ਕਪੂਰਥਲਾ, 1 ਨਵੰਬਰ (ਅਮਰਜੀਤ ਸਿੰਘ ਸਡਾਨਾ)-ਐਸ.ਐਸ.ਪੀ. ਵਿਜੀਲੈਂਸ ਜਲੰਧਰ ਰੇਂਜ ਹਰਪ੍ਰੀਤ ਸਿੰਘ ਮੰਡੇਰ ਦੇ ਨਿਰਦੇਸ਼ਾਂ ਤਹਿਤ ਕਪੂਰਥਲਾ ਵਿਜੀਲੈਂਸ ਯੂਨਿਟ ਵਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸਥਾਨਕ ਵਿਰਸਾ ਵਿਹਾਰ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ। ਡੀ.ਐਸ.ਪੀ. ਵਿਜੀਲੈਂਸ ਜਗਜੀਤਪਾਲ ਦੀ ਦੇਖ ਰੇਖ ਹੇਠ ਹੋਏ ਇਸ ਸੈਮੀਨਾਰ ਦੌਰਾਨ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਰਜਨੀਸ਼ ਸ਼ਰਮਾ ਸਮੇਤ ਸ੍ਰੀ ਸੁਰਿੰਦਰ, ਸਰਵਣ ਭਾਟੀਆ, ਸਤਨਾਮ ਬੇਰੀ ਤੇ ਵਿਜੀਲੈਂਸ ਇੰਸਪੈਕਟਰ ਪ੍ਰੀਤੀ ਨੇ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਗ ਲਿਆ। ਸੈਮੀਨਾਰ ਦੌਰਾਨ ਹਾਜ਼ਰਾਂ ਨੂੰ ਜਾਣੂ ਕਰਵਾਇਆ ਗਿਆ ਕਿ ਭ੍ਰਿਸ਼ਟਾਚਾਰ ਰੋਕਣ ਲਈ ਉਹ ਵਿਜੀਲੈਂਸ ਬਿਊਰੋ ਦਾ ਸਹਿਯੋਗ ਕਰਨ ਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ। ਡੀ.ਐਸ.ਪੀ. ਜਗਜੀਤਪਾਲ ਨੇ ਦੱਸਿਆ ਕਿ ਇਸ ਸਬੰਧੀ ਲੋਕ ਵਿਜੀਲੈਂਸ ਦੇ ਟੋਲ ਫ਼ਰੀ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚ ਕੇ ਵੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹੁਕਮਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ।