ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਉਮਰ ਅਬਦੁੱਲਾ ਨੇ ਕੀਤਾ ਰਵਾਨਾ
ਸ੍ਰੀਨਗਰ ਤੋਂ ਜਸਪਾਲ ਸਿੰਘ ਦੀ ਵਿਸ਼ੇਸ਼ ਰਿਪੋਰਟ
ਸ੍ਰੀਨਗਰ, 19 ਨਵੰਬਰ-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀਨਗਰ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਲਈ ਰਵਾਨਾ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਵਲੋਂ ਖ਼ਾਲਸਾਈ ਪਰੰਪਰਾ ਅਨੁਸਾਰ ਸ਼ਰਧਾ ਤੇ ਸਤਿਕਾਰ ਨਾਲ ਰਵਾਨਾ ਕੀਤਾ ਗਿਆ | ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਵਲੋਂ ਕੀਤੀ ਆਰੰਭਤਾ ਦੀ ਅਰਦਾਸ ਉਪਰੰਤ ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਇਆ ਇਹ ਨਗਰ ਕੀਰਤਨ ਅਲੌਕਿਕ ਨਜ਼ਾਰਾ ਪੇਸ਼ ਕਰ ਰਿਹਾ ਸੀ | ਸੰਗਤਾਂ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਪਾਲਕੀ ਸਾਹਿਬ ਦੇ ਉੱਪਰ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ ਤੇ ਸਮੁੱਚਾ ਮਾਹੌਲ ਖ਼ਾਲਸਾਈ ਰੰਗ 'ਚ ਰੰਗਿਆ ਨਜ਼ਰ ਆ ਰਿਹਾ ਸੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਫੁੱਲਾਂ ਨਾਲ ਬਹੁਤ ਹੀ ਸੁੰਦਰ ਸਜਾਈ ਗਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸਨ | ਸੰਗਤਾਂ ਸ਼ਬਦ ਕੀਰਤਨ ਦਾ ਗਾਇਨ ਕਰਦੀਆਂ ਹੋਈਆਂ ਨਗਰ ਕੀਰਤਨ ਦੇ ਨਾਲ-ਨਾਲ ਚੱਲ ਰਹੀਆਂ ਸਨ | ਇਸ ਤੋਂ ਪਹਿਲਾਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀਨਗਰ ਦੇ ਪ੍ਰਧਾਨ ਜਸਪਾਲ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਬਾਲੀ, ਜਸਬੀਰ ਸਿੰਘ, ਲਖਵਿੰਦਰ ਸਿੰਘ, ਹਰਪਾਲ ਸਿੰਘ, ਪਰਮਜੀਤ ਸਿੰਘ, ਦਰਬਾਰੀ ਸਿੰਘ, ਪਰਮਜੀਤ ਸਿੰਘ ਚੰਡੋਕ ਤੇ ਹੋਰਨਾਂ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਇਸ ਪਵਿੱਤਰ ਅਤੇ ਇਤਿਹਾਸਿਕ ਅਸਥਾਨ 'ਤੇ ਆਉਣ ਲਈ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਣਪ੍ਰੀਤ ਸਿੰਘ ਸੌਂਦ, ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂ ਚੱਕ, ਕੁਲਦੀਪ ਸਿੰਘ ਧਾਲੀਵਾਲ, ਬਾਬਾ ਬਲਬੀਰ ਸਿੰਘ ਸੀਚੇਵਾਲ, ਮਾਲਵਿੰਦਰ ਸਿੰਘ ਕੰਗ, ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ, ਬਾਬਾ ਫ਼ਤਿਹ ਸਿੰਘ ਤਰਨਾ ਦਲ ਦੇ ਮੁਖੀ ਬਾਬਾ ਗੁਰਦੇਵ ਸਿੰਘ ਬਜਵਾੜਾ ਹਰੀਆਂ ਵੇਲਾਂ ਵਾਲੇ ਅਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਸਮੇਤ ਸੰਤ ਮਹਾਂਪੁਰਸ਼ ਅਤੇ ਸ੍ਰੀਨਗਰ ਦੀ ਸੰਗਤ ਵੀ ਮÏਜੂਦ ਸੀ | ਦੱਸਣਯੋਗ ਹੈ ਕਿ ਇਸ ਨਗਰ ਕੀਰਤਨ ਤੋਂ ਪਹਿਲਾਂ ਮੰਗਲਵਾਰ ਸ਼ਾਮ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਬੁੱਧਵਾਰ ਸਵੇਰੇ ਆਰੰਭ ਹੋਇਆ ਇਹ ਨਗਰ ਕੀਰਤਨ ਸ੍ਰੀਨਗਰ ਤੇ ਜੰਮੂ ਦੀਆਂ ਸੁੰਦਰ ਵਾਦੀਆਂ ਅਤੇ ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਤੇ ਗੜ੍ਹਸ਼ੰਕਰ 'ਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ, ਜਦਕਿ ਇਸ ਦਾ ਪਹਿਲਾ ਪੜਾਅ 19 ਨਵੰਬਰ ਦੀ ਰਾਤ ਨੂੰ ਜੰਮੂ ਵਿਖੇ, 20 ਨਵੰਬਰ ਦੀ ਰਾਤ ਨੂੰ ਪਠਾਨਕੋਟ ਅਤੇ 21 ਨਵੰਬਰ ਦੀ ਰਾਤ ਨੂੰ ਹੁਸ਼ਿਆਰਪੁਰ ਵਿਖੇ ਹੋਵੇਗਾ |
ਸ੍ਰੀਨਗਰ ਤੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ <br/>
ਅਜੀਤ ਡੈਸਕ
20-11-2025