ਮਾਨਸਾ, 1 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਵਲੋਂ ਜ਼ਿਲ੍ਹੇ 'ਚ ਕਣਕ ਕੱਟਣ ਉਪਰੰਤ ਨਾੜ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ ਅਤੇ ਵੇਖਣ 'ਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਕਿਸਾਨਾਂ ਵਲੋਂ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਕਾਰਨ ਧੰੂਏਾ ਨਾਲ ਹਵਾ 'ਚ ਪ੍ਰਦੂਸ਼ਣ ਫੈਲਣ ਦੇ ਨਾਲ ਹੀ ਆਲੇ-ਦੁਆਲੇ ਖੜ੍ਹੀਆਂ ਫ਼ਸਲਾਂ ਤੋਂ ਇਲਾਵਾ ਪਿੰਡਾਂ 'ਚ ਵੀ ਅੱਗ ਫੈਲਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਉਨ੍ਹਾਂ ਇੱਕ ਹੋਰ ਹੁਕਮ 'ਚ ਸ਼ਾਮ 7 ਵਜੇ ਤੋਂ ਅਗਲੀ ਸਵੇਰ 6 ਵਜੇ ਤੱਕ ਕੰਬਾਈਨਾਂ ਚਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਕਈ ਵਾਰ ਜ਼ਿਆਦਾ ਹਨੇਰਾ ਹੋਣ ਕਾਰਨ ਕੰਬਾਈਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆਂ ਹਨ ਅਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ | ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ |