ਬੰਦੀ ਸਿੰਘਾਂ ਦੀ ਰਿਹਾਈ ਲਈ ਟੋਹਾਣਾ ’ ਚ ਚੱਲ ਰਹੇ ਧਰਨੇ ਦੇ ਚੌਥੇ ਦਿਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕੀਤੀ ਸ਼ਮੂਲੀਅਤ
ਟੋਹਾਣਾ, 30 ਅਗਸਤ (ਮਨਜੀਤ ਸਿੰਘ) - ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਹੱਕ ਵਿੱਚ ਟੋਹਾਣਾ ਵਿਖੇ ਲੱਗੇ 7 ਰੋਜ਼ਾ ਧਰਨੇ ਦੇ ਅੱਜ ਚੌਥੇ ਦਿਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਬਲਾਕਾਂ ਨਾਲ ਸਬੰਧਿਤ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਵੀ ਹਾਜ਼ਰ ਸੀ।
ਟੋਹਾਣਾ, 30 ਅਗਸਤ (ਮਨਜੀਤ ਸਿੰਘ) - ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਹੱਕ ਵਿੱਚ ਟੋਹਾਣਾ ਵਿਖੇ ਲੱਗੇ 7 ਰੋਜ਼ਾ ਧਰਨੇ ਦੇ ਅੱਜ ਚੌਥੇ ਦਿਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਬਲਾਕਾਂ ਨਾਲ ਸਬੰਧਿਤ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਵੀ ਹਾਜ਼ਰ ਸੀ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਇਸ ਦੇ ਬਾਵਜੂਦ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਰੱਖਣਾ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ਦੀ ਜਿਉਂਦੀ-ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਅਦਾਲਤ ਵੱਲੋਂ ਨਿਰਧਾਰਤ ਸਜ਼ਾ ਮਿਲਦੀ ਹੈ ਤਾਂ ਸਜ਼ਾ ਪੂਰੀ ਹੋਣ ਉਪਰੰਤ ਉਸ ਦੀ ਰਿਹਾਈ ਹੋਣੀ ਚਾਹੀਦੀ ਹੈ, ਪਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਰੱਖਿਆ ਜਾਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਉਨ੍ਹਾਂ ਦੀ ਬਣਦੀ ਸਜ਼ਾ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਰੱਖਿਆ ਜਾਣਾ ਅਸਲ ਵਿੱਚ ਸਜ਼ਾ ਨੂੰ ਦੁੱਗਣਾ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇਕਸਾਰ ਹੋਣਾ ਚਾਹੀਦਾ ਹੈ ਅਤੇ ਕਿਸੇ ਵੀ ਧਰਮ ਨਾਲ ਸਬੰਧਿਤ ਵਿਅਕਤੀ ਨਾਲ ਕਾਨੂੰਨ ਦੇ ਪੱਧਰ ’ਤੇ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ। ਜਥੇਦਾਰ ਝੀਂਡਾ ਨੇ ਕਿਹਾ ਕਿ ਟੋਹਾਣਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਇਆ ਗਿਆ ਇਹ ਧਰਨਾ ਹਰਿਆਣਾ ਰਾਜ ਵਿੱਚ ਆਪਣੀ ਕਿਸਮ ਦਾ ਪਹਿਲਾ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਧਰਨੇ ਰਾਹੀਂ ਸਿਰਫ਼ ਸਿੱਖ ਭਾਈਚਾਰੇ ਨੂੰ ਹੀ ਨਹੀਂ, ਸਗੋਂ ਸਮੁੱਚੇ ਸਮਾਜ ਨੂੰ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਜੇਲ੍ਹਾਂ ਵਿੱਚ ਬੰਦ ਕਿਸੇ ਵੀ ਧਰਮ ਦੇ ਵਿਅਕਤੀ ਦੀ ਸਜ਼ਾ ਪੂਰੀ ਹੋ ਜਾਣ ਤੋਂ ਬਾਅਦ ਉਸ ਦੀ ਰਿਹਾਈ ਸਬੰਧੀ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੇ ਮਨੁੱਖੀ ਕਦਰਾਂ-ਕੀਮਤਾਂ, ਆਪਣੇ ਧਰਮ, ਹੱਕਾਂ ਅਤੇ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਸੰਘਰਸ਼ ਕੀਤਾ ਸੀ ਅਤੇ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਵੀ ਭੁਗਤ ਚੁੱਕੇ ਹਨ। ਇਸ ਲਈ ਹੁਣ ਉਨ੍ਹਾਂ ਦੀ ਰਿਹਾਈ ਵਿੱਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ। ਇਸ ਮੌਕੇ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਸਮੁੱਚੀਆਂ ਸਿੱਖ ਸੰਗਤਾਂ ਨੂੰ 2 ਸਤੰਬਰ ਨੂੰ ਟੋਹਾਣਾ ਵਿਖੇ ਹੋਣ ਵਾਲੇ ਰੋਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 2 ਸਤੰਬਰ 2026 ਨੂੰ ਸਵੇਰੇ 10 ਵਜੇ ਸ਼ਹੀਦੀ ਗੇਟ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ, ਰਤੀਆ ਰੋਡ, ਗਰੀਨ ਪਾਰਕ ਦੇ ਸਾਹਮਣੇ ਟੋਹਾਣਾ ਸੰਗਤਾਂ ਇਕੱਠੀਆਂ ਹੋਣਗੀਆਂ। ਇਸ ਉਪਰੰਤ ਸਮੂਹ ਸੰਗਤਾਂ ਵੱਲੋਂ ਇਕੱਠੇ ਹੋ ਕੇ ਟੋਹਾਣਾ ਦੇ ਉਪ-ਮੰਡਲ ਅਧਿਕਾਰੀ (ਨਾ.) ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਇਲਾਕੇ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 2 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਧਰਨੇ ਵਾਲੇ ਸਥਾਨ ’ਤੇ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮਜ਼ਬੂਤ ਕਰਨ ਅਤੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਣ ਦੇ ਪ੍ਰੋਗਰਾਮ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਬਲਾਕਾਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਸਮੂਹ ਭਾਈਚਾਰੇ ਦੇ ਦੇ ਲੋਕ ਹਾਜ਼ਰ ਰਹੀ।