ਪਰਵਿੰਦਰ ਸਿੰਘ ਝੋਟੇ ਦੇ ਕਾਤਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ : ਸੁਖਜਿੰਦਰ ਸਿੰਘ ਧਾਲੀਵਾਲ
ਭੁਲੱਥ, 14 ਅਕਤੂਬਰ (ਮੇਹਰ ਚੰਦ ਸਿੱਧੂ)-ਮਾਨਸਾ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਾਤਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ | ਇਹ ਪ੍ਰਗਟਾਵਾ ਕਰਦਿਆਂ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ ਅੰਮਿ੍ਤਸਰ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ, ਜਿਸ ਦੀ ਜ਼ਿੰਮੇਵਾਰ ਮੌਜੂਦਾ ਭਗਵੰਤ ਮਾਨ ਦੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਇੱਥੇ ਸੱਚ ਦੀ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਇਆ ਜਾ ਰਿਹਾ ਜਿਸ ਦੀ ਤਾਜ਼ਾ ਮਿਸਾਲ ਵਧ ਰਹੇ ਨਸ਼ਿਆਂ ਖ਼ਿਲਾਫ਼ ਤੇ ਨਸ਼ੇ ਦੇ ਵਿਕਰੇਤਾਵਾਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਨਸ਼ੇ ਦੇ ਵਿਕਰੇਤਾ ਵੱਲੋਂ ਸ਼ਰੇਆਮ ਗੋਲੀਆਂ ਮਾਰਕੇ ਜਾਨੋਂ ਮਾਰ ਦੇਣਾ ਬਹੁਤ ਹੀ ਨਿੰਦਣਯੋਗ ਕਾਰਨਾਮਾ ਹੈ | ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੀ ਉਨ੍ਹਾਂ ਦੇ ਨਾਲ ਖੜ੍ਹੀ ਹੈ, ਜਿਸ ਕਰਕੇ ਝੋਟੇ ਦੇ ਕਾਤਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ |