ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਧਾਰਮਿਕ ਟੂਰ ਲਗਾਇਆ
ਕਿਸ਼ਨਪੁਰਾ ਕਲਾਂ, 22 ਨਵੰਬਰ (ਅਮੋਲਕ ਸਿੰਘ ਕਲਸੀ)- ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਇਕ ਰੋਜ਼ਾ ਵਿੱਦਿਅਕ ਅਤੇ ਧਾਰਮਿਕ ਟੂਰ ਲਗਾਇਆ ਗਿਆ। ਇਸ ਟੂਰ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਕਿਸ਼ਨਪੁਰਾ ਕਲਾਂ, 22 ਨਵੰਬਰ (ਅਮੋਲਕ ਸਿੰਘ ਕਲਸੀ)- ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਇਕ ਰੋਜ਼ਾ ਵਿੱਦਿਅਕ ਅਤੇ ਧਾਰਮਿਕ ਟੂਰ ਲਗਾਇਆ ਗਿਆ। ਇਸ ਟੂਰ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਟੂਰ ਦੌਰਾਨ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਭੋਰਾ ਸਾਹਿਬ, ਠੰਢਾ ਬੁਰਜ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਦਰਸ਼ਨ ਕੀਤੇ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ ਅਤੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਨ੍ਹਾਂ ਰਾਹੀਂ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਆਪਣੇ ਇਤਿਹਾਸ, ਸਭਿਆਚਾਰ ਅਤੇ ਕੁਰਬਾਨੀਆਂ ਬਾਰੇ ਪ੍ਰਤੱਖ ਰੂਪ ਵਿਚ ਜਾਣਨ ਦਾ ਮੌਕਾ ਮਿਲਦਾ ਹੈ। ਟੂਰ ਦੇ ਅੰਤ ਵਿਚ ਵਿਦਿਆਰਥੀਆਂ ਨੇ ਗੁਰੂ ਕਾ ਲੰਗਰ ਛਕਿਆ। ਇਸ ਦੌਰਾਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਇਹ ਟੂਰ ਸਫਲਤਾ ਪੂਰਵਕ ਸਮਾਪਤ ਹੋਇਆ। ਇਸ ਮੌਕੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।