ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਨਸ਼ਿਆਂ ਦੀ ਪ੍ਰਭਾਵੀ ਰੋਕਥਾਮ ਲਈ ਗਠਿਤ 'ਐਨਕਾਰਡ' ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਅਤੇ ਇਸ ਦੇ ਮਾੜੇ ਪ੍ਰਭਾਵਾਂ ਦੀ ਸਮੀਖਿਆ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੱਸ਼ਟ ਕੀਤਾ ਕਿ ਨਸ਼ੇ ਦੀ ਸਮੱਸਿਆ ਦਾ ਹੱਲ ਆਪਸੀ ਤਾਲਮੇਲ ਅਤੇ ਨਿਰੰਤਰ ਯਤਨਾਂ ਰਾਹੀਂ ਹੀ ਸੰਭਵ ਹੈ | ਉਨ੍ਹਾਂ ਕਿਹਾ ਕਿ ਪੁਲਿਸ, ਸਿਹਤ, ਸਿੱਖਿਆ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਮਿਲ ਕੇ ਸਮਰਪਿਤ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਨਸ਼ੇ ਦੀ ਜੜ੍ਹ ਤੱਕ ਪਹੁੰਚ ਕੇ ਇਸ ਨੂੰ ਖ਼ਤਮ ਕੀਤਾ ਜਾ ਸਕੇ | ਉਨ੍ਹਾਂ ਹਦਾਇਤ ਕੀਤੀ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮਾਜ ਭਲਾਈ ਸੰਸਥਾਵਾਂ ਦੀ ਮਦਦ ਨਾਲ ਨਿਯਮਤ ਤੌਰ 'ਤੇ ਜਨਤਕ ਜਾਗਰੂਕਤਾ ਮੁਹਿੰਮਾਂ ਅਤੇ ਜਾਂਚ ਮੁਹਿੰਮਾਂ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਆਕਰਸ਼ਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਧਿਆਨ ਨਕਾਰਾਤਮਕ ਪ੍ਰਵਿਰਤੀਆਂ ਤੋਂ ਹਟ ਜਾਵੇ | ਇਸ ਦੇ ਨਾਲ ਹੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਬਣਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਉਹ ਨਸ਼ਿਆਂ ਦੀ ਵਿਕਰੀ 'ਤੇ ਸਖ਼ਤ ਨਜ਼ਰ ਰੱਖਣ ਅਤੇ ਨਿਯਮਤ ਤੌਰ 'ਤੇ ਜਾਂਚ ਕਰਨ ਤਾਂ ਜੋ ਨਸ਼ਿਆਂ ਦੀ ਸਪਲਾਈ ਨੂੰ ਰੋਕਿਆ ਜਾ ਸਕੇ | ਇਸ ਮੌਕੇ ਐਸ.ਪੀ ਮੇਜਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਗਾਤਾਰ ਕਾਰਵਾਈ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੌਟਸਪੌਟ ਇਲਾਕਿਆਂ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਮੁੱਖ ਮੰਤਰੀ ਫੀਲਡ ਅਫ਼ਸਰ ਪਰਮਪ੍ਰੀਤ ਸਿੰਘ, ਆਰ.ਟੀ.ਓ ਸੰਜੀਵ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕਰਨ ਕੰਮ-ਆਸ਼ਿਕਾ ਜੈਨ
ਨਸ਼ਿਆਂ ਦੀ ਪ੍ਰਭਾਵੀ ਰੋਕਥਾਮ ਲਈ ਗਠਿਤ 'ਐਨਕਾਰਡ' ਕਮੇਟੀ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ | ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਤੇ ਹੋਰ | <br/>
19-06-2025