ਸੁਲਤਾਨਪੁਰ ਲੋਧੀ, 16 ਅਕਤੂਬਰ (ਪ.ਪ. ਰਾਹੀਂ)-ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਤੋਂ ਸਾਬਿਤ ਹੁੰਦਾ ਹੈ ਕਿ ਪੰਜਾਬ ਵਿਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ | ਨਸ਼ਿਆਂ ਦੇ ਮਾਮਲੇ ਵਿਚ ਵੀ ਸਰਕਾਰ ਸਿਆਸਤ ਹੀ ਕਰ ਰਹੀ ਹੈ ਅਤੇ ਨਸ਼ਿਆਂ ਦੀ ਪੰਜਾਬ ਵਿਚ ਰੋਕਥਾਮ ਨਹੀਂ ਹੋ ਸਕੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸਾਬਕਾ ਮੀਤ ਪ੍ਰਧਾਨ ਬਲਜੀਤ ਸਿੰਘ ਬਿੱਟੂ ਦਰੀਏਵਾਲ ਅਤੇ ਯੂਥ ਆਗੂ ਜਰਨੈਲ ਸਿੰਘ ਠੱਟਾ ਨਵਾਂ ਨੇ ਵੀ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ | ਇਸ ਮਾਮਲੇ ਸਬੰਧੀ ਉਹਨਾਂ ਕਿਹਾ ਕੇ ਜੇਕਰ ਨਸ਼ਿਆਂ ਦੇ ਕਾਰੋਬਾਰ ਦਾ ਵਿਰੋਧ ਕਰਨ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਕਿਵੇਂ ਕਾਇਮ ਰਹੇਗੀ | ਉਨ੍ਹਾਂ ਅਨੁਸਾਰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਜ਼ਮੀਨੀ ਪੱਧਰ ‘ਤੇ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ ਹੋਣ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਜਾਨ ਦਾ ਖ਼ਤਰਾ ਹੋਣਾ ਬੇਹੱਦ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਵਿਅਕਤੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ | ਜੇਕਰ ਅਪਰਾਧੀਆਂ ਵਿਰੁੱਧ ਸਮੇਂ ਸਿਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੂਬੇ ਵਿਚ ਅਮਨ-ਸ਼ਾਂਤੀ ਕਾਇਮ ਰੱਖਣਾ ਹੋਰ ਵੀ ਮੁਸ਼ਕਲ ਹੋ ਸਕਦਾ ਹੈ | ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ | ਬਿੱਟੂ ਦਰੀਏਵਾਲ ਨੇ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਵੱਲੋਂ ਦੋਸ਼ੀ ਅਸ਼ਵਨੀ ਕੁਮਾਰ ਦੇ ਹੱਕ ਵਿਚ ਬਿਆਨ ਦੇਣਾ ਅਤਿ ਨਿੰਦਣਯੋਗ ਹੈ |