ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਨੇ ਲੰਬੇ ਸਮੇਂ ਤੋਂ ਲਟਕਦੀਆਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਵਲੋਂ ਪੜਾਅਵਾਰ ਸੰਘਰਸ਼ ਪ੍ਰੋਗਰਾਮ ਉਲੀਕਦਿਆਂ 28 ਸਤੰਬਰ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਧਰਨੇ ਦੇਣ ਅਤੇ 1 ਅਕਤੂਬਰ ਨੂੰ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਬਾਅਦ 9 ਅਕਤੂਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਮਹਾ ਰੈਲੀ ਕੀਤੀ ਜਾਵੇਗੀ। ਯੂਨੀਅਨ ਆਗੂ ਨਰਿੰਦਰ ਸਿੰਘ ਨੇ ਦੱਸਿਆ ਕਿ 28 ਸਤੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚ ਸਿਵਲ ਸਰਜਨ ਦਫ਼ਤਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ। ਇਸ ਦੌਰਾਨ ਸਿਵਲ ਸਰਜਨਾਂ ਰਾਹੀਂ ਸਿਹਤ ਵਿਭਾਗ ਤੇ ਸਰਕਾਰ ਨੂੰ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਤੋਂ ਜਾਣੂ ਕਰਵਾਉਂਦਿਆਂ ਮੰਗ ਪੱਤਰ ਵੀ ਸੌਂਪੇ ਜਾਣਗੇ । ਯੂਨੀਅਨ ਆਗੂ ਬਗੀਚ ਸਿੰਘ ਨੇ ਦੱਸਿਆ ਕਿ 1 ਅਕਤੂਬਰ ਨੂੰ ਪੰਜਾਬ ਭਰ ਵਿਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਜਾਣਗੇ। ਇਸ ਮੌਕੇ ਸਰਕਾਰ ਤੋਂ ਪਿਛਲੀਆਂ ਮੀਟਿੰਗਾਂ ਦੌਰਾਨ ਕੀਤੇ ਗਏ ਫ਼ੈਸਲਿਆਂ ਅਤੇ ਦਿੱਤੇ ਭਰੋਸਿਆਂ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 9 ਅਕਤੂਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ। ਯੂਨੀਅਨ ਅਨੁਸਾਰ ਇਸ ਰੈਲੀ ਵਿਚ ਪੰਜਾਬ ਭਰ ਤੋਂ ਲਗਭਗ 6,000 ਤੋਂ 6,500 ਐੱਨ.ਐੱਚ.ਐੱਮ. ਮੁਲਾਜ਼ਮਾਂ ਤੋਂ ਇਲਾਵਾ ਹੋਰ ਭਰਾਤਰੀ ਸਿਹਤ ਜਥੇਬੰਦੀਆਂ ਦੇ ਮੈਂਬਰ ਵੀ ਸ਼ਾਮਲ ਹੋਣਗੇ। ਯੂਨੀਅਨ ਆਗੂ ਡਾ.ਪ੍ਰੀਤ ਮੁਖੀਜਾ ਨੇ ‘ਬਰਾਬਰ ਕੰਮ ਬਰਾਬਰ ਤਨਖ਼ਾਹ’ ਦੇ ਸਿਧਾਂਤ ਨੂੰ ਲਾਗੂ ਕਰਨ ਦੀ ਮੰਗ ਕੀਤੀ।