ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਪਵਨ ਕੁਮਾਰ ਸ਼ਗੋਤਰਾ ਦੇ ਯੋਗ ਮਾਰਗ ਦਰਸ਼ਨ ਵਿਚ ਆਮ ਆਦਮੀ ਕਲੀਨਿਕ ਵਿਚ ਗਰਭ ਅਵਸਥਾ ਦੇਖਭਾਲ ਅਤੇ ਪਰਿਵਾਰ ਨਿਯੋਜਨ ਸੇਵਾਵਾਂ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਸਿਖਲਾਈ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਦਿੱਤੀ ਗਈ | ਇਸ ਸਿਖਲਾਈ 'ਚ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਸੀਮਾ ਗਰਗ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰਣਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀਨੀਅਰ ਗਾਇਨੀਕਾਲੋਜਿਸਟ ਡਾ: ਸਵਿਤਾ ਰਾਣਾ, ਗਾਇਨੀਕਾਲੋਜਿਸਟ ਡਾ: ਮਨਦੀਪ ਕੌਰ, ਐਪੀਡੀਮੋਲੋਜਿਸਟ ਡਾ: ਸ਼ੈਲੇਸ਼ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਡਾ: ਤਿ੍ਪਤਾ ਦੇਵੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੁਹੰਮਦ ਆਸਿਫ਼, ਜ਼ਿਲ੍ਹਾ ਕੋਲਡ ਚੇਨ ਅਫ਼ਸਰ ਪ੍ਰਦੀਪ ਕੁਮਾਰ, ਬੀ.ਈ.ਈ. ਅਮਨਦੀਪ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰ ਹਾਜ਼ਰ ਸੀ | ਇਸ ਮੌਕੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵਲੋਂ ਭੇਜਿਆ ਗਿਆ ਵਿਸ਼ੇਸ਼ ਸੁਨੇਹਾ ਸਭ ਨਾਲ ਸਾਂਝਾ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਕਿਹਾ ਕਿ ਇਸ ਸਿਖਲਾਈ ਦਾ ਉਦੇਸ਼ ਮੂਲ ਪੱਧਰ 'ਤੇ ਉੱਚ ਪੱਧਰੀ ਜੱਚਾ ਅਤੇ ਬੱਚਾ ਸਿਹਤ ਦੇਖਭਾਲ ਸੇਵਾਵਾਂ ਦੀ ਪਹੁੰਚ ਨੂੰ ਵਧਾਉਣਾ ਹੈ ਤਾਂ ਜੋ ਕੋਈ ਵੀ ਗੰਭੀਰ ਮਰੀਜ਼ ਮਾਂ ਬੱਚਾ ਸਿਹਤ ਸੇਵਾਵਾਂ ਅਤੇ ਦੇਖਭਾਲ ਤੋਂ ਵਾਂਝਾ ਨਾ ਰਹੇ | ਸਿਵਲ ਸਰਜਨ ਡਾ: ਪਵਨ ਕੁਮਾਰ ਸ਼ਗੋਤਰਾ ਨੇ ਕਿਹਾ ਕਿ ਇਹ ਸਿਖਲਾਈ ਸਾਰੇ ਮੈਡੀਕਲ ਅਫ਼ਸਰਾਂ ਲਈ ਬਹੁਤ ਲਾਹੇਵੰਦ ਹੋਵੇਗੀ | ਇਸ ਮੌਕੇ ਸਾਰੇ ਪ੍ਰਤੀਭਾਗੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |