ਅਧਿਆਪਕਾਂ ’ਤੇ ਪੁਲਿਸ ਤਸ਼ੱਦਦ ਸਰਕਾਰ ਦਾ ਨਾਦਰਸ਼ਾਹੀ ਵਤੀਰਾ ਚੋਣਾਂ ’ਚ ‘ਆਪ’ ਨੂੰ ਪਵੇਗਾ ਮਹਿੰਗਾ-ਕਰਨੈਲ ਸਿੰਘ ਪੀਰ ਮੁਹੰਮਦ
ਮੱਖੂ, 23 ਨਵੰਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਦਾਅਵਿਆਂ ਨੂੰ ਗੁੰਮਰਾਹਕੁੰਨ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਅਧਿਆਪਕ ਵਰਗ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਪੇਅ-ਸਕੇਲ, ਭੱਤਿਆਂ, ਸਰਵਿਸ ਰੂਲਾਂ ਅਤੇ ਪੈਨਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਬਿਨਾਂ ਅਧਿਆਪਕਾਂ ਨੂੰ ਪੱਕਾ ਕਰਨ ਦੇ ਦਾਅਵੇ ਸਿਰਫ਼ ਸਿਆਸੀ ਪ੍ਰਚਾਰ ਤੱਕ ਹੀ ਸੀਮਤ ਹਨ।
ਮੱਖੂ, 23 ਨਵੰਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਦਾਅਵਿਆਂ ਨੂੰ ਗੁੰਮਰਾਹਕੁੰਨ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਅਧਿਆਪਕ ਵਰਗ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਪੇਅ-ਸਕੇਲ, ਭੱਤਿਆਂ, ਸਰਵਿਸ ਰੂਲਾਂ ਅਤੇ ਪੈਨਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਬਿਨਾਂ ਅਧਿਆਪਕਾਂ ਨੂੰ ਪੱਕਾ ਕਰਨ ਦੇ ਦਾਅਵੇ ਸਿਰਫ਼ ਸਿਆਸੀ ਪ੍ਰਚਾਰ ਤੱਕ ਹੀ ਸੀਮਤ ਹਨ। ਇੱਥੇ ਜਾਰੀ ਪੈ੍ੱਸ ਬਿਆਨ ਵਿਚ ਪੀਰ ਮੁਹੰਮਦ ਨੇ ਦੋਸ਼ ਲਾਇਆ ਕਿ ਸਰਕਾਰ ਨੇ ਕਰੋੜਾਂ ਰੁਪਏ ਦੇ ਇਸ਼ਤਿਹਾਰਾਂ ਅਤੇ ਵੱਡੇ-ਵੱਡੇ ਹੋਰਡਿੰਗਾਂ ਰਾਹੀਂ ਲੋਕਾਂ ਵਿਚ ਇਹ ਪ੍ਰਭਾਵ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਕਿ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਗਿਆ ਹੈ, ਜਦਕਿ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਤਨਖ਼ਾਹ ਵਿਚ ਕੁੱਝ ਵਾਧਾ ਕਰ ਦੇਣਾ ਹੀ ਅਧਿਆਪਕਾਂ ਨੂੰ ਪੂਰਨ ਰੂਪ ਵਿਚ ਪੱਕਾ ਕਰਨਾ ਨਹੀਂ ਹੁੰਦਾ। ਅਧਿਆਪਕਾਂ ਉੱਪਰ ਕੀਤੇ ਜਾ ਰਹੇ ਪੁਲਿਸ ਤਸ਼ੱਦਦ ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਇਸ ਨੂੰ ਸਰਕਾਰ ਦਾ ਨਾਦਰਸ਼ਾਹੀ ਵਤੀਰਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਪਿਛਲੀਆਂ ਸਰਕਾਰਾਂ ਵਲੋਂ ਅਧਿਆਪਕਾਂ ਅਤੇ ਬੇਰੁਜ਼ਗਾਰਾਂ ਉੱਪਰ ਕੀਤੇ ਜਾਂਦੇ ਲਾਠੀਚਾਰਜ ਦੀ ਨਿਖੇਧੀ ਕਰਦੇ ਸਨ, ਪਰ ਅੱਜ ਉਹੀ ਸਰਕਾਰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਅਧਿਆਪਕਾਂ ਨੂੰ ਪੁਲਿਸ ਤਾਕਤ ਨਾਲ ਦਬਾਉਣ ਦੇ ਰਾਹ ਪਈ ਹੋਈ ਹੈ। ਅਧਿਆਪਕਾਂ ਨਾਲ ਕੀਤਾ ਜਾ ਰਿਹਾ ਅਜਿਹਾ ਸਲੂਕ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਧਿਆਪਕ ਵਰਗ ਨਾਲ ਹੋ ਰਹੇ ਇਸ ਮੰਦਭਾਗੇ ਵਰਤਾਰੇ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪੈ ਸਕਦਾ ਹੈ। ਅੰਤ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਧਿਆਪਕਾਂ ਅਤੇ ਬੇਰੁਜ਼ਗਾਰਾਂ ਦੇ ਹੱਕਾਂ ਦੀ ਲੜਾਈ ਵਿਚ ਉਨ੍ਹਾਂ ਦੇ ਨਾਲ ਡਟ ਕੇ ਖੜ੍ਹਾ ਹੈ।