18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਵਾਰ ਪੰਜਾਬ ਅਪਣਾਏਗਾ ਏਕੀਕਿ੍ਤ ਸੂਬਾਈ ਜਲ ਯੋਜਨਾ <br/>

ਅਜੀਤ ਡੈਸਕ 21-06-2025
ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)–ਸੂਬੇ ਦੇ ਇਤਿਹਾਸ 'ਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉਪਰ ਚੁੱਕਣ ਲਈ ਏਕੀਕਿ੍ਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਕਾਰਜ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ | ਮੁੱਖ ਮੰਤਰੀ ਨੇ ਇਸ ਯੋਜਨਾ ਬਾਰੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬੇ ਦੀ ਸਥਿਤੀ ਬਹੁਤ ਚਿੰਤਾਜਨਕ ਹੈ, ਕਿਉਂਕਿ ਕੁੱਲ 153 'ਚੋਂ 115 ਬਲਾਕਾਂ 'ਚ ਧਰਤੀ ਹੇਠੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ | ਇਸ ਯੋਜਨਾ 'ਚ ਪੂਰਾ ਧਿਆਨ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਵੱਖ-ਵੱਖ ਮੰਤਵਾਂ ਲਈ ਨਹਿਰੀ ਪਾਣੀ ਦੀ ਵਰਤੋਂ ਵਧਾਉਣ 'ਤੇ ਦਿੱਤਾ ਗਿਆ ਹੈ | ਮੁੱਖ ਮੰਤਰੀ ਨੇ ਧਰਤੀ ਹੇਠੋਂ 5.2 ਬਿਲੀਅਨ ਕਿਊਬਿਕ ਮੀਟਰ ਪਾਣੀ ਕੱਢਣ ਕਾਰਨ ਪਾਣੀ ਦੇ ਪੱਧਰ ਵਿਚ ਸਾਲਾਨਾ ਔਸਤਨ 0.7 ਮੀਟਰ ਦੀ ਗਿਰਾਵਟ 'ਤੇ ਵੀ ਚਿੰਤਾ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਜ਼ਮੀਨੀ ਪਾਣੀ ਦੀ ਮੰਗ ਨੂੰ ਘਟਾ ਕੇ ਸਿੰਜਾਈ ਤਕਨੀਕਾਂ 'ਚ ਸੁਧਾਰ ਕਰ ਕੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਸੁਧਾਰ ਹੋ ਸਕਦਾ ਹੈ | ਇਸ ਦੇ ਨਾਲ-ਨਾਲ ਹੋਰ ਟਿਕਾਊ ਸਰੋਤਾਂ ਦੀ ਭਾਲ, ਪਾਣੀ ਦੀ ਡੂੰਘਾਈ ਬਾਰੇ ਸਰਵੇਖਣ ਅਤੇ ਸਤਹੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ | ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਹਰੇਕ ਟੇਲ 'ਤੇ ਪੈਂਦੇ ਖਪਤਕਾਰ ਤੱਕ ਪਾਣੀ ਪੁੱਜੇ ਅਤੇ ਇਸ ਸਿਧਾਂਤ ਉਪਰ ਚਲਦਿਆਂ ਸਰਕਾਰ ਨੇ 30-40 ਸਾਲਾਂ ਤੋਂ ਬੰਦ ਪਏ ਤਕਰੀਬਨ 63 ਹਜ਼ਾਰ ਕਿਲੋਮੀਟਰ ਰਜਬਾਹਿਆਂ ਨੂੰ ਪਹਿਲਾਂ ਹੀ ਸੁਰਜੀਤ ਕਰ ਦਿੱਤਾ ਹੈ | ਇਸ ਤੋਂ ਇਲਾਵਾ 30-40 ਸਾਲਾਂ ਤੋਂ ਬੰਦ ਪਈਆਂ 545 ਕਿਲੋਮੀਟਰ ਲੰਮੀਆਂ 79 ਨਹਿਰਾਂ ਨੂੰ ਵੀ ਸੁਰਜੀਤ ਕੀਤਾ ਗਿਆ ਹੈ | ਭਗਵੰਤ ਮਾਨ ਨੇ ਏਕੀਕਿ੍ਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਕਾਰਜ ਯੋਜਨਾ ਨੂੰ ਪ੍ਰਵਾਨਗੀ ਦਿੱਤੀ, ਜਿਸ ਤਹਿਤ ਖੇਤਾਂ 'ਚ ਪਾਣੀ ਦੀ ਸੋਚ-ਸਮਝ ਕੇ ਵਰਤੋਂ ਲਈ ਪ੍ਰਭਾਵਸ਼ਾਲੀ ਸਿੰਜਾਈ ਯੋਜਨਾ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੰਤਵ ਲਗਭਗ 15 ਲੱਖ 79 ਹਜ਼ਾਰ 379 ਹੈਕਟੇਅਰ ਰਕਬੇ ਨੂੰ ਰਵਾਇਤੀ ਸਿੰਜਾਈ ਤਰੀਕਿਆਂ ਦੀ ਬਜਾਏ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਨਾਲ ਜਿਵੇਂ ਕਿ ਤੁਪਕਾ ਸਿੰਜਾਈ, ਸਪਰਿੰਕਲਰ ਸਿੰਜਾਈ ਅਤੇ ਹੋਰ ਮੰਤਵਾਂ ਅਧੀਨ ਲਿਆਉਣਾ ਚਾਹੀਦਾ ਹੈ ਤਾਂ ਜੋ ਕੁਸ਼ਲਤਾ ਵਧਾ ਕੇ ਪਾਣੀ ਦੀ ਮੰਗ ਅਤੇ ਬਰਬਾਦੀ ਨੂੰ ਘਟਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਯੋਜਨਾ ਵਿਚ ਨਹਿਰੀ ਰਜਬਾਹਿਆਂ ਨੂੰ ਸੁਰਜੀਤ ਕਰਨ 'ਤੇ ਧਿਆਨ ਕੇਂਦਰਿਤ ਹੋਵੇਗਾ, ਜਿਸ ਨਾਲ ਸਤਹੀ ਪਾਣੀ ਦੀ ਤਰਕਸੰਗਤ, ਬਰਾਬਰ ਤੇ ਟਿਕਾਊ ਵਰਤੋਂ ਯਕੀਨੀ ਬਣੇਗੀ | ਯੋਜਨਾ ਅਨੁਸਾਰ ਪੰਜਾਬ ਨੂੰ ਵੱਖ-ਵੱਖ ਖੇਤਰਾਂ 'ਚ ਵੰਡਿਆ ਜਾਵੇਗਾ, ਜਿਸ ਨਾਲ ਪਾਣੀ ਦੇ ਪ੍ਰਵਾਹ, ਮਿੱਟੀ ਦੀ ਕਟੌਤੀ ਨੂੰ ਨਿਯਮਤ ਕਰਨ ਅਤੇ ਜ਼ਰੂਰੀ ਤੱਤਾਂ ਨੂੰ ਬਰਕਰਾਰ ਰੱਖਿਆ ਜਾ ਸਕੇਗਾ | ਉਨ੍ਹਾਂ ਇਹ ਵੀ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਘੱਗਰ ਦੇ ਹੜ੍ਹ ਦੇ ਪਾਣੀ ਨੂੰ ਸਟੋਰ ਕਰਨ ਅਤੇ ਘੱਗਰ 'ਚ ਉਨ੍ਹਾਂ ਚੋਕ ਪੁਆਇੰਟਾਂ/ਡਰੇਨ ਪੁਆਇੰਟਾਂ, ਜਿਥੋਂ ਪਾਣੀ ਦਾ ਵਹਾਅ ਜ਼ਿਆਦਾ ਆਉਂਦਾ ਹੈ, ਦੀ ਪਛਾਣ ਕਰ ਕੇ ਚੈੱਕ ਡੈਮ ਬਣਾ ਕੇ ਇਸ ਪਾਣੀ ਨੂੰ ਖੇਤੀਬਾੜੀ ਲਈ ਵਰਤਣਾ ਹੈ | ਝੋਨੇ (ਪਰਮਲ) ਅਤੇ ਪਾਣੀ ਦੀ ਵੱਧ ਖਪਤ ਕਰਨ ਵਾਲੀਆਂ ਝੋਨੇ ਦੀਆਂ ਕਿਸਮਾਂ ਵਾਲੇ ਰਕਬੇ ਨੂੰ ਖੇਤੀ ਵਿਭਿੰਨਤਾ ਤਹਿਤ ਮੱਕੀ, ਕਪਾਹ, ਬਾਸਮਤੀ ਅਤੇ ਹੋਰ ਸੰਭਾਵੀ ਫਸਲਾਂ ਅਧੀਨ ਲਿਆਉਣਾ ਵੀ ਯੋਜਨਾ ਦਾ ਹਿੱਸਾ ਹੈ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਤੇ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਲੁਧਿਆਣਾ ਜ਼ਿਮਨੀ ਚੋਣ ਦੀ ਘੱਟ ਵੋਟ ਫ਼ੀਸਦ ਬਣੀ ਸਾਰੀਆਂ ਸਿਆਸੀ ਧਿਰਾਂ ਲਈ ਚਿੰਤਾ ਦਾ ਮੁੱਦਾ <br/> ਅਗਲੀ ਖ਼ਬਰ ਸੋਸ਼ਲ ਮੀਡੀਆ 'ਤੇ ਲੱਚਰਤਾ ਫੈਲਾਉਣ ਵਾਲੀ ਸਮੱਗਰੀ ਹਟਾਉਣ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।