ਚੋਰਾਂ ਨੇ ਗੰਢਵਾਂ ਰੋਡ ’ਤੇ ਇਲੈਕਟ੍ਰੋਨਿਕਸ ਦੀ ਦੁਕਾਨ
ਨੂੰ ਬਣਾਇਆ ਨਿਸ਼ਾਨਾ-ਲੱਖਾਂ ਦਾ ਸਾਮਾਨ ਚੋਰੀ
ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਸ਼ਹਿਰ ’ਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ ਤੇ ਚੋਰਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਬੀਤੀ ਦੇਰ ਰਾਤ ਚੋਰਾਂ ਨੇ ਗੰਢਵਾਂ ਰੋਡ ’ਤੇ ਸਥਿਤ ਇੱਕ ਇਲੈਕਟ੍ਰੋਨਿਕਸ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸਾਮਾਨ ਤੇ ਨਕਦੀ ਲੈ ਕੇ ਫ਼ਰਾਰ ਹੋ ਗਏ।
ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਸ਼ਹਿਰ ’ਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ ਤੇ ਚੋਰਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਬੀਤੀ ਦੇਰ ਰਾਤ ਚੋਰਾਂ ਨੇ ਗੰਢਵਾਂ ਰੋਡ ’ਤੇ ਸਥਿਤ ਇੱਕ ਇਲੈਕਟ੍ਰੋਨਿਕਸ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸਾਮਾਨ ਤੇ ਨਕਦੀ ਲੈ ਕੇ ਫ਼ਰਾਰ ਹੋ ਗਏ। ਚੋਰ ਦੁਕਾਨ ਦੇ ਤਾਲੇ ਤੋਡ਼ ਕੇ ਅੰਦਰ ਦਾਖ਼ਲ ਹੋਏ ਤੇ ਕਰੀਬ 6 ਐਲਈਡੀ, ਪ੍ਰੈੱਸਾਂ, ਜੂਸਰ-ਮਿਕਸਰ ਸਮੇਤ ਲਗਭਗ 60 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਚੋਰੀ ਦੀ ਇਹ ਵਾਰਦਾਤ ਦੁਕਾਨ ’ਚ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ ਹੈ। ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਅਰੁਣ ਕੁਮਾਰ ਚੱਢਾ ਨੇ ਦੱਸਿਆ ਕਿ ਗੰਢਵਾਂ ਰੋਡ ’ਤੇ ਉਨ੍ਹਾਂ ਦੀ ਪ੍ਰਿਆ ਇਲੈਕਟ੍ਰੋਨਿਕਸ ਦੇ ਨਾਮ ਨਾਲ ਦੁਕਾਨ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਕਰੀਬ 6 ਵਜੇ ਉਨ੍ਹਾਂ ਨੂੰ ਫ਼ੋਨ ਰਾਹੀਂ ਸੂਚਨਾ ਮਿਲੀ ਕਿ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ। ਜਦੋਂ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਦੁਕਾਨ ਖੋਲ੍ਹੀ ਤਾਂ ਅੰਦਰ ਸਾਮਾਨ ਖਿੱਲਰਿਆ ਪਿਆ ਸੀ ਤੇ ਕੀਮਤੀ ਇਲੈਕਟ੍ਰੋਨਿਕਸ ਸਾਮਾਨ ਤੇ ਨਕਦੀ ਗਾਇਬ ਸੀ। ਦੁਕਾਨ ਮਾਲਕ ਮੁਤਾਬਿਕ ਇਸ ਵਾਰਦਾਤ ’ਚ ਉਨ੍ਹਾਂ ਦਾ ਕਰੀਬ ਦੋ ਤੋਂ ਢਾਈ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਸੀਸੀਟੀਵੀ ਫ਼ੁਟੇਜ ’ਚ ਚੋਰ ਸਾਮਾਨ ਲਿਜਾਂਦੇ ਹੋਏ ਦਿਖਾਈ ਦੇ ਰਹੇ ਹਨ, ਪਰ ਉਨ੍ਹਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ, ਜਿਸ ਕਾਰਨ ਫ਼ਿਲਹਾਲ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਿਲ ਬਣੀ ਹੋਈ ਹੈ। ਉਧਰ ਘਟਨਾ ਦੀ ਸੂਚਨਾ ਮਿਲਣ ’ਤੇ ਫਗਵਾਡ਼ਾ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਦੁਕਾਨ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫ਼ੁਟੇਜ ਤੋਂ ਇਲਾਵਾ ਆਸ-ਪਾਸ ਦੇ ਇਲਾਕਿਆਂ ’ਚ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਚੋਰਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ।