18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐੱਨ.ਐੱਚ.ਐੱਮ ਮੁਲਾਜ਼ਮਾਂ ਦੀ ਹੜਤਾਲ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਰਹੇਗੀ ਜਾਰੀ 19 ਨਵੰਬਰ ਤੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਲੱਗੇਗਾ ਪੱਕਾ ਧਰਨਾ

ਫ਼ਿਰੋਜ਼ਪੁਰ,17 ਨਵੰਬਰ (ਕੁਲਬੀਰ ਸਿੰਘ ਸੋਢੀ): ਐੱਨ. ਐੱਚ.

ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਕਰਦੇ ਹੋਏ ਐੱਨ.ਐੱਚ.ਐੱਮ ਮੁਲਾਜ਼ਮ ਜਥੇਬੰਦੀ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ 18-11-2026
ਫ਼ਿਰੋਜ਼ਪੁਰ,17 ਨਵੰਬਰ (ਕੁਲਬੀਰ ਸਿੰਘ ਸੋਢੀ): ਐੱਨ.ਐੱਚ.ਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਆਪਣੀਆਂ ਲੰਬਿਤ ਮੰਗਾਂ ਦੀ ਪ੍ਰਾਪਤੀ ਲਈ ਸਮੂਹ ਐੱਨ.ਐੱਚ.ਐੱਮ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਉਨ੍ਹਾਂ ਸਬੰਧੀ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ। ਯੂਨੀਅਨ ਆਗੂ ਨਰਿੰਦਰ ਸਿੰਘ ਕੰਮਿਊਨਿਟੀ ਹੈੱਲਥ ਅਫਸਰ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਗਠਿਤ ਮੁਲਾਜ਼ਮ ਭਲਾਈ ਕਮੇਟੀ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਐੱਨ.ਐੱਚ.ਐੱਮ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਜੀਦਗੀ ਦਿਖਾਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਅਤੇ ਉਨ੍ਹਾਂ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਨੇ ਅਧਿਕਾਰੀਆਂ ਦੇ ਇਸ ਰਵੱਈਏ ਨੂੰ ਹਾਂ-ਪੱਖੀ ਕਦਮ ਕਰਾਰ ਦਿੱਤਾ, ਪਰ ਨਾਲ ਹੀ ਸਪੱਸ਼ਟ ਕੀਤਾ ਕਿ ਮੰਗਾਂ ਦਾ ਅਸਲ ਹੱਲ ਸਰਕਾਰੀ ਫੈਸਲੇ ਅਤੇ ਲਿਖਤੀ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਹੀ ਸੰਭਵ ਹੋਵੇਗਾ। ਯੂਨੀਅਨ ਆਗੂ ਬਗੀਚ ਸਿੰਘ ਅਤੇ ਡਾ. ਯੁਵਰਾਜ ਸਿੰਘ ਨੇ ਕਿਹਾ ਕਿ ਐੱਨ.ਐੱਚ.ਐੱਮ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ , ਪਰ ਸਰਕਾਰ ਦੇ ਵੱਖ-ਵੱਖ ਪੱਧਰਾਂ ’ਤੇ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਬਣਦੇ ਸੇਵਾ ਲਾਭ ਅਤੇ ਹੋਰ ਹੱਕ ਦਿੱਤੇ ਜਾਣ, ਤਾਂ ਜੋ ਉਹ ਬਿਨਾਂ ਕਿਸੇ ਆਰਥਿਕ ਅਤੇ ਮਾਨਸਿਕ ਅਸੁਰੱਖਿਆ ਦੇ ਆਪਣੀਆਂ ਸੇਵਾਵਾਂ ਨਿਭਾ ਸਕਣ। ਆਗੂ ਹਰਜਿੰਦਰ ਸਿੰਘ ਨੇ ਕਿਹਾ ਕਿ ਸਿਰਫ਼ ਮੀਟਿੰਗਾਂ ਵਿਚ ਭਰੋਸੇ ਦੇਣ ਨਾਲ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਹੋ ਸਕਦਾ। ਸਰਕਾਰ ਨੂੰ ਹੁਣ ਮੰਗਾਂ ਸਬੰਧੀ ਠੋਸ ਫੈਸਲਾ ਲੈ ਕੇ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਦੁਹਰਾਇਆ ਕਿ ਜਦੋਂ ਤੱਕ ਸਰਕਾਰੀ ਪੱਧਰ ’ਤੇ ਲਿਖਤੀ ਹੁਕਮ ਜਾਰੀ ਨਹੀਂ ਹੁੰਦੇ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਯੂਨੀਅਨ ਵਲੋਂ ਐਲਾਨ ਕੀਤਾ ਗਿਆ ਕਿ ਪਹਿਲਾਂ ਤੋਂ ਉਲੀਕੇ ਸੰਘਰਸ਼ ਦੇ ਪ੍ਰੋਗਰਾਮ ਅਨੁਸਾਰ 19 ਨਵੰਬਰ ਤੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਧਰਨੇ ਰਾਹੀਂ ਸਰਕਾਰ ਦਾ ਧਿਆਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਵੱਲ ਖਿੱਚਿਆ ਜਾਵੇਗਾ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਯੂਨੀਅਨ ਆਗੂ ਡਾ. ਪ੍ਰੀਤ ਮੁਖੀਜਾ ਨੇ ਸਮੂਹ ਐੱਨ.ਐੱਚ.ਐੱਮ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਏਕਤਾ ਅਤੇ ਅਨੁਸ਼ਾਸਨ ਬਣਾਈ ਰੱਖਦੇ ਹੋਏ ਸੰਘਰਸ਼ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇਕ ਮੁਲਾਜ਼ਮ ਦੀ ਨਹੀਂ, ਸਗੋਂ ਸਮੁੱਚੇ ਐੱਨ.ਐੱਚ.ਐੱਮ ਮੁਲਾਜ਼ਮ ਵਰਗ ਦੇ ਭਵਿੱਖ, ਰੁਜ਼ਗਾਰ ਦੀ ਸੁਰੱਖਿਆ ਅਤੇ ਹੱਕਾਂ ਦੀ ਲੜਾਈ ਹੈ। ਅੰਤ ਵਿਚ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੀਆਂ ਮੀਟਿੰਗਾਂ ਦੌਰਾਨ ਵੀ ਐੱਨ.ਐੱਚ.ਐੱਮ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ ਗਿਆ ਤਾਂ ਸੰਘਰਸ਼ ਨੂੰ ਕਿਸੇ ਵੀ ਪੱਧਰ ਤੱਕ ਲਿਜਾਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਡਾ. ਗੁਰਵਿੰਦਰ ਸਿੰਘ, ਡਾ. ਅਸ਼ੋਕ ਸਿੰਘ, ਡਾ. ਲਲਿਤ, ਡਾ. ਅਮਨ, ਡਾ. ਮਨਮੀਤ ਕੌਰ, ਨੇਹਾ, ਗੌਰਵ, ਰਾਹੁਲ, ਡਾ. ਸੀਮਾ ਅਤੇ ਪੈਰਾਮੈਡੀਕਲ ਯੂਨੀਅਨ ਪੰਜਾਬ ਦੇ ਆਗੂ ਨਰਿੰਦਰ ਸ਼ਰਮਾ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਵਾਸੀ ਖੁਦ ਦਰਜ ਕਰਨ ਪਰਿਵਾਰਕ ਵੇਰਵੇ ਡਿਪਟੀ ਕਮਿਸ਼ਨਰ ਵਲੋਂ ਸਹਿਯੋਗ ਦੀ ਅ... ਅਗਲੀ ਖ਼ਬਰ ਲੁਧਿਆਣਾ ਰੇਲਵੇ ਸਟੇਸ਼ਨ ’ਤੇ ‘‘ਫੋਰਟਰੈਸ ਚੈੱਕ’’ ਤਹਿਤ ਵਿਸ਼ੇਸ਼ ਟਿਕਟ ਜਾਂਚ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।