26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਖਨੌਰੀ - ਸ਼ੰਭੂ ਬਾਰਡਰਾਂ ਤੋਂ ਚੋਰੀ ਹੋਏ ਕਿਸਾਨਾਂ ਦੇ ਸਾਮਾਨ ਦੀ ਭਰਪਾਈ ਨਾ ਹੋਈ ਤਾਂ 31 ਅਗਸਤ ਨੂੰ ਡੀ.ਸੀ. ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ - ਬੀ.ਕੇ.ਯੂ. ਏਕਤਾ ਆਜ਼ਾਦ

ਖਨੌਰੀ, 25 ਅਗਸਤ (ਬਲਵਿੰਦਰ ਸਿੰਘ ਥਿੰਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਮੂਣਕ ਵਲੋਂ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਦੇ ਸੱਦੇ ਤਹਿਤ ਅੱਜ ਪਿੰਡ-ਪਿੰਡ ਪੰਜਾਬ ਸਰਕਾਰ ਵਿਰੁੱਧ ਪੋਸਟਰ ਲਗਾ ਕੇ ਲੋਕਾਂ ਨੂੰ ਕਿਸਾਨੀ ਮਸਲਿਆਂ ਅਤੇ ਸੰਘਰਸ਼ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕਦਿਆਂ ਖਨੌਰੀ ਅਤੇ ਸ਼ੰਭੂ ਬਾਰਡਰਾਂ ਤੋਂ ਕਿਸਾਨਾਂ ਦੇ ਸਮਾਨ ਦੀ ਕਥਿਤ ਤੌਰ ’ਤੇ ਹੋਈ ਨੁਕਸਾਨੀ ਅਤੇ ਗੁੰਮਸ਼ੁਦਗੀ ਦੀ ਭਰਪਾਈ ਕਰਨ ਦੀ ਮੰਗ ਕੀਤੀ।

ਅਜੀਤ ਡੈਸਕ 26-08-2026
ਖਨੌਰੀ, 25 ਅਗਸਤ (ਬਲਵਿੰਦਰ ਸਿੰਘ ਥਿੰਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਮੂਣਕ ਵਲੋਂ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਦੇ ਸੱਦੇ ਤਹਿਤ ਅੱਜ ਪਿੰਡ-ਪਿੰਡ ਪੰਜਾਬ ਸਰਕਾਰ ਵਿਰੁੱਧ ਪੋਸਟਰ ਲਗਾ ਕੇ ਲੋਕਾਂ ਨੂੰ ਕਿਸਾਨੀ ਮਸਲਿਆਂ ਅਤੇ ਸੰਘਰਸ਼ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕਦਿਆਂ ਖਨੌਰੀ ਅਤੇ ਸ਼ੰਭੂ ਬਾਰਡਰਾਂ ਤੋਂ ਕਿਸਾਨਾਂ ਦੇ ਸਮਾਨ ਦੀ ਕਥਿਤ ਤੌਰ ’ਤੇ ਹੋਈ ਨੁਕਸਾਨੀ ਅਤੇ ਗੁੰਮਸ਼ੁਦਗੀ ਦੀ ਭਰਪਾਈ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮੀਟਿੰਗਾਂ ਦੇ ਬਹਾਨੇ ਬੁਲਾ ਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਅਤੇ ਇਸ ਤੋਂ ਬਾਅਦ ਮੋਰਚਿਆਂ ਨੂੰ ਜਬਰੀ ਖਾਲੀ ਕਰਵਾਇਆ ਗਿਆ। ਆਗੂਆਂ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਮੋਰਚਿਆਂ ਵਿੱਚ ਮੌਜੂਦ ਕਿਸਾਨਾਂ ਦਾ ਵੱਡੀ ਮਾਤਰਾ ਵਿੱਚ ਸਮਾਨ ਖ਼ਰਾਬ ਹੋਣ ਜਾਂ ਗਾਇਬ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੋਰਚੇ ਵਿੱਚੋਂ ਕਿਸਾਨਾਂ ਦੀਆਂ ਟਰਾਲੀਆਂ, ਟੈਂਟ, ਮੰਜੇ, ਬਿਸਤਰੇ ਅਤੇ ਇੱਥੋਂ ਤੱਕ ਕਿ ਕੱਪੜੇ ਵੀ ਕਥਿਤ ਤੌਰ ’ਤੇ ਲੈ ਜਾਏ ਗਏ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਸਬੰਧੀ ਉਨ੍ਹਾਂ ਕੋਲ ਸਬੂਤ ਮੌਜੂਦ ਹਨ ਅਤੇ ਕੁਝ ਟਰਾਲੀਆਂ ਨਾਭਾ ਦੇ ਈ.ਓ. ਦੀ ਸਰਕਾਰੀ ਰਿਹਾਇਸ਼ ਅਤੇ ਕੁਝ ਇੱਕ ਆਮ ਆਦਮੀ ਪਾਰਟੀ ਆਗੂ ਦੀ ਵਰਕਸ਼ਾਪ ਵਿੱਚੋਂ ਪੁਲਿਸ ਦੀ ਮੌਜੂਦਗੀ ਵਿੱਚ ਬਰਾਮਦ ਹੋਣ ਦਾ ਵੀ ਦਾਅਵਾ ਕੀਤਾ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਸਮਾਨ ਦੀ ਹੋਈ ਕਥਿਤ ਚੋਰੀ ਜਾਂ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ 31 ਅਗਸਤ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰਾਂ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਜਾਣਗੇ। ਇਸ ਤੋਂ ਬਾਅਦ 14 ਸਤੰਬਰ ਤੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੇ ਘਰਾਂ ਅੱਗੇ ਪੰਜ-ਪੰਜ ਦਿਨਾਂ ਦੇ ਪੱਕੇ ਮੋਰਚੇ ਲਗਾਏ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ-ਪਿੰਡ ਪੋਸਟਰ ਲਗਾਉਣ ਦੀ ਮੁਹਿੰਮ ਦਾ ਮਕਸਦ ਲੋਕਾਂ ਨੂੰ ਕਿਸਾਨਾਂ ਦੀਆਂ ਮੰਗਾਂ, ਸਰਕਾਰ ਦੀ ਕਥਿਤ ਕਾਰਵਾਈ ਅਤੇ ਆਉਣ ਵਾਲੇ ਸੰਘਰਸ਼ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਇਨ੍ਹਾਂ ਸੰਘਰਸ਼ੀ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ, ਸੁਖਦੇਵ ਸ਼ਰਮਾ ਭਟਾਲ ਖੁਰਦ, ਬਲਾਕ ਪ੍ਰਧਾਨ ਅਮਨਦੀਪ ਸਿੰਘ ਮੰਡਵੀ, ਗੁਰਬਾਜ਼ ਸਿੰਘ ਥੇੜ੍ਹੀ ਸਾਬਕਾ ਸਰਪੰਚ, ਮੁਖਤਿਆਰ ਸਿੰਘ, ਬੀਰਬਲ ਸਿੰਘ, ਜਸਬੀਰ ਸਿੰਘ ਥੇੜ੍ਹੀ, ਹਰਭਗਵਾਨ ਸਿੰਘ, ਬਲਕਾਰ ਸਿੰਘ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਪੇ ਨਿਯੁਕਤੀ ਪੱਤਰ ਅਗਲੀ ਖ਼ਬਰ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।