ਪਿਓ-ਪੁੱਤ ਦੀ ਮੌਤ ਦੇ ਮਾਮਲੇ ’ਚ ਇਨਸਾਫ਼ ਲਈ ਪੀੜਤ ਪਰਿਵਾਰ ਅਤੇ ਜਥੇਬੰਦੀਆਂ ਵਲੋਂ ਐੱਸ.ਐੱਸ.ਪੀ ਦਫ਼ਤਰ ਅੱਗੇ ਧਰਨਾ
ਪੁਲਿਸ ’ਤੇ ਮੁਲਜ਼ਮ ਧਿਰ ਦੀ ਮਦਦ ਕਰਨ ਦੇ ਲਗਾਏ ਦੋਸ਼
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)- ਪਿੰਡ ਗੁਰਦਿੱਤੀ ਵਾਲਾ ਵਿਖੇ ਬੀਤੀ 11 ਨਵੰਬਰ ਨੂੰ ਵਾਪਰੇ ਸੜਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਪੀੜਤ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਐੱਸ. ਐੱਸ.
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)- ਪਿੰਡ ਗੁਰਦਿੱਤੀ ਵਾਲਾ ਵਿਖੇ ਬੀਤੀ 11 ਨਵੰਬਰ ਨੂੰ ਵਾਪਰੇ ਸੜਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਪੀੜਤ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਐੱਸ.ਐੱਸ.ਪੀ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਇਸ ਮੌਕੇ ਪੀੜਤ ਪਰਿਵਾਰ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਦਾ ਪਿਤਾ ਪੁਲਿਸ ਮੁਲਾਜ਼ਮ ਹੋਣ ਕਾਰਨ ਉਸ ਦੇ ਪ੍ਰਭਾਵ ਹੇਠ ਥਾਣਾ ਮੱਲਾਂਵਾਲਾ ਦੇ ਸਬ-ਇੰਸਪੈਕਟਰ ਅਤੇ ਡੀ.ਐੱਸ.ਪੀ ਜ਼ੀਰਾ ਵਲੋਂ ਮੁਲਜ਼ਮ ਧਿਰ ਦੀ ਮਦਦ ਕੀਤੀ ਜਾ ਰਹੀ ਹੈ। ਪਰਿਵਾਰ ਅਨੁਸਾਰ ਇਸੇ ਕਾਰਨ ਅਸਲ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਰਹੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸ.ਪੀ ਮਨਜੀਤ ਸਿੰਘ ਨੇ ਧਰਨਾਕਾਰੀਆਂ ਅਤੇ ਪੀੜਤ ਪਰਿਵਾਰ ਦੇ ਨੁਮਾਇੰਦਿਆਂ ਨੂੰ ਆਪਣੇ ਦਫ਼ਤਰ ਬੁਲਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਖ਼ੁਦ ਅਗਲੇ ਦਿਨ ਘਟਨਾ ਸਥਾਨ ਦਾ ਦੌਰਾ ਕਰਨਗੇ ਅਤੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਵਾਉਣਗੇ ਤੇ ਜਾਂਚ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੂਜੇ ਪਾਸੇ ਵੱਖ- ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੁਲਜ਼ਮ ਖ਼ਿਲਾਫ਼ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਦੋਵਾਂ ਮ੍ਰਿਤਕ ਪਿਓ-ਪੁੱਤ ਦੀਆਂ ਦੇਹਾਂ ਲਿਆ ਕੇ ਐੱਸ.ਐੱਸ.ਪੀ ਦਫ਼ਤਰ ਅੱਗੇ ਮੁੜ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਲਈ ਮਜਬੂਰ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਪੂਰਾ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਲਖ, ਮੀਤ ਪ੍ਰਧਾਨ ਲਖਵਿੰਦਰ ਸਿੰਘ, ਸੂਬਾ ਵਿੱਤ ਸਕੱਤਰ ਬੋੜ ਸਿੰਘ, ਗੁਰਮੀਤ ਸਿੰਘ ਖੱਲੀ, ਨੌਨਿਹਾਲ ਸਿੰਘ, ਦੀਪ ਸਿੰਘ ਵਾਲਾ, ਗੁਰਜੰਟ ਸਿੰਘ ਸਰਪੰਚ ਤਰਾਂ ਵਾਲੀ, ਬਲਾਕ ਪ੍ਰਧਾਨ ਕਮਲਜੀਤ ਸਿੰਘ, ਹਰਪ੍ਰੀਤ ਸਿੰਘ ਹੀਰਾ, ਟਰੱਕ ਯੂਨੀਅਨ ਫ਼ਿਰੋਜ਼ਪੁਰ ਸ਼ਹਿਰ ਦੇ ਨਿਸ਼ਾਨ ਸਿੰਘ, ਪ੍ਰਧਾਨ ਵਿੱਕੀ ਚਹਿਲ, ਵੀਰੂ, ਰਾਜ ਕੁਮਾਰ ਅਤੇ ਕੇਵਲ ਚੌਧਰੀ ਤੋਂ ਇਲਾਵਾ ਸਰਬੱਤ ਦਾ ਭਲਾ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਗਾਬੜੀਆ, ਸਵਰਨ ਸਿੰਘ, ਹਰਜਿੰਦਰ ਸਿੰਘ ਬੱਗਾ, ਵਰਿੰਦਰ ਸਿੰਘ ਲਾਡੀ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਕੰਗਰਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵਰਕਰ ਵੀ ਧਰਨੇ ਵਿਚ ਸ਼ਾਮਲ ਹੋਏ।