ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ 2025 ਨੂੰ ਪੁਲਿਸ ਲਾਈਨ ਗਰਾਊਾਡ ਵਿਖੇ ਸਵੇਰੇ 7 ਤੋਂ 8 ਵਜੇ ਤੱਕ ਜ਼ਿਲ੍ਹਾ ਪੱਧਰ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਵੇਰੇ 6:30 ਤੋਂ 7 ਵਜੇ ਤੱਕ ਰਜਿਸਟਰੇਸ਼ਨ ਹੋਵੇਗੀ | ਉਨ੍ਹਾਂ ਸਮੂਹ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਸਮਾਗਮ ਦੇ ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਪ੍ਰਬੰਧਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਲਾਈਨ ਵਿਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟਰੇਨਰਾਂ ਵਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਆਪਣੇ ਨਾਲ ਸਬੰਧਿਤ ਤਿਆਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ | ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਪੀ.ਆਰ.ਟੀ.ਸੀ ਜਹਾਨ ਖੇਲਾਂ, ਬੀ.ਐਸ.ਐਫ ਕੈਂਪ ਖੜ੍ਹਕਾਂ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2025 ਨੂੰ ਸਵੇਰੇ 6.30 ਵਜੇ ਪੁਲਿਸ ਲਾਈਨ ਗਰਾਊਾਡ ਹੁਸ਼ਿਆਰਪੁਰ ਵਿਚ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ | ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਮੁੱਖ ਮੰਤਰੀ ਫ਼ੀਲਡ ਅਫ਼ਸਰ ਪਰਮਪ੍ਰੀਤ ਸਿੰਘ, ਐਸ.ਪੀ ਨਵਨੀਤ ਕੌਰ ਗਿੱਲ, ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ ਦੀ ਯੋਗਸ਼ਾਲਾ ਮਾਧਵੀ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲਾਂ-ਕਾਲਜਾਂ ਦੇ ਨੁਮਾਇੰਦੇ ਵੀ ਮੌਜੂਦ ਸਨ |