀਨਾਂ ਸਬਸਿਡੀ ਉੱਪਰ ਦਿੱਤੀਆਂ ਗਈਆਂ ਹਨ ਤੇ ਸਹਿਕਾਰਤਾ ਵਿਭਾਗ ਵਲੋਂ ਵੀ 386 ਮਸ਼ੀਨਾਂ ਖ਼ਰੀਦਿਆਂ ਗਈਆਂ ਹਨ ਜੋ ਕਿ ਕਿਸਾਨਾਂ ਨੂੰ ਵਰਤਣ ਲਈ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਵਾਲ ਪੇਂਟਿੰਗ ਤੇ ਨੁੱਕੜ ਨਾਟਕਾਂ ਰਾਹੀਂ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਗਸ਼ਤ ਕਰਨ ਵਾਲੀਆਂ ਟੀਮਾਂ ਵਿਚ ਵਾਧਾ ਕਰਕੇ ਇਨ੍ਹਾਂ ਦੀ ਗਿਣਤੀ 45 ਕਰ ਦਿੱਤੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਡੀ. ਐਮਜ਼, ਖ਼ਰੀਦ ਏਜੰਸੀਆਂ ਦੇ ਅਧਿਕਾਰੀ, ਖ਼ੁਰਾਕ ਸਪਲਾਈ ਵਿਭਾਗ, ਖੇਤੀਬਾੜੀ, ਸਹਿਕਾਰਤਾ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।