15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਾਨੂੰਨ ਨੂੰ ਛਿੱਕੇ ਟੰਗ ਕੇ ਨੂਰਮਹਿਲ ਤੇ ਬਿਲਗਾ ਦੇ ਪਿੰਡਾਂ ’ਚ ਧੜੱਲੇ ਨਾਲ ਸਾੜੀ ਜਾ ਰਹੀ ਹੈ ਪਰਾਲੀ

ਨੂਰਮਹਿਲ / ਬਿਲਗਾ, 14 ਨਵੰਬਰ (ਤਜਿੰਦਰ ਕੁਮਾਰ) – ਪੰਜਾਬ ਸਰਕਾਰ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ. ਜੀ.

ਅਜੀਤ ਡੈਸਕ 15-11-2026
ਨੂਰਮਹਿਲ / ਬਿਲਗਾ, 14 ਨਵੰਬਰ (ਤਜਿੰਦਰ ਕੁਮਾਰ) – ਪੰਜਾਬ ਸਰਕਾਰ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਵੱਲੋਂ ਪਰਾਲੀ ਸਾੜਨ ‘ਤੇ ਲਗਾਈ ਗਈ ਸਖ਼ਤ ਪਾਬੰਦੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਜਾਗਰੂਕਤਾ ਮੁਹਿੰਮਾਂ ਦੇ ਬਾਵਜੂਦ ਨੂਰਮਹਿਲ ਅਤੇ ਬਿਲਗਾ ਇਲਾਕੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਲਾਕੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਕਈ ਕਿਸਾਨਾਂ ਵੱਲੋਂ ਕਾਨੂੰਨ ਨੂੰ ਛਿੱਕੇ ਟੰਗ ਕੇ ਸ਼ਰੇਆਮ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਖ਼ਾਸ ਕਰਕੇ ਸ਼ਾਮ ਢਲਦਿਆਂ ਹੀ ਪਿੰਡਾਂ ਦੇ ਖੇਤਾਂ ਵਿੱਚੋਂ ਉੱਠਦੇ ਧੂੰਏਂ ਦੇ ਕਾਲੇ ਗੁਬਾਰ ਪੂਰੇ ਇਲਾਕੇ ਨੂੰ ਆਪਣੀ ਲਪੇਟ ਵਿੱਚ ਲੈ ਲੈਂਦੇ ਹਨ। ਪਰਾਲੀ ਦੇ ਇਸ ਜ਼ਹਿਰੀਲੇ ਧੂੰਏਂ ਕਾਰਨ ਜਿੱਥੇ ਵਾਤਾਵਰਣ ਬੁਰੀ ਤਰ੍ਹਾਂ ਪਲੀਤ ਹੋ ਰਿਹਾ ਹੈ, ਉੱਥੇ ਹੀ ਮੁੱਖ ਮਾਰਗਾਂ ਅਤੇ ਲਿੰਕ ਸੜਕਾਂ ‘ਤੇ ਫੈਲ ਰਹੇ ਸੰਘਣੇ ਧੂੰਏਂ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨਾਲ ਹਰ ਵੇਲੇ ਵੱਡੇ ਸੜਕੀ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਪ੍ਰਦੂਸ਼ਿਤ ਹਵਾ ਕਾਰਨ ਬਜ਼ੁਰਗਾਂ, ਛੋਟੇ ਬੱਚਿਆਂ ਅਤੇ ਦਮੇ ਤੇ ਸਾਹ ਦੇ ਮਰੀਜ਼ਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਇਲਾਕੇ ਦੇ ਸਮਾਜ ਸੇਵੀਆਂ ਅਤੇ ਵਾਤਾਵਰਣ ਪ੍ਰੇਮੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਅਤੇ ਸਖ਼ਤ ਕਾਰਵਾਈ ਨਾ ਹੋਣ ਕਾਰਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਹੌਸਲੇ ਬੁਲੰਦ ਹਨ। ਇਲਾਕਾ ਨਿਵਾਸੀਆਂ ਨੇ ਡਿਪਟੀ ਕਮਿਸ਼ਨਰ ਜਲੰਧਰ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਗੰਭੀਰ ਮਸਲੇ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ, ਤਾਂ ਜੋ ਵਾਤਾਵਰਣ ਅਤੇ ਮਨੁੱਖੀ ਸਿਹਤ ਨੂੰ ਬਚਾਇਆ ਜਾ ਸਕੇ।
ਪਿਛਲੀ ਖ਼ਬਰ ਮਕਬੂਜ਼ਾ ਕਸ਼ਮੀਰ ’ਚ ਪਾਕਿਸਤਾਨੀ ਅੱਤਵਾਦੀਆਂ ਵਲੋਂ ਲਾਂਚਪੈਡ ਮੁੜ ਸਰਗਰਮ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਫਿਲੌਰ ਤੋਂ ਹਰਜੋਤ ਕੌਰ ਲੋਹਟੀਆਂ ਨੂੰ ਟਿਕਟ ਮਿਲਣ ’ਤੇ ਵਰਕਰਾਂ ਵਿਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।