ਨਵੀਂ ਦਿੱਲੀ, 16 ਅਕਤੂਬਰ (ਅਜੀਤ ਬਿਊਰੋ)-ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਅੰਤਰਰਾਸ਼ਟਰੀ ਪੱਧਰ ਦਾ ਸਮਾਗਮ ਬਣਾਉਣ ਦੀ ਕਵਾਇਦ 'ਚ ਲੱਗੀ ਪੰਜਾਬ ਦੀ 'ਆਪ' ਸਰਕਾਰ ਨਾ ਸਿਰਫ਼ ਦੇਸ਼ ਭਰ ਦੇ 28 ਮੁੱਖ ਮੰਤਰੀਆਂ ਨੂੰ ਸਮਾਗਮ ਲਈ ਸੱਦਾ ਦੇਵੇਗੀ, ਸਗੋਂ ਬਾਹਰਲੇ ਮੁਲਕਾਂ 'ਚ ਜਿੰਨੇ ਵੀ ਸੰਸਦ ਮੈਂਬਰ, ਮੰਤਰੀ ਜਾਂ ਹੋਰ ਵੀ ਵੱਡੇ ਅਹੁਦਿਆਂ 'ਤੇ ਕਾਬਜ਼ ਸਿੱਖ ਹਨ, ਉਨ੍ਹਾਂ ਨੂੰ ਵੀ ਸੱਦਾ ਦੇਵੇਗੀ | ਤਕਰੀਬਨ ਇਕ ਮਹੀਨਾ ਚੱਲਣ ਵਾਲੇ ਲੜੀਵਾਰ ਪ੍ਰੋਗਰਾਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਹੋਵੇਗੀ | ਉਕਤ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਲੋਂ ਕੀਤੀ ਪ੍ਰੈੱਸ ਕਾਨਫ਼ਰੰਸ 'ਚ ਦਿੱਤੀ ਗਈ | 25 ਅਕਤੂਬਰ ਨੂੰ ਪ੍ਰੋਗਰਾਮਾਂ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਕੈਬਨਿਟ ਮੰਤਰੀ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣਗੇ | ਉਸੇ ਦਿਨ ਸ਼ਾਮ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਹੋਏਗਾ | ਹਿੰਦ ਦੀ ਚਾਦਰ ਵਜੋਂ ਜਾਣੇ ਜਾਂਦੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਮਨੁੱਖੀ ਹੱਕਾਂ ਦੀ ਰਾਖੀ ਦੇ ਪੈਰੋਕਾਰ ਦੱਸਦਿਆਂ ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਅਪੀਲ ਕਰੇਗੀ ਕਿ ਗੁਰੂ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਹੱਕ ਦਿਵਸ ਵਜੋਂ ਐਲਾਨਿਆ ਜਾਏ |