ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਪਿੰਡਾਂ ’ਚ ਮੀਟਿੰਗਾਂ
29 ਨਵੰਬਰ ਤੋਂ ਖੇਤੀਬਾੜੀ ਮੰਤਰੀ ਦੇ ਘਰ ਮੂਹਰੇ ਪੱਕੇ ਮੋਰਚੇ ਲਈ ਲਾਮਬੰਦੀ ਤੇਜ਼
ਮੰਡੀ ਕਿੱਲਿਆਂਵਾਲੀ, 27 ਨਵੰਬਰ ( ਸ਼ਾਂਤ)-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਮੂਹਰੇ 29 ਨਵੰਬਰ ਤੋਂ ਲੱਗਣ ਵਾਲੇ ਕਿਸਾਨਾਂ-ਮਜ਼ਦੂਰਾਂ ਦੇ ਪੱਕੇ ਮੋਰਚੇ ਦੀ ਤਿਆਰੀ ਵਜੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਕਿਯੂ ਏਕਤਾ (ਉਗਰਾਹਾਂ) ਨੇ ਪਿੰਡਾਂ ਵਿਚ ਲਾਮਬੰਦੀ ਮੁਹਿੰਮ ਤੇਜ਼ ਕੀਤੀ ਹੋਈ ਹੈ। ਅੱਜ ਪਿੰਡ ਕਿੱਲਿਆਂਵਾਲੀ ਤੇ ਗੱਗੜ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੀਟਿੰਗਾਂ ਕਰਕੇ ਪਰਿਵਾਰਾਂ ਸਮੇਤ ਮੋਰਚੇ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ।
ਮੰਡੀ ਕਿੱਲਿਆਂਵਾਲੀ, 27 ਨਵੰਬਰ ( ਸ਼ਾਂਤ)-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਮੂਹਰੇ 29 ਨਵੰਬਰ ਤੋਂ ਲੱਗਣ ਵਾਲੇ ਕਿਸਾਨਾਂ-ਮਜ਼ਦੂਰਾਂ ਦੇ ਪੱਕੇ ਮੋਰਚੇ ਦੀ ਤਿਆਰੀ ਵਜੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਕਿਯੂ ਏਕਤਾ (ਉਗਰਾਹਾਂ) ਨੇ ਪਿੰਡਾਂ ਵਿਚ ਲਾਮਬੰਦੀ ਮੁਹਿੰਮ ਤੇਜ਼ ਕੀਤੀ ਹੋਈ ਹੈ। ਅੱਜ ਪਿੰਡ ਕਿੱਲਿਆਂਵਾਲੀ ਤੇ ਗੱਗੜ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੀਟਿੰਗਾਂ ਕਰਕੇ ਪਰਿਵਾਰਾਂ ਸਮੇਤ ਮੋਰਚੇ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਉਗਰਾਹਾਂ ਜਥੇਬੰਦੀ ਦੇ ਬਲਾਕ ਸਕੱਤਰ ਮਲਕੀਤ ਸਿੰਘ ਗੱਗੜ ਨੇ ਆਖਿਆ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਤੇ ਮਜ਼ਦੂਰਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਫ਼ਸਲੀ ਨੁਕਸਾਨ ਦਾ ਮੁਆਵਜ਼ਾ ਦੇਣ ਦੇ ਕਈ ਵਾਰ ਜਨਤਕ ਵਾਅਦੇ ਕੀਤੇ ਸਨ, ਪਰ ਇਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਇਸ ਦੇ ਉਲਟ ਕਿਸਾਨ-ਮਜ਼ਦੂਰ ਆਗੂਆਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਵਾ ਦਿੱਤੇ ਗਏ ਹਨ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾਲਾ ਸਿੰਘ ਖੂੰਨਣ ਖੁਰਦ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀ ਆਰਥਿਕ ਹਾਲਤ ਸੁਧਾਰਨ, ਮਹਿੰਗਾਈ ਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਦੇ ਹੱਲ ਲਈ ਲੋਕ ਪੱਖੀ ਖੇਤੀ ਨੀਤੀ ਲਾਗੂ ਕਰਨੀ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਸਾਨਾਂ, ਮਜ਼ਦੂਰਾਂ ਅਤੇ ਵਾਤਾਵਰਣ ਪੱਖੀ ਖੇਤੀ ਨੀਤੀ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪਰ ਖੇਤੀ ਮਾਹਿਰਾਂ ਵਲੋਂ ਤਿਆਰ ਨੀਤੀ ਅਤੇ ਜਥੇਬੰਦੀਆਂ ਦੇ ਸੁਝਾਵਾਂ ਦੇ ਬਾਵਜੂਦ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੇਜ਼ਮੀਨੇ ਮਜ਼ਦੂਰਾਂ ਤੇ ਕਿਸਾਨਾਂ ਦੀ ਜ਼ਮੀਨੀ ਤੋਟ ਦੂਰ ਕਰਨ, ਖੇਤੀ ਲਾਗਤਾਂ ਦੀਆਂ ਕੀਮਤਾਂ ਕੰਟਰੋਲ ਕਰਨ, ਸਾਰੀਆਂ ਫ਼ਸਲਾਂ ਦੀ ਲਾਹੇਵੰਦ ਭਾਅ ’ਤੇ ਸਰਕਾਰੀ ਖ਼ਰੀਦ ਯਕੀਨੀ ਬਣਾਉਣ ਅਤੇ ਕਰਜ਼ਾ ਮੋੜਨ ਤੋਂ ਅਸਮਰੱਥ ਪਰਿਵਾਰਾਂ ਦੇ ਕਰਜ਼ੇ ਖ਼ਤਮ ਕਰਨ ਦੀ ਲੋੜ ਹੈ। ਆਗੂਆਂ ਨੇ ਦੱਸਿਆ ਕਿ ਮੋਰਚੇ ਦੌਰਾਨ ਕਿਸਾਨਾਂ-ਮਜ਼ਦੂਰਾਂ ਦੇ ਕੇਸਾਂ ਦੀ ਵਾਪਸੀ, ਕੁਦਰਤੀ ਆਫ਼ਤਾਂ ਕਰਕੇ ਫ਼ਸਲੀ ਨੁਕਸਾਨ ਦਾ ਮੁਆਵਜ਼ਾ, ਮਨਰੇਗਾ ਰੁਜ਼ਗਾਰ ਦੀ ਗਾਰੰਟੀ, ਨਸ਼ਿਆਂ ’ਤੇ ਕਾਬੂ ਪਾਉਣ ਅਤੇ ਘਰੇਲੂ ਬਿਜਲੀ ਬਿੱਲਾਂ ਦੇ ਬਕਾਇਆਂ ਦੀ ਮੁਆਫ਼ੀ ਜਿਦੇ ਮੁੱਦੇ ਉਭਾਰੇ ਜਾਣਗੇ। ਇਸ ਮੌਕੇ ਮਜ਼ਦੂਰ ਆਗੂ ਰਾਮਪਾਲ ਗੱਗੜ ਤੇ ਤਾਰਾਵੰਤੀ ਕਿੱਲਿਆਂਵਾਲੀ ਨੇ ਮਜ਼ਦੂਰਾਂ ਕਿਸਾਨਾਂ ਨੂੰ ਮੋਰਚੇ ਵਿਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਸੱਦਾ ਦਿੱਤਾ।