ਨਵੀਂ ਦਿੱਲੀ, 4 ਨਵੰਬਰ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ ਮੰਗਲਵਾਰ ਤੋਂ 9 ਰਾਜਾਂ ਅਤੇ 3 ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਘਰ-ਘਰ ਜਾ ਕੇ ਵੋਟਰ ਸੂਚੀ ਦੇ ਵਿਸ਼ੇਸ਼ ਵਿਆਪਕ ਮੁੜ ਨਿਰੀਖਣ (ਐਸ. ਆਈ. ਆਰ.) ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਨ੍ਹਾਂ ਰਾਜਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕੁੱਲ 51 ਕਰੋੜ ਵੋਟਰ ਹਨ | ਜਿਨ੍ਹਾਂ ਰਾਜਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਐਸ.ਆਈ.ਆਰ. ਕਵਾਇਦ ਸ਼ੁਰੂ ਕੀਤੀ ਗਈ ਹੈ ਉਨ੍ਹਾਂ 'ਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਅੰਡੇਮਾਨ ਅਤੇ ਨਿਕੋਬਾਰ ਦੀਪ, ਲਕਸ਼ਦੀਪ, ਗੋਆ, ਗੁਜਰਾਤ, ਕੇਰਲ, ਪੁਡੂਚੇਰੀ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਸ਼ਾਮਿਲ ਹਨ | ਇਨ੍ਹਾਂ 'ਚ ਤਾਮਿਲਨਾਡੂ, ਪੁਡੂਚੇਰੀ, ਕੇਰਲ ਅਤੇ ਪੱਛਮੀ ਬੰਗਾਲ 'ਚ 2026 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ | ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ 27 ਅਕਤੂਬਰ ਨੂੰ ਐਸ.ਆਈ.ਆਰ. ਦੇ ਦੂਜੇ ਪੜਾਅ ਦਾ ਐਲਾਨ ਕੀਤਾ ਸੀ | ਤੈਅ ਪ੍ਰੋਗਰਾਮ ਮੁਤਾਬਿਕ ਐਸ.ਆਈ.ਆਰ. ਕਵਾਇਦ 4 ਨਵੰਬਰ ਨੂੰ ਸ਼ੁਰੂ ਹੋਵੇਗੀ ਅਤੇ 4 ਦਸੰਬਰ ਤੱਕ ਜਾਰੀ ਰਹੇਗੀ | ਚੋਣ ਕਮਿਸ਼ਨ 9 ਦਸੰਬਰ ਨੂੰ ਮੁਢਲੀ ਸੂਚੀ ਜਾਰੀ ਕਰੇਗਾ ਜਦਕਿ ਅੰਤਿਮ ਸੂਚੀ 7 ਫਰਵਰੀ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ |