ਗੂਹਲਾ ਚੀਕਾ, 6 ਨਵਂਬਰ(ਓ.ਪੀ. ਸੈਣੀ)-ਅਕਾਲ ਅਕੈਡਮੀ ਭੁੰਸਲਾ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਪ੍ਰੇਰਨਾਦਾਇਕ ਭਾਸ਼ਣ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਦੋਵਾਂ ਤਿਉਹਾਰਾਂ ਦੇ ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਚਾਨਣਾ ਪਾਇਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਦੀਵਾ ਸਜਾਵਟ, ਕਲਾਸਰੂਮ ਸਜਾਵਟ, ਰੰਗੋਲੀ ਬਣਾਉਣਾ ਅਤੇ ਤੋਹਫ਼ੇ ਦੀ ਪੈਕਿੰਗ ਵਰਗੀਆਂ ਗਤੀਵਿਧੀਆਂ ਸ਼ਾਮਲ ਸਨ। ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਬਹੁਤ ਹੀ ਸੁੰਦਰ ਪ੍ਰਦਰਸ਼ਨ ਕੀਤਾ। ਪੂਰਾ ਸਕੂਲ ਰੰਗਾਂ, ਰੌਸ਼ਨੀਆਂ ਅਤੇ ਖੁਸ਼ੀਆਂ ਨਾਲ ਰੌਸ਼ਨ ਹੋ ਉੱਠਿਆ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਗੁਰਜੀਤ ਕੌਰ ਜੀ ਦੇ ਸੁਚੱਜੇ ਮਾਰਗਦਰਸ਼ਨ ਹੇਠ ਸੰਪੰਨ ਹੋਇਆ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਅਧਿਆਪਕ ਸਤਿਗੁਰ ਸਿੰਘ, ਸੁਖਚੈਨ ਸਿੰਘ, ਪ੍ਰੀਤੀ ਅਤੇ ਦੀਕਸ਼ਾ ਸਮੇਤ ਸਮੂਹ ਸਟਾਫ਼ ਮੈਂਬਰਾਂ ਦਾ ਸ਼ਲਾਘਾਯੋਗ ਯੋਗਦਾਨ ਰਿਹਾ। ਪ੍ਰਿੰਸੀਪਲ ਜੀ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਾਰਿਆਂ ਨੂੰ ਇਨ੍ਹਾਂ ਤਿਉਹਾਰਾਂ ਦੇ ਅਸਲ ਸੰਦੇਸ਼ ਪਿਆਰ, ਏਕਤਾ, ਆਪਸੀ ਸਦਭਾਵਨਾ ਅਤੇ ਖੁਸ਼ੀਆਂ ਵੰਡਣ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।