ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੁਧਾਈ ਦੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਸੀ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਹ ਸਹੂਲਤ ਪ੍ਰਦਾਨ ਕੀਤੀ ਹੈ ਕਿ ਉਹ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ | ਉਨ੍ਹਾਂ ਮੀਟਿੰਗ ਦੌਰਾਨ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਨਾਲ ਸਬੰਧਿਤ ਪ੍ਰਕਿਰਿਆ ਵੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਹਰੇਕ ਪੋਲਿੰਗ ਸਟੇਸ਼ਨ ਜਾਂ ਵੋਟਰ ਸੂਚੀ ਦੇ ਭਾਗ ਲਈ ਇਕ ਬੀ.ਐਲ.ਏ ਨਿਯੁਕਤ ਕੀਤਾ ਜਾ ਸਕਦਾ ਹੈ, ਜੋ ਉਸ ਖੇਤਰ ਦਾ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਸ਼ੁੱਧ ਅਤੇ ਪਾਰਦਰਸ਼ੀ ਬਣਾਉਣ ਵਿਚ ਰਾਜਨੀਤਿਕ ਪਾਰਟੀਆਂ ਦੀ ਭੂਮਿਕਾ ਮਹੱਤਵਪੂਰਨ ਹੈ | ਇਸ ਮੌਕੇ ਤਹਿਸੀਲਦਾਰ (ਚੋਣਾਂ) ਸਰਬਜੀਤ ਸਿੰਘ, ਕਾਨੂੰਗੋ ਦੀਪਕ ਕੁਮਾਰ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ ਤੇ ਹੋਰ ਮੌਜੂਦ ਸਨ | 20 ਐਚ ਐਸ ਪੀ 13