ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਪੁਲਿਸ ਲਾਈਨ ਗਰਾਊਾਡ ਹੁਸ਼ਿਆਰਪੁਰ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ, 2025 ਨੂੰ ਜ਼ਿਲ੍ਹਾ ਪੱਧਰ 'ਤੇ ਪੁਲਿਸ ਲਾਈਨ ਗਰਾਊਾਡ ਵਿਖੇ ਸਵੇਰੇ 5 ਵਜੇ ਤੋਂ 7 ਵਜੇ ਤੱਕ ਮਨਾਇਆ ਜਾਵੇਗਾ | ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ | ਉਨ੍ਹਾਂ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰੋਗਰਾਮ ਲਈ ਸਮੁੱਚੇ ਪ੍ਰਬੰਧ ਯਕੀਨੀ ਬਣਾਉਣ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਲਾਈਨ ਵਿਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟਰੇਨਰਾਂ ਵੱਲੋਂ ਯੋਗਾ ਕਰਵਾਇਆ ਜਾਵੇਗਾ ਅਤੇ ਯੋਗ ਆਸਣਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਕੱਠ ਦੀਆਂ ਤਿਆਰੀਆਂ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ | ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਪਰਮਪ੍ਰੀਤ ਸਿੰਘ, ਡੀ.ਐਸ.ਪੀ ਮਨਪ੍ਰੀਤ ਸ਼ੀਮਾਰ, ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਪ੍ਰਦੀਪ ਸਿੰਘ, ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ ਯੋਗਸ਼ਾਲਾ ਮਾਧਵੀ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲਾਂ-ਕਾਲਜਾਂ ਦੇ ਨੁਮਾਇੰਦੇ ਮੌਜੂਦ ਸਨ |