04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 23-12-2025
ਜਗਮੋਹਣ ਸਿੰਘ ਨਾਰੰਗ
ਸ੍ਰੀ ਚਮਕੌਰ ਸਾਹਿਬ, 22 ਦਸੰਬਰ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਅਤੇ ਚਮਕੌਰ ਦੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਤਿੰਨ ਦਿਨਾ ਸ਼ਹੀਦੀ ਸਮਾਗਮ ਦੇ ਅੱਜ ਆਖ਼ਰੀ ਦਿਨ ਵੱਡੀ ਗਿਣਤੀ 'ਚ ਸੰਗਤ ਨੇ ਇਥੋਂ ਦੇ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੁੰਦਿਆਂ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਅੱਜ ਅੰਤਲੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਪਾਠ ਦੇ ਭੋਗ ਤੋਂ ਬਾਅਦ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੀਤੀ ਗਈ | ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਤੇ ਜਥੇਦਾਰ ਅਜਮੇਰ ਸਿੰਘ ਖੇੜਾ ਵੀ ਮੌਜੂਦ ਸਨ | ਗਤਕਾ ਪਾਰਟੀਆਂ ਜੰਗਜੂ ਪ੍ਰਦਰਸ਼ਨ ਕਰਕੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ | ਉਨ੍ਹਾਂ ਪਿੱਛੇ ਅਕਾਲ ਅਕੈਡਮੀ ਕਮਾਲਪੁਰ ਅਤੇ ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀ ਅਤੇ ਕੀਰਤਨ ਕਰਦੀਆਂ ਸ਼ਬਦ ਚੌਂਕੀਆਂ ਸੇਵਕ ਜਥਾ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਪਟਿਆਲਾ ਅਤੇ ਸ੍ਰੀ ਫਤਹਿਗੜ੍ਹ ਸਾਹਿਬ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ, ਸ੍ਰੀ ਫਤਹਿਗੜ੍ਹ ਸਾਹਿਬ, ਬਸੀ ਪਠਾਣਾ, ਪਟਿਆਲਾ ਦੀਆਂ ਸੰਗਤਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸੁੁੰਦਰ ਪਾਲਕੀ ਅਲੌਕਿਕ ਨਜ਼ਾਰਾ ਪੇਸ਼ ਕਰ ਰਹੇ ਸਨ | ਨਗਰ ਕੀਰਤਨ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸ਼ਹੀਦੀ ਬੁਰਜ ਭਾਈ ਜੈਤਾ ਜੀ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਤਾੜੀ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤ ਗੜ੍ਹ ਸਾਹਿਬ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ 'ਚ ਪੁੱਜਾ, ਜਿਥੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਸੰਪੂਰਨ ਹੋਇਆ | ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ, ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ, ਕੁਲਦੀਪ ਸਿੰਘ ਕੰਗ (ਰਿਵਰਲੈਂਡ), ਭਾਈ ਨੱਥਾ ਸਿੰਘ, ਸਮਾਜ ਸੇਵੀ ਅਮਨਦੀਪ ਸਿੰਘ ਮਾਂਗਟ, ਬਲਦੇਵ ਸਿੰਘ ਹਾਫ਼ਿਜ਼ਾਬਾਦ, ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਪਰਗਟ ਸਿੰਘ ਰੋਲੂਮਾਜਰਾ, ਗੁਰਜੋਤ ਸਿੰਘ ਦਿਓਲ ਰੌਲੂਮਾਜਰਾ, ਭਾਈ ਨਰਿੰਦਰ ਸਿੰਘ ਸੋਲਖੀਆਂ, ਗੁਰਪੁਰਬ ਸੇਵਾ ਸੁਸਾਇਟੀ ਚਮਕੌਰ ਸਾਹਿਬ ਦੇ ਪ੍ਰਧਾਨ ਮਨੋਹਰ ਸਿੰਘ ਮੱਕੜ, ਅਮਰਜੀਤ ਸਿੰਘ ਢਿੱਲੋਂ, ਤੇਜਪਾਲ ਸਿੰਘ ਸਿੱਧੂ, ਭਾਈ ਰਵਿੰਦਰ ਸਿੰਘ, ਜਸਪਾਲ ਸਿੰਘ ਦਿਓਲ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਸ੍ਰੀ ਤਾੜੀ ਸਾਹਿਬ, ਸ੍ਰੀ ਸ਼ਹੀਦੀ ਬੁਰਜ ਭਾਈ ਜੈਤਾ ਜੀ, ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ, ਗੁਰਦੁਆਰਾ ਸ਼ਹੀਦੀ ਅਸਥਾਨ ਪਿਆਰੇ ਸਾਹਿਬ ਸਿੰਘ ਜੀ, ਸ੍ਰੀ ਹੇਮਕੁੰਟ ਸਾਹਿਬ ਲੰਗਰ ਅਸਥਾਨ ਯਾਦਗਾਰ ਸ਼ਹੀਦਾਂ ਮਾਣੇਮਾਜਰਾ (ਸ੍ਰੀ ਚਮਕੌਰ ਸਾਹਿਬ) ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਦੀਵਾਨ ਸਜਾਏ ਗਏ | ਨਗਰ ਕੀਰਤਨ ਦੇ ਸਮੁੱਚੇ ਰਸਤੇ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ | ਸਮਾਗਮ ਦੇ ਅਮਨ ਪੂਰਵਕ ਨੇਪਰੇ ਚਾੜ੍ਹਨ 'ਤੇ ਮੇਲਾ ਇੰਚਾਰਜ ਐਸ. ਡੀ. ਐਮ. ਅਮਰੀਕ ਸਿੰਘ ਸਿੱਧੂ, ਡੀ. ਐਸ. ਪੀ. ਮਨਜੀਤ ਸਿੰਘ ਔਲਖ, ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਸੰਬੰਧਾਂ ਨੂੰ ਮਜ਼ਬੂਤ ਕਰੇਗਾ ਮੁਕਤ ਵਪਾਰ ਸਮਝੌਤਾ <br/> ਅਗਲੀ ਖ਼ਬਰ ਨੈਸ਼ਨਲ ਹੇਰਾਲਡ ਮਾਮਲਾ-ਈ.ਡੀ. ਦੀ ਅਰਜ਼ੀ 'ਤੇ ਦਿੱਲੀ ਹਾਈ ਕੋਰਟ ਵਲੋਂ ਸੋਨੀਆ ਤੇ ਰਾਹੁਲ ਨੂੰ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।