ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਪਾਰਥ ਬਿਸਵਾਸ ਵਲੋਂ ਬਰਨਾਲਾ ’ਚ ਭਲਾਈ ਸਕੀਮਾਂ ਦਾ ਜਾਇਜ਼ਾ
ਬਰਨਾਲਾ, 28 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ: ਪਾਰਥ ਬਿਸਵਾਸ ਅੱਜ ਬਰਨਾਲਾ ਪੁੱਜੇ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਪਰਿਵਾਰਾਂ ਦੇ ਮਸਲੇ ਸੁਣੇ ਅਤੇ ਸਫ਼ਾਈ ਕਰਮਚਾਰੀਆਂ ਨਾਲ ਵੀ ਮੁਲਾਕਾਤ ਕੀਤੀ।
2
28ਬੀਐਨਐਲ16ਸਫ਼ਾਈ ਕਰਮਚਾਰੀ ਭੈਣਾਂ ਵਲੋਂ ਰੱਖੜੀ ਬੰਨ੍ਹਣ ਮੌਕੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ: ਪਾਰਥ ਬਿਸਵਾਸ ਅਤੇ ਅਧਿਕਾਰੀ। ਅਜੀਤ ਤਸਵੀਰ
29-08-2026
ਬਰਨਾਲਾ, 28 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ: ਪਾਰਥ ਬਿਸਵਾਸ ਅੱਜ ਬਰਨਾਲਾ ਪੁੱਜੇ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਪਰਿਵਾਰਾਂ ਦੇ ਮਸਲੇ ਸੁਣੇ ਅਤੇ ਸਫ਼ਾਈ ਕਰਮਚਾਰੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਡਾ: ਪਾਰਥ ਬਿਸਵਾਸ ਨੇ ਕਿਹਾ ਕਿ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਵੱਖ-ਵੱਖ ਜ਼ਿਲਿ੍ਹਆਂ ਦਾ ਦੋ ਰੋਜ਼ਾ ਦੌਰਾ ਕੀਤਾ ਗਿਆ ਹੈ, ਜਿਸ ਤਹਿਤ ਅੱਜ ਬਰਨਾਲਾ ਪੁੱਜ ਕੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੇ ਮਸਲੇ ਸੁਣੇ ਗਏ ਹਨ ਅਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ/ਠੇਕੇ ’ਤੇ ਲਿਆਉਣ ਬਾਰੇ ਚੱਲ ਰਹੀ ਪ੍ਰਕਿਰਿਆ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਦੇ ਨਾਲ ਸਬੰਧਿਤ ਵਿਅਕਤੀਆਂ ਨੂੰ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਗਤੀ, ਆਵਾਸ ਯੋਜਨਾ ਦੀ ਪ੍ਰਗਤੀ ਤੇ ਹੋਰ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਕੁੱਝ ਜ਼ਿਲਿ੍ਹਆਂ ਵਿਚ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਜਿਨ੍ਹਾਂ ਸਬੰਧਿਤ ਵਿਅਕਤੀ ਵਲੋਂ ਧਰਮ ਬਦਲ ਲਿਆ ਗਿਆ ਹੁੰਦਾ ਹੈ ਅਤੇ ਯੋਗ ਨਾ ਹੋਣ ਦੀ ਸੂਰਤ ਵਿਚ ਐਸ.ਸੀ. ਸਰਟੀਫਿਕੇਟ ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੁਪਰ 50 ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਐਸ.ਸੀ. ਭਾਈਚਾਰੇ ਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਿਵਲ ਸੇਵਾਵਾਂ, ਨੀਟ ਸਮੇਤ ਹੋਰ ਵੱਖ-ਵੱਖ ਪ੍ਰੀਖਿਆਵਾਂ ਦੀ ਮੁਫ਼ਤ ਤਿਆਰੀ ਕਰਵਾਈ ਜਾਵੇਗੀ। ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਰਾਹੀਂ ਇਹ ਪ੍ਰੋਗਰਾਮ ਬਰਨਾਲਾ ਵਿਚ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਡਾ: ਬਿਸਵਾਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੋਂ ਐਸ.ਸੀ. ਭਾਈਚਾਰੇ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦੀ ਰਿਪੋਰਟ ਮੰਗੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਹਰ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇ। ਇਸ ਮੌਕੇ ਸਫ਼ਾਈ ਕਰਮਚਾਰੀ ਭੈਣਾਂ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਮੈਂਬਰ ਡਾ: ਪਾਰਥ ਬਿਸਵਾਸ ਅਤੇ ਮੌਜੂਦ ਅਧਿਕਾਰੀਆਂ ਦੇ ਰੱਖੜੀ ਬੰਨ੍ਹੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਕਮਿਸ਼ਨ ਦੇ ਸਟੇਟ ਦਫ਼ਤਰ ਤੋਂ ਡਾਇਰੈਕਟਰ ਪਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਮੋਦੀ, ਐਸ.ਡੀ.ਐਮ. ਡਾ: ਅਜੀਤਪਾਲ ਸਿੰਘ ਚਹਿਲ, ਸਫ਼ਾਈ ਕਰਮਚਾਰੀ ਯੂਨੀਅਨ ਤੋਂ ਵਿਕਰਮ ਵਿੱਕੀ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।