15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਫ਼ਤਿਹਾਬਾਦ, ਰਤੀਆ, ਭੂਨਾ ਤੇ ਭੱਟੂ ’ਚ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰਾਂ ਨੂੰ ਲਗਾਏ ਤਾਲੇ

ਫ਼ਤਿਹਾਬਾਦ, 14 ਅਕਤੂਬਰ (ਹਰਬੰਸ ਸਿੰਘ ਮੰਡੇਰ)- ਸੰਯੁਕਤ ਕਿਸਾਨ ਮੋਰਚਾ ਅਤੇ ਹਰਿਆਣਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਆਲ ਇੰਡੀਆ ਕਿਸਾਨ ਸਭਾ ਅਤੇ ਪਗੜੀ ਸੰਭਾਲ ਜੱਟਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ। ਕਿਸਾਨਾਂ ਨੇ ਫ਼ਤਿਹਾਬਾਦ, ਰਤੀਆ, ਭੂਨਾ, ਭੱਟੂ, ਧਾਰਸੁਲ ਅਤੇ ਜਾਖਲ ਵਿਚ ਮਾਰਕੀਟ ਕਮੇਟੀ ਦਫ਼ਤਰਾਂ ਨੂੰ ਤਾਲੇ ਲਗਾ ਦਿੱਤੇ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 15-10-2026
ਫ਼ਤਿਹਾਬਾਦ, 14 ਅਕਤੂਬਰ (ਹਰਬੰਸ ਸਿੰਘ ਮੰਡੇਰ)- ਸੰਯੁਕਤ ਕਿਸਾਨ ਮੋਰਚਾ ਅਤੇ ਹਰਿਆਣਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਆਲ ਇੰਡੀਆ ਕਿਸਾਨ ਸਭਾ ਅਤੇ ਪਗੜੀ ਸੰਭਾਲ ਜੱਟਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ। ਕਿਸਾਨਾਂ ਨੇ ਫ਼ਤਿਹਾਬਾਦ, ਰਤੀਆ, ਭੂਨਾ, ਭੱਟੂ, ਧਾਰਸੁਲ ਅਤੇ ਜਾਖਲ ਵਿਚ ਮਾਰਕੀਟ ਕਮੇਟੀ ਦਫ਼ਤਰਾਂ ਨੂੰ ਤਾਲੇ ਲਗਾ ਦਿੱਤੇ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਫ਼ਤਿਹਾਬਾਦ ’ਚ ਭੱਟੂ ਰੋਡ ’ਤੇ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿਖੇ ਕਿਸਾਨਾਂ ਨੇ ਮੁੱਖ ਗੇਟ ਨੂੰ ਤਾਲਾ ਲਗਾ ਦਿੱਤਾ ਅਤੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਪਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਕਰਮਜੀਤ ਸਿੰਘ ਸਾਲਮਖੇੜਾ ਨੇ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਮੰਡੀਆਂ ’ਚ ਝੋਨੇ ਅਤੇ ਬਾਜਰੇ ਦੀ ਖ਼ਰੀਦ ’ਚ ਭਾਰੀ ਬੇਨਿਯਮੀਆਂ ਹੋ ਰਹੀਆਂ ਹਨ, ਜਿਸ ਕਾਰਨ ਕਿਸਾਨ ਆਪਣੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ ਐਮ. ਐਸ. ਪੀ. ਤੋਂ ਘੱਟ ਕੀਮਤ ’ਤੇ ਵੇਚਣ ਲਈ ਮਜਬੂਰ ਹਨ। ਇਸ ਤੋਂ ਇਲਾਵਾ ਝੋਨੇ ਦੀ ਖ਼ਰੀਦ ਅਤੇ ਫ਼ਸਲ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ’ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭੱਟੂ ਕਲਾਂ ਵਿਚ ਕਿਸਾਨਾਂ ਨੇ ਮੰਗਾਂ ਮਨਵਾਉਣ ਲਈ ਮਾਰਕਿਟ ਕਮੇਟੀ ਦਫ਼ਤਰ ਦੇ ਬਾਹਰ ਤਿੰਨ ਘੰਟੇ ਤੱਕ ਧਰਨਾ ਦਿੱਤਾ। ਇੱਥੇ ਪ੍ਰਦਰਸ਼ਨ ਦੀ ਪ੍ਰਧਾਨਗੀ ਸਾਂਝੇ ਤੌਰ ’ਤੇ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਸੁਭਾਸ਼ ਚੰਦਰ ਭਾਦੂ ਤੇ ਬ੍ਰਿਜਲਾਲ ਕਡਵਾਸਰਾ ਨੇ ਕੀਤੀ ਜਦਕਿ ਕਾਰਵਾਈ ਦਾ ਸੰਚਾਲਨ ਮਨੀਸ਼ ਸਿਵਾਚ ਤੇ ਸਤਬੀਰ ਸਿੰਘ ਆਜ਼ਾਦ ਨੇ ਕੀਤਾ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੇ ਮਸਲਿਆਂ ਦਾ ਜਲਦੀ ਹੱਲ ਨਾ ਕੀਤਾ ਤਾਂ 17 ਅਕਤੂਬਰ ਨੂੰ ਭਾਜਪਾ ਦੇ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਰਤੀਆ ਵਿਚ ਮਾਰਕੀਟ ਕਮੇਟੀ ਦਫ਼ਤਰ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਨੇ ਕੀਤੀ ਤੇ ਪ੍ਰਧਾਨਗੀ ਤਹਿਸੀਲ ਪ੍ਰਧਾਨ ਕਰਮਾ ਸਿੰਘ ਨੇ ਕੀਤੀ। ਜਾਖਲ ’ਚ ਹੋਏ ਰੋਸ ਪ੍ਰਦਰਸ਼ਨ ’ਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ’ਚ ਪਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਕਮੇਟੀ (ਜਾਖਲ ਬਲਾਕ) ਦੇ ਲਾਭ ਸਿੰਘ (ਪ੍ਰਧਾਨ), ਹਰਵਿੰਦਰ ਸਿੰਘ, ਜਗਤਾਰ ਸਿੰਘ, ਨਸੀਬ ਸਿੰਘ ਤੇ ਅਮਰੀਕ ਸਿੰਘ ਦੇ ਨਾਲ-ਨਾਲ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਨੁਮਾਇੰਦਗੀ ਕਰ ਰਹੇ ਅਜੈ ਸਿਠਾਨੀ, ਉੱਤਮ ਸਿੰਘ, ਗੋਰਾ ਅਤੇ ਜਗਰੂਪ ਸਿੰਘ ਸ਼ਾਮਿਲ ਸਨ।
ਪਿਛਲੀ ਖ਼ਬਰ ਹਿਮਾਂਸ਼ੂ ਨੇ ਮੁੱਕੇਬਾਜ਼ੀ ਵਿਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਕਿਸਾਨਾਂ ਨੇ ਜਗਾਧਰੀ ਦੇ ਮੰਡੀ ਸਕੱਤਰ ਦਾ ਦਫ਼ਤਰ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।