ਦਸਮੇਸ਼ ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਾਹਿਤਕ ਮੁਕਾਬਲੇ ਕਰਵਾਏ
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)- ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਸਾਹਿਤਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਸਾਹਿਤਕ ਰੁਚੀਆਂ ਪੈਦਾ ਕਰਨ, ਪੰਜਾਬੀ ਭਾਸ਼ਾ ਪ੍ਰਤੀ ਮੋਹ ਵਧਾਉਣ ਅਤੇ ਉਨ੍ਹਾਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਉਭਾਰਨ ਲਈ ਮੰਚ ਪ੍ਰਦਾਨ ਕਰਨਾ ਸੀ।
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)- ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਸਾਹਿਤਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਸਾਹਿਤਕ ਰੁਚੀਆਂ ਪੈਦਾ ਕਰਨ, ਪੰਜਾਬੀ ਭਾਸ਼ਾ ਪ੍ਰਤੀ ਮੋਹ ਵਧਾਉਣ ਅਤੇ ਉਨ੍ਹਾਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਉਭਾਰਨ ਲਈ ਮੰਚ ਪ੍ਰਦਾਨ ਕਰਨਾ ਸੀ। ਇਸ ਮੌਕੇ ਕਾਵਿ-ਗਾਇਨ, ਕਾਵਿ- ਲੇਖਣ, ਕਹਾਣੀ-ਲੇਖਣ ਅਤੇ ਲੇਖ-ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ, ਸਾਹਿਤਕ ਸਮਝ ਅਤੇ ਸਿਰਜਣਾਤਮਕ ਸੋਚ ਦਾ ਪ੍ਰਗਟਾਵਾ ਕਰਦਿਆਂ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀਆਂ ਸਾਹਿਤਕ ਯੋਗਤਾਵਾਂ ਨਿਖਾਰਨ ਤੇ ਆਪਣੀ ਰਚਨਾਤਮਕਤਾ ਨੂੰ ਦੂਜਿਆਂ ਸਾਹਮਣੇ ਪੇਸ਼ ਕਰਨ ਦਾ ਮੌਕਾ ਮਿਲਿਆ। ਸਮਾਗਮ ਦੌਰਾਨ ਭਾਸ਼ਾ ਅਫ਼ਸਰ ਮਨਜੀਤ ਪੁਰੀ ਤੇ ਪ੍ਰਸਿੱਧ ਕਹਾਣੀਕਾਰ ਹਰਜਿੰਦਰ ਸੂਰੇਵਾਲੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਦੀ ਮੌਜੂਦਗੀ ਨੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ। ਮੁਕਾਬਲਿਆਂ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ ਮੁਖੀ ਡਾ. ਰਛਪਾਲ ਸਿੰਘ ਉਪਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗਗਨਦੀਪ ਕੌਰ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਰਇੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਉਪਿੰਦਰ ਸਿੰਘ ਸੰਧੂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਾਹਿਤਕ ਮੁਕਾਬਲੇ ਵਿਦਿਆਰਥੀਆਂ ਅੰਦਰ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਪ੍ਰਤੀ ਲਗਾਅ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।