ਦੀਵਾਲੀ ਨੇੜੇ ਆਉਂਦਿਆਂ ਹੀ ਗੁਰੂਹਰਸਹਾਏ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ’ਚ ਪਟਾਕਿਆਂ ਦੇ ਭੰਡਾਰ ਹੋਣ ਦਾ ਖ਼ਦਸ਼ਾ
ਗੁਰੂਹਰਸਹਾਏ, 7 ਅਕਤੂਬਰ (ਕਪਿਲ ਕੰਧਾਰੀ)-ਦੀਵਾਲੀ ਦਾ ਤਿਉਹਾਰ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਤਿਵੇਂ-ਤਿਵੇਂ ਪਟਾਕਿਆਂ ਦੀ ਵਿੱਕਰੀ ਨੂੰ ਲੈ ਕੇ ਸਰਗਰਮੀਆਂ ਵੀ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਗੁਰੂਹਰਸਹਾਏ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਪਟਾਕਿਆਂ ਦਾ ਵੱਡੀ ਮਾਤਰਾ ਵਿਚ ਭੰਡਾਰ ਕੀਤੇ ਜਾਣ ਦੇ ਖ਼ਦਸ਼ੇ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਗੁਰੂਹਰਸਹਾਏ, 7 ਅਕਤੂਬਰ (ਕਪਿਲ ਕੰਧਾਰੀ)-ਦੀਵਾਲੀ ਦਾ ਤਿਉਹਾਰ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਤਿਵੇਂ-ਤਿਵੇਂ ਪਟਾਕਿਆਂ ਦੀ ਵਿੱਕਰੀ ਨੂੰ ਲੈ ਕੇ ਸਰਗਰਮੀਆਂ ਵੀ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਗੁਰੂਹਰਸਹਾਏ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਪਟਾਕਿਆਂ ਦਾ ਵੱਡੀ ਮਾਤਰਾ ਵਿਚ ਭੰਡਾਰ ਕੀਤੇ ਜਾਣ ਦੇ ਖ਼ਦਸ਼ੇ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਕੁੱਝ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਪਟਾਕੇ ਸਟੋਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਸਬੰਧੀ ਅਧਿਕਾਰਤ ਜਾਂਚ ਤੇ ਲਾਇਸੈਂਸਾਂ ਦੀ ਸਥਿਤੀ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ। ਇਸ ਮਾਮਲੇ ਸਬੰਧੀ ਸ਼ਹਿਰ ਦੇ ਸਮਾਜ ਸੇਵੀਆਂ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਵੱਡੀ ਮਾਤਰਾ ਵਿਚ ਪਟਾਕੇ ਸਟੋਰ ਕੀਤੇ ਜਾ ਰਹੇ ਹਨ ਤਾਂ ਇਹ ਕਿਸੇ ਵੀ ਸਮੇਂ ਗੰਭੀਰ ਹਾਦਸੇ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਥਾਨਾਂ ’ਤੇ ਅੱਗ ਲੱਗਣ ਜਾਂ ਹੋਰ ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਰਤ ਵਿਚ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸਮਾਜ ਸੇਵੀਆਂ ਨੇ ਸਵਾਲ ਉਠਾਇਆ ਕਿ, ਕੀ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਕੋਲ ਲੋੜੀਂਦੇ ਲਾਇਸੈਂਸ ਹਨ ਤੇ ਕੀ ਪਟਾਕਿਆਂ ਦਾ ਭੰਡਾਰ ਸਰਕਾਰ ਵਲੋਂ ਨਿਰਧਾਰਿਤ ਨਿਯਮਾਂ ਤੇ ਸੁਰੱਖਿਆ ਮਾਪਦੰਡਾਂ ਅਨੁਸਾਰ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿੱਕਰੀ ਅਤੇ ਸਟੋਰੇਜ ਲਈ ਨਿਰਧਾਰਿਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਪਟਾਕਿਆਂ ਦੀ ਵਿੱਕਰੀ ਲਈ ਨਿਰਧਾਰਿਤ ਥਾਵਾਂ ਤੇ ਲਾਇਸੈਂਸਾਂ ਸਬੰਧੀ ਨਿਯਮਾਂ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵੱਲ ਪ੍ਰਸ਼ਾਸਨ ਵਲੋਂ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਸਮਾਜ ਸੇਵੀਆਂ ਨੇ ਮੰਗ ਕੀਤੀ ਕਿ ਦੀਵਾਲੀ ਤੋਂ ਪਹਿਲਾਂ ਹੀ ਸ਼ਹਿਰ ਦੇ ਬਾਜ਼ਾਰਾਂ ਤੇ ਦੁਕਾਨਾਂ ਦੀ ਜਾਂਚ ਕਰਕੇ ਇਹ ਪਤਾ ਲਗਾਇਆ ਜਾਵੇ ਕਿ ਕਿਤੇ ਨਿਯਮਾਂ ਦੀ ਉਲੰਘਣਾ ਕਰਦਿਆਂ ਤਾਂ ਪਟਾਕਿਆਂ ਦਾ ਭੰਡਾਰ ਨਹੀਂ ਕੀਤਾ ਜਾ ਰਿਹਾ।ਇਸ ਦੇ ਨਾਲ ਹੀ ਕੁੱਝ ਸੂਤਰਾਂ ਨੇ ਇਹ ਵੀ ਦਾਅਵਾ ਕੀਤਾ ਕਿ ਜਦੋਂ ਪਟਾਕਿਆਂ ਦੇ ਗੈਰ-ਨਿਯਮਤ ਭੰਡਾਰ ਸਬੰਧੀ ਖ਼ਬਰਾਂ ਪ੍ਰਕਾਸ਼ਿਤ ਹੁੰਦੀਆਂ ਹਨ ਤੇ ਅਗਲੇ ਦਿਨ ਜਾਂਚ ਹੋਣ ਦੀ ਸੰਭਾਵਨਾ ਹੁੰਦੀ ਹੈ ਤਾਂ ਕਥਿਤ ਤੌਰ ’ਤੇ ਕੁੱਝ ਪਟਾਕਾ ਵਿਕ੍ਰੇਤਾਵਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਂਦਾ ਹੈ। ਇਸ ਕਾਰਨ ਜਾਂਚ ਤੋਂ ਪਹਿਲਾਂ ਦੁਕਾਨਾਂ ਦੇ ਸ਼ਟਰ ਬੰਦ ਕਰ ਦਿੱਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਸਮਾਜ ਸੇਵੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕੋਈ ਵੀ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।