ਨੱਥੂਵਾਲਾ ਗਰਬੀ, 23 ਨਵੰਬਰ (ਨਵਦੀਪ ਸਿੰਘ)- ਜੀ.ਐਨ. ਕਾਨਵੈਂਟ ਸਕੂਲ ਭਲੂਰ (ਮੋਗਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ਼ ਵਲੋਂ ਵੱਖ-ਵੱਖ ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆ। ਇਸ ਮੌਕੇ ਵਿਦਿਆਰਥੀਆਂ ਨੇ ਧਾਰਮਿਕ ਵਿਚਾਰਾਂ ਅਤੇ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਦਸਤਾਰ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਸੁੰਦਰ ਢੰਗ ਨਾਲ ਦਸਤਾਰ ਸਜਾ ਕੇ ਆਪਣੀ ਸਿੱਖ ਵਿਰਾਸਤ ਅਤੇ ਸਭਿਆਚਾਰ ਪ੍ਰਤੀ ਪਿਆਰ ਦਾ ਪ੍ਰਗਟਾਵਾ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥੀਆਂ ਦੀ ਪੱਗ ਬੰਨ੍ਹਣ ਦੀ ਕਲਾ ਅਤੇ ਸਲੀਕੇ ਨੂੰ ਦੇਖਦਿਆਂ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਧਾਰਮਿਕ ਮਹੱਤਤਾ ਨਾਲ ਸੰਬੰਧਿਤ ਸੁੰਦਰ ਚਿੱਤਰ ਬਣਾਏ। ਬੱਚਿਆਂ ਦੀ ਸਿਰਜਣਾਤਮਿਕ ਸੋਚ ਅਤੇ ਕਲਾ ਦੀ ਖੂਬ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਜਿਵੇਂ ਕਿ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਮਹੱਤਵ ਬਾਰੇ ਜਾਣੂੰ ਕਰਵਾਇਆ ਗਿਆ। ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਵੀ ਆਪਣੀਆਂ ਕਲਾਸਾਂ ਵਿਚ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਰਾਹੀਂ ਇਸ ਪਵਿੱਤਰ ਦਿਹਾੜੇ ਨੂੰ ਮਨਾਇਆ। ਸਕੂਲ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲਣ, ਮਨੁੱਖਤਾ ਦੀ ਸੇਵਾ ਕਰਨ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।