ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ
ਸੁਨਾਮ ਊਧਮ ਸਿੰਘ ਵਾਲਾ, 25 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੁੱਲ 4. 31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਕੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਵਾਈ।
ਸੁਨਾਮ ਊਧਮ ਸਿੰਘ ਵਾਲਾ, 25 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੁੱਲ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਕੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ 3.10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮਾਰਕੀਟ ਕਮੇਟੀ ਦੇ ਨਵੇਂ ਦਫ਼ਤਰ ਦੀ ਇਮਾਰਤ ਅਤੇ 1.21 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆੜ੍ਹਤੀਆ-ਮਜ਼ਦੂਰ ਮੀਟਿੰਗ ਹਾਲ/ਆਰਾਮ ਘਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਦੀ ਨਵੀਂ ਅਨਾਜ ਮੰਡੀ ਵਿੱਚ ਸ਼ੁਰੂ ਕੀਤੇ ਇਹ ਦੋਵੇਂ ਪ੍ਰੋਜੈਕਟ ਮੰਡੀ ਨਾਲ ਜੁੜੇ ਵੱਖ-ਵੱਖ ਵਰਗਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਮਾਰਕੀਟ ਕਮੇਟੀ ਦਫ਼ਤਰ ਦੇ ਬਣਨ ਨਾਲ ਮੰਡੀ ਪ੍ਰਬੰਧਨ ਨਾਲ ਸਬੰਧਿਤ ਕੰਮਕਾਜ ਲਈ ਵਧੇਰੇ ਸੁਚੱਜੀਆਂ ਅਤੇ ਸੁਵਿਧਾਜਨਕ ਸਹੂਲਤਾਂ ਉਪਲਬਧ ਹੋਣਗੀਆਂ। ਇਸੇ ਤਰ੍ਹਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਲਈ ਬਣਨ ਵਾਲਾ ਮੀਟਿੰਗ ਹਾਲ ਅਤੇ ਆਰਾਮ ਘਰ ਉਨ੍ਹਾਂ ਨੂੰ ਮੰਡੀ ਵਿੱਚ ਕੰਮਕਾਜ ਦੌਰਾਨ ਲੋੜੀਂਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਏਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਅਤੇ ਮੰਡੀ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸੜਕਾਂ, ਪਾਣੀ, ਸਫ਼ਾਈ, ਬਿਜਲੀ, ਸ਼ੈੱਡਾਂ ਅਤੇ ਹੋਰ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੁਨਾਮ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਲੋੜੀਂਦੇ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜਨੇਜਾ ਨੇ ਸਾਰੇ ਆੜ੍ਹਤੀ ਭਰਾਵਾਂ ਦਾ, ਕਿਸਾਨਾਂ, ਮਨੀਮ ਸਮੂਹ ਦਾ, ਗੱਲਾਂ ਮਜ਼ਦੂਰਾਂ ਦਾ ਤੇ ਹੋਰ ਆਏ ਸਾਰੇ ਪੰਚ ਸਰਪੰਚ, ਐਮ.ਸੀ. ਤੇ ਹਾਜ਼ਰ ਇਲਾਕਾ ਵਾਸੀਆਂ ਦਾ ਸਵਾਗਤ ਕੀਤਾ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਦੇ ਵਿਕਾਸ ਕਾਰਜਾਂ ਦੇ ਉਪਰਾਲਿਆਂ ਦੇ ਲਈ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਅਹੁਦੇਦਾਰ, ਪਤਵੰਤੇ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।