ਸੁਲਤਾਨਪੁਰ ਲੋਧੀ, 2 ਨਵੰਬਰ (ਪ.ਪ. ਰਾਹੀਂ)-ਕਾਂਗਰਸ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ 4 ਨਵੰਬਰ ਨੂੰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਮਹਾਂ ਰੈਲੀ ਇਕੱਠ ਪੱਖੋਂ ਇਤਿਹਾਸ ਸਿਰਜੇਗੀ ਤੇ ਸਾਬਿਤ ਕਰੇਗੀ ਕਿ ਪੰਜਾਬ ਦੇ ਲੋਕ 2027 ਵਿਚ ਕਾਂਗਰਸ ਨੂੰ ਮੌਕਾ ਦੇਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਯੂ ਕੇ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਟਿਕਟ ਦੇ ਵੱਡੇ ਦਾਅਵੇਦਾਰ ਬਲਜਿੰਦਰ ਸਿੰਘ ਜੈਨਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਫ਼ੈਸਲਾਕੁਨ ਬਦਲਾਅ ਅਤੇ ਇੱਕ ਨਵੀਂ ਸ਼ੁਰੂਆਤ ਲਈ ਤਿਆਰ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਪੰਜਾਬ ਦੀ ਸੱਤਾ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਈ ਹੈ,ਉਸ ਸਮੇਂ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਵੀ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਨੇ ਕਿਹਾ ਕਿ ਚੋਣਾਂ ਦੌਰਾਨ ਵੱਡੀ ਗਿਣਤੀ ਵਿਚ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਆਪਣੇ ਵਤਨ ਆਉਣਗੇ ਅਤੇ ਸੂਬੇ ਦੇ ਲੋਕਾਂ ਨੂੰ ਪ੍ਰੇਰਿਤ ਕਰਨਗੇ।